ਚੰਡੀਗੜ੍ਹ : ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਤੇ ਇਕਜੁੱਟਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੀੜਤ ਪਰਿਵਾਰ ਨੂੰ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਦੇਣ ਦੇ ਨਾਲ-ਨਾਲ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਸਰਕਾਰ ਵਲੋਂ ਕਿਸਾਨ ਅੰਦੋਲਨ ਨਾਲ ਜੁੜੇ ਅਕਾਊਂਟ ਬੰਦ ਕਰਨ ਦਾ ਆਦੇਸ਼
ਮੁੱਖ ਮੰਤਰੀ ਨੇ ਹਰਿਆਣਾ ਦੀ ਸਰਹੱਦ ਉਤੇ ਚੱਲ ਰਹੇ ਪ੍ਰਦਰਸ਼ਨ ਦੌਰਾਨ ਮਾਰੇ ਗਏ ਇਸ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੁਹਰਾਇਆ ਕਿ ਦੁੱਖ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ ਅਤੇ ਪਰਿਵਾਰ ਨੂੰ ਦਿੱਕਤਾਂ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਪਰਿਵਾਰ ਦੀ ਆਰਥਿਕ ਤੇ ਸਮਾਜਿਕ ਦੋਵਾਂ ਫਰੰਟਾਂ ਉਤੇ ਪੂਰੀ ਮਦਦ ਕਰਨ ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਬਾਂਹ ਫੜਨਾ ਸੂਬਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਸ਼ੁੱਭਕਰਨ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਸੂਬਾ ਸਰਕਾਰ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਜਦੋਂ ਉਹ ਮਹਿਜ਼ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰ ਰਿਹਾ ਸੀ ਤਾਂ ਉਸ ਨੂੰ ‘ਨਫ਼ਰਤ ਭਰੇ ਲਹਿਜ਼ੇ ਨਾਲ ਚਲਾਈ ਗੋਲੀ’ ਦਾ ਸ਼ਿਕਾਰ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਜੁਰਮ ਲਈ ਜ਼ਿੰਮੇਵਾਰੀ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਨਰਮੀ ਦੇ ਹੱਕਦਾਰ ਨਹੀਂ ਹਨ ਅਤੇ ਉਨ੍ਹਾਂ ਨੂੰ ਆਪਣੇ ਗੁਨਾਹ ਦੀ ਢੁਕਵੀਂ ਸਜ਼ਾ ਮਿਲੇਗੀ।
ਇਹ ਵੀ ਪੜ੍ਹੋ : ‘ਨਹੀਂ ਹੋ ਸਕਿਆ ਸ਼ੁਭਕਰਨ ਦਾ ਸਸਕਾਰ, ਮਾਰਨ ਵਾਲੇ ਹਰਿਆਣਾ ਦੇ ਅਧਿਕਾਰੀਆਂ ’ਤੇ ਦਰਜ ਹੋਵੇ 302 ਦਾ ਕੇਸ'
ਮੁੱਖ ਮੰਤਰੀ ਨੇ ਕਿਹਾ ਕਿ ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਬੰਦਿਆਂ ਖ਼ਿਲਾਫ਼ ਜਾਂਚ ਮਗਰੋਂ ਐਫ.ਆਈ.ਆਰ. ਦਰਜ ਹੋਵੇਗੀ ਅਤੇ ਉਨ੍ਹਾਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਵੀ ਪੰਜਾਬ ਦੇ ਅੰਨਦਾਤੇ ਨਾਲ ਖੜ੍ਹੀ ਹੈ, ਜਿਨ੍ਹਾਂ ਦੇ ਰਾਹ ਵਿੱਚ ਪੰਜਾਬ ਵਿਰੋਧੀ ਤਾਕਤਾਂ ਅੜਿੱਕੇ ਖੜ੍ਹੇ ਕਰ ਰਹੀਆਂ ਹਨ ਤਾਂ ਕਿ ਉਹ ਆਪਣੀਆਂ ਜਾਇਜ਼ ਮੰਗਾਂ ਮੰਨਵਾਉਣ ਲਈ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਵਾਸਤੇ ਕੌਮੀ ਰਾਜਧਾਨੀ ਵਿੱਚ ਨਾ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ, ਦੇਸ਼ ਨੂੰ ਅਨਾਜ ਪੱਖੋਂ ਆਤਮ-ਨਿਰਭਰ ਬਣਾਉਣ ਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਲਾਮਿਸਾਲ ਯੋਗਦਾਨ ਦਿੱਤਾ ਪਰ ਇਸ ਦੇ ਬਾਵਜੂਦ ਪੰਜਾਬੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਸਰਾਸਰ ਬੇਇਨਸਾਫ਼ੀ ਤੇ ਧੱਕੇਸ਼ਾਹੀ ਹੈ।
21 ਸਾਲਾਂ ਨੌਜਵਾਨ ਸ਼ੁਭਕਰਨ ਸਿੰਘ ਦੀ ਹੋਈ ਮੌਤ
ਖਨੌਰੀ ਬਾਰਡਰ ’ਤੇ ਬਠਿੰਡੇ ਦੇ 21 ਸਾਲਾਂ ਨੌਜਵਾਨ ਸ਼ੁਭਕਰਨ ਸਿੰਘ ਦੀ ਹੋਈ ਮੌਤ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੀ ਕਿਸਾਨ ਭਵਨ ਚੰਡੀਗੜ੍ਹ ਵਿੱਚ ਇੱਕ ਲੰਬੀ ਮੀਟਿੰਗ ਹੋਈ। ਇਸ ਮੀਟਿੰਗ ਤੋਂ ਪਹਿਲਾਂ ਸਮੂਹ ਕਿਸਾਨ ਆਗੂਆਂ ਨੇ 2 ਮਿੰਟ ਦਾ ਮੌਨ ਰੱਖ ਕੇ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ। ਮੀਟਿੰਗ ਵਿੱਚ ਪੂਰੇ ਭਾਰਤ ਤੋਂ ਕਿਸਾਨਾਂ ਦੀਆਂ ਵੱਖ-ਵੱਖ ਜਥੇਬੰਦੀਆਂ ਪਹੁੰਚੀਆਂ ਹੋਈਆਂ ਸਨ। ਕਿਸਾਨਾਂ ਦੀਆਂ ਸਮੂਹ ਜਥੇਬੰਦੀਆਂ ਨੇ ਖਨੌਰੀ ਵਿਖੇ ਵਾਪਰੀ ਘਟਨਾ ਨੂੰ ਹਰਿਆਣਾ ਸਰਕਾਰ ਵੱਲੋਂ ਕੀਤਾ ਜਬਰ ਕਰਾਰ ਦਿੰਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਗ੍ਰਹਿ ਮੰਤਰੀ ਅਨਿਲ ਵਿਜ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਮੀਟਿੰਗ ਵਿੱਚ ਡਾਕਟਰ ਦਰਸ਼ਨ ਪਾਲ, ਰਾਕੇਸ਼ ਟਿਕੈਤ ਬਲਬੀਰ ਸਿੰਘ ਰਾਜੇਵਾਲ, ਰੁਲਦੂ ਸਿੰਘ ਮਾਨਸਾ ਹਰਿੰਦਰ ਸਿੰਘ ਲੱਖੋਵਾਲ, ਐਡਵੋਕੇਟ ਪ੍ਰੇਮ ਸਿੰਘ ਭੰਗੂ, ਜੋਗਿੰਦਰ ਸਿੰਘ ਉਗਰਾਹਾਂ, ਸੱਤਿਆਵਾਨ, ਰਵਿੰਦਰ ਪਟਿਆਲਾ, ਯੁੱਧਵੀਰ ਆਦਿ ਕਿਸਾਨ ਆਗੂ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ।
ਸੰਯੁਕਤ ਕਿਸਾਨ ਮੋਰਚਾ ਦੇ ਸਮੂਹ ਕਿਸਾਨ ਆਗੂਆਂ ਨੇ ਮੀਟਿੰਗ ਦੌਰਾਨ 23 ਫਰਵਰੀ ਦਾ ਦਿਨ ਕਾਲੇ ਦਿਨ ਵਜੋਂ ਮਨਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਗ੍ਰਹਿ ਮੰਤਰੀ ਅਨਿਲ ਵਿਜ ਸਣੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੇਸ਼ ਭਰ ਵਿਚ ਪੁਤਲੇ ਫੂਕੇ ਜਾਣਗੇ।
ਸ਼ਹੀਦ ਨੌਜਵਾਨ ਸ਼ੁਭਕਰਨ ਸਿੰਘ ਸੀ ਪਰਿਵਾਰ ਦਾ ਸਹਾਰਾ
ਜਾਣਕਾਰੀ ਮੁਤਾਬਕ " ਸ਼ੁਭਕਰਨ ਸਿੰਘ ਤਿੰਨ ਭੈਣਾਂ ਦੀ ਇਕਲੌਤਾ ਭਰਾ ਸੀ ਅਤੇ ਬਚਪਨ ਵਿਚ ਹੀ ਉਸ ਦੀ ਮਾਂ ਮਰ ਗਈ ਸੀ ਅਤੇ ਦਾਦੀ ਨੇ ਬੜੀ ਮੁਸ਼ਕਿਲ ਨਾਲ ਇਸ ਨੂੰ ਪਾਲਿਆ ਸੀ। ਪਹਿਲਾਂ ਸ਼ੁਭਕਰਨ ਦੀ ਮਾਂ ਅਤੇ ਫਿਰ ਦਾਦਾ ਇਸ ਜਹਾਨ ਤੋਂ ਕੂਚ ਕਰ ਗਏ।" "ਸ਼ੁਭਕਰਨ ਦੇ ਜਵਾਨ ਹੋਣ ਉੱਪਰ ਘਰ ਨੂੰ ਸਾਂਭਣ ਦੀ ਆਸ ਬੱਝੀ ਸੀ, ਜਿਹੜੀ ਹੁਣ ਸਿਵਿਆਂ ਦੀ ਰਾਖ ਵਿੱਚ ਬਦਲ ਜਾਣੀ ਹੈ। ਘਰ ਵਿੱਚ ਸ਼ੁਭਕਰਨ ਦਾ ਪਿਤਾ ਅਤੇ ਉਸ ਦੀ ਛੋਟੀ ਭੈਣ ਹੀ ਰਹਿ ਗਏ ਹਨ।" ਪਿੰਡ ਦੇ ਲੋਕਾਂ ਨੇ ਦੱਸਿਆ ਕਿ ਉਸ ਨੇ ਸਾਲ 2020 ਦੌਰਾਨ ਦਿੱਲੀ ਵਿੱਚ ਲੱਗੇ ਕਿਸਾਨ ਮੋਰਚੇ ਵਿੱਚ ਵੀ ਹਿੱਸਾ ਲਿਆ ਸੀ। ਸ਼ੁਭਕਰਨ ਸਿੰਘ ਦਸਵੀਂ ਪਾਸ ਸੀ ਅਤੇ ਇਸ ਵੇਲੇ ਉਹ ਆਪਣੀ 2 ਏਕੜ ਜਮੀਨ ਵਿੱਚ ਖੇਤੀ ਕਰ ਰਿਹਾ ਸੀ।
ਇਹ ਵੀ ਪੜ੍ਹੋ : ਜਾਪਾਨ 'ਚ ਟੁੱਟਿਆ 35 ਸਾਲ ਪੁਰਾਣਾ ਰਿਕਾਰਡ, ਚੀਨ ਤੇ ਜਰਮਨੀ ਲਈ ਖਤਰੇ ਦੀ ਘੰਟੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
‘ਨਹੀਂ ਹੋ ਸਕਿਆ ਸ਼ੁਭਕਰਨ ਦਾ ਸਸਕਾਰ, ਮਾਰਨ ਵਾਲੇ ਹਰਿਆਣਾ ਦੇ ਅਧਿਕਾਰੀਆਂ ’ਤੇ ਦਰਜ ਹੋਵੇ 302 ਦਾ ਕੇਸ'
NEXT STORY