ਬਠਿੰਡਾ, (ਸੁਖਵਿੰਦਰ)— ਮਹਾਰਾਸ਼ਟਰ 'ਚ ਸ੍ਰੀ ਹਜ਼ੂਰ ਸਾਹਿਬ 'ਚ ਫਸੇ ਪੰਜਾਬ ਦੇ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਜਿੱਥੇ ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਹੀ 80 ਬੱਸਾਂ ਨੂੰ ਰਵਾਨਾ ਕੀਤਾ ਗਿਆ ਸੀ, ਉਥੇ ਹੀ ਹੁਣ ਪਤਾ ਲੱਗਿਆ ਹੈ ਕਿ ਮਹਾਰਾਸ਼ਟਰ ਦੇ ਕੁਝ ਹੋਰ ਗੁਰਦੁਆਰਿਆਂ 'ਚ ਵੀ ਪੰਜਾਬ ਦੇ ਲੋਕ ਫਸੇ ਹੋਏ ਹਨ। ਮਹਾਰਾਸ਼ਟਰ ਦੇ ਜ਼ਿਲ੍ਹਾ ਮਨਮਾੜ ਦੇ ਗੁਰਦੁਆਰਾ ਗੁਪਤਸਰ ਸਾਹਿਬ 'ਚ ਫਸੇ ਪੰਜਾਬ ਦੇ ਲਗਭਗ 80-90 ਸ਼ਰਧਾਲੂਆਂ ਵਲੋਂ ਇਕ ਵੀਡਿਓ ਜਾਰੀ ਕਰਦਿਆਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਦਦ ਦੀ ਗੁਹਾਰ ਲਾਈ ਹੈ। ਇਨ੍ਹਾਂ 'ਚ ਬਠਿੰਡਾ ਜ਼ਿਲ੍ਹੇ ਦੇ ਲਗਭਗ 7 ਸ਼ਰਧਾਲੂ ਵੀ ਸ਼ਾਮਲ ਹਨ।
ਮਹਾਰਾਸ਼ਟਰ ਦੇ ਗੁਰਦੁਆਰਾ ਗੁਪਤਸਰ ਸਾਹਿਬ ਤੋਂ ਵੀਡਿਓ ਰਾਹੀਂ ਜਾਣਕਾਰੀ ਦਿੰਦਿਆਂ ਸੰਦੀਪ ਸਿੰਘ ਵਾਸੀ ਪਿੰਡ ਸੇਰਗੜ੍ਹ (ਬਠਿੰਡਾ) ਨੇ ਦੱਸਿਆ ਕਿ ਉਹ 21 ਮਾਰਚ ਨੂੰ ਸ਼ਰਧਾਲੂਆਂ ਦੇ ਜਥੇ ਨਾਲ ਗੁਰਦੁਆਰਾ ਗੁਪਤਸਰ ਸਾਹਿਬ, ਮਨਮਾੜ, ਮਹਾਰਾਸ਼ਟਰ ਪਹੁੰਚੇ ਸਨ, ਜਿੱਥੋਂ ਉਨ੍ਹਾਂ ਨੇ 23 ਮਾਰਚ ਨੂੰ ਰੇਲ ਗੱਡੀ ਰਾਹੀਂ ਵਾਪਸ ਪੰਜਾਬ ਆਉਣਾ ਸੀ। ਪਰ ਉਸ ਤੋਂ ਪਹਿਲਾਂ 22 ਮਾਰਚ ਨੂੰ ਹੀ ਕੋਰੋਨਾ ਵਾਇਰਸ ਕਾਰਨ ਲਾਕਡਾਊਨ ਹੋ ਗਿਆ ਤੇ ਰੇਲ ਗੱਡੀਆਂ ਰੱਦ ਹੋ ਗਈਆਂ। ਇਸ ਤੋਂ ਬਾਅਦ ਉਹ ਉਕਤ ਗੁਰਦੁਆਰਾ ਸਾਹਿਬ ਵਿਖੇ ਹੀ ਫਸੇ ਹੋਏ ਹਨ। ਸੰਦੀਪ ਸਿੰਘ ਨੇ ਦੱਸਿਆ ਕਿ ਉਕਤ ਗੁਰਦੁਆਰਾ ਸਾਹਿਬ 'ਚ ਪੰਜਾਬ ਦੇ ਲਗਭਗ 90 ਸ਼ਰਧਾਲੂ ਮੌਜੂਦ ਹਨ, ਜਿੰਨ੍ਹਾਂ 'ਚ ਔਰਤਾਂ, ਬੱਚੇ ਅਤੇ ਬਜ਼ੁਰਗ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਮਨਮਾੜ ਦੇ ਡਿਪਟੀ ਕਮਿਸ਼ਨਰ ਨਾਲ ਵੀ ਗੱਲਬਾਤ ਕਰ ਚੁੱਕੇ ਹਨ ਪਰ ਅਜੇ ਤਕ ਉਨ੍ਹਾਂ ਨੂੰ ਪੰਜਾਬ ਭੇਜਣ ਲਈ ਪ੍ਰਸ਼ਾਸਨ ਵਲੋਂ ਕੋਈ ਪ੍ਰਬੰਧ ਨਹੀਂ ਕੀਤੇ ਗਏ। ਸੰਦੀਪ ਸਿੰਘ ਨੇ ਪੰਜਾਬ ਸਰਕਾਰ ਅਤੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਹਜ਼ੂਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਲੈਣ ਲਈ ਗਈਆਂ ਬੱਸਾਂ ਰਾਹੀਂ ਉਨ੍ਹਾਂ ਨੂੰ ਵੀ ਵਾਪਸ ਪੰਜਾਬ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਘਰ ਆ ਸਕਣ।
ਕੈਪਟਨ ਦਾ ਗ੍ਰਹਿ ਜ਼ਿਲ੍ਹਾ ਬਣਿਆ ਹੌਟਸਪਾਟ, ਸ਼ਹਿ ਪ੍ਰਾਪਤ ਗੈਰ-ਸਮਾਜਿਕ ਅਨਸਰਾਂ ਦੀ ਹੋਵੇ ਜਾਂਚ: ਸੁਭਾਸ਼ ਸ਼ਰਮਾ
NEXT STORY