ਅੰਮ੍ਰਿਤਸਰ/ਸੁਲਤਾਨਪੁਰ ਲੋਧੀ— (ਦੀਪਕ ਸ਼ਰਮਾ)— 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਆਰੰਭੇ 13 ਦਿਨਾਂ ਕੌਮਾਂਤਰੀ ਸਮਾਗਮਾਂ ਦੇ ਦੂਜੇ ਦਿਨ ਅੱਜ 15 ਹਜ਼ਾਰ ਸਹਿਜ ਪਾਠਾਂ ਦੇ ਭੋਗ ਪਾਏ ਗਏ। ਇਹ ਸਹਿਜ ਪਾਠ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖਸ ਹੈਲਪਿੰਗ ਸਿੱਖ ਸੰਸਥਾ ਦੇ ਸਹਿਯੋਗ ਨਾਲ ਪੰਜਾਬ ਸਣੇ ਹੋਰਨਾਂ ਸੂਬਿਆਂ ਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਪ੍ਰੇਰਨਾ ਦੇ ਕੇ ਆਰੰਭ ਕਰਵਾਏ ਗਏ ਸਨ। ਅੱਜ ਸਵੇਰੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਹੋਏ ਗੁਰਮਤਿ ਸਮਾਗਮ ਦੌਰਾਨ ਪੰਜਾਬ ਅਤੇ ਬਾਹਰਲੇ ਸੂਬਿਆਂ ਤੋਂ ਵੱਡੀ ਗਿਣਤੀ 'ਚ ਸਹਿਜ ਪਾਠ ਕਰਨ ਵਾਲੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਪਹੁੰਚੀਆਂ ਹੋਈਆਂ ਸਨ। ਵਿੱਲਖਣਤਾ ਇਹ ਸੀ ਕਿ ਸਾਰੀਆਂ ਸੰਗਤਾਂ ਨੇ ਪੀਲੀਆਂ ਦਸਤਾਰਾਂ ਅਤੇ ਦੁਪੱਟੇ ਅਤੇ ਚਿੱਟੇ ਪਹਿਰਾਵੇ ਪਹਿਨੇ ਹੋਏ ਸਨ। ਇਸ ਸਮਾਗਮ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਤਖਤ ਸ੍ਰੀ ਕੇਸਗੜ•ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਬੀਬੀ ਓਪਿੰਦਰਜੀਤ ਕੌਰ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਵਿਸ਼ੇਸ਼ ਤੌਰ 'ਤੇ ਪੁੱਜੀਆਂ ਹੋਈਆਂ ਸਨ।
ਇਸ ਮੌਕੇ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਸੀਂ ਵਡਭਾਗੇ ਹਾਂ, ਕਿਉਂਕਿ ਸਾਡੇ ਜੀਵਨ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦਾ ਇਤਿਹਾਸਕ ਮੌਕਾ ਆਇਆ ਹੈ। ਇਸ ਮੌਕੇ ਵੱਖ-ਵੱਖ ਸਮਾਗਮਾਂ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ 'ਚ ਵੱਧ ਤੋਂ ਵੱਧ ਗੁਰੂ ਨਾਨਕ ਨਾਮ ਲੇਵਾ ਦੀ ਸ਼ਮੂਲੀਅਤ ਕਰਵਾਉਣ ਲਈ ਪੰਜਾਬ ਅਤੇ ਬਾਹਰਲੇ ਸੂਬਿਆਂ 'ਚ ਧਰਮ ਪ੍ਰਚਾਰਕਾਂ ਰਾਹੀਂ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਦੀਆਂ ਸੰਗਤਾਂ ਨੂੰ ਪ੍ਰੇਰ ਕੇ ਸਹਿਜ ਪਾਠ ਆਰੰਭ ਕਰਵਾਏ ਗਏ ਸਨ। ਖੁਸ਼ੀ ਦੀ ਗੱਲ ਹੈ ਕਿ ਇਸ 'ਚ ਸੰਗਤਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੀ ਗੁਰਬਾਣੀ ਨਾਲ ਜੋੜਨ।
ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਹਿਜ ਪਾਠ ਕਰਨ ਵਾਲੀਆਂ ਸੰਗਤਾਂ ਨੂੰ ਵਧਾਈ ਦਿੰਦੇ ਗੁਰਬਾਣੀ ਦੇ ਉਪਦੇਸ਼ਾਂ ਅਨੁਸਾਰ ਜੀਵਨ ਜਿਉਣ ਦੀ ਪ੍ਰੇਰਣਾ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਿਛਲੇ ਸਮੇਂ ਦੌਰਾਨ ਸੰਗਤਾਂ 'ਚ ਸਹਿਜ ਪਾਠ ਕਰਨ ਸਬੰਧੀ ਪ੍ਰੇਰਨਾ ਲਹਿਰਾਂ ਚਲਾਉਣ ਵਾਲੀਆਂ ਸੰਸਥਾਵਾਂ, ਜਥੇਬੰਦੀਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਜਸਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸ਼ਿੰਗਾਰਾ ਸਿੰਘ ਲੋਹੀਆਂ, ਸ. ਕੁਲਵੰਤ ਸਿੰਘ ਮੰਨਣ, ਜਥੇਦਾਰ ਸਵਰਨ ਸਿੰਘ ਕੁਲਾਰ, ਸ. ਬਲਦੇਵ ਸਿੰਘ ਕਲਿਆਣ, ਸ. ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਸ. ਅਮਰੀਕ ਸਿੰਘ ਕੋਟ ਸ਼ਮੀਰ, ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਸੁਲੱਖਣ ਸਿੰਘ ਭੰਗਾਲੀ, ਸ. ਹਰਜੀਤ ਸਿੰਘ ਲਾਲੂ ਘੁੰਮਣ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਮੇਜਰ ਸਿੰਘ, ਸਿੱਖਸ ਹੈਲਪਿੰਗ ਸਿੱਖ ਸੰਸਥਾ ਵੱਲੋਂ ਸ. ਜਤਿੰਦਰ ਸਿੰਘ ਆਸਟਰੇਲੀਆ, ਸ. ਚਰਨਜੀਤ ਸਿੰਘ ਵਾਲੀਆ, ਸ. ਦਿਲਬਾਗ ਸਿੰਘ, ਸ. ਸਤਨਾਮ ਸਿੰਘ ਸੱਲੋਪੁਰੀ, ਮੁੱਖ ਪ੍ਰਚਾਰਕ ਸ. ਜਗਦੇਵ ਸਿੰਘ, ਪ੍ਰਚਾਰਕ ਸ. ਹਰਜੀਤ ਸਿੰਘ ਸੁਲਤਾਨਪੁਰ ਲੋਧੀ, ਸ. ਸਰਬਜੀਤ ਸਿੰਘ ਲੁਧਿਆਣਾ, ਸ. ਸਿਮਰਜੀਤ ਸਿੰਘ ਅਤੇ ਬੀਬੀ ਤਰਲੋਚਨ ਕੌਰ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਸੀ।
ਅੰਤਰਰਾਸ਼ਟਰੀ ਨਗਰ ਕੀਰਤਨ ਤਰਨਤਾਰਨ ਤੋਂ ਬਾਬਾ ਬਕਾਲਾ ਲਈ ਰਵਾਨਾ
NEXT STORY