ਪਟਿਆਲਾ (ਬਿਊਰੋ) : ਸੂਬੇ ਦੇ ਲੋਕਾਂ ਖ਼ਾਸ ਕਰਕੇ ਮਾਲਵੇ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਥੋਂ ਦੇ ਰਾਜਿੰਦਰਾ ਹਸਪਤਾਲ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਐਮਰਜੈਂਸੀ ਦਾ ਉਦਘਾਟਨ ਕੀਤਾ, ਜਿਸ ਨਾਲ ਲੋਕਾਂ ਨੂੰ ਸਮੇਂ ਸਿਰ ਹੰਗਾਮੀ ਸੇਵਾਵਾਂ ਮੁਹੱਈਆ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾ ਸਕੇਗਾ। ਐਮਰਜੈਂਸੀ ਦੇ ਨਵੀਨੀਕਰਨ ਦੇ ਉਦਘਾਟਨ ਤੋਂ ਬਾਅਦ ਮੁੱਖ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਕਿਹਾ ਕਿ ਮਾਲਵੇ ਦੇ ਲੋਕ ਵੱਡੀ ਗਿਣਤੀ ’ਚ ਇਲਾਜ ਕਰਵਾਉਣ ਲਈ ਰਾਜਿੰਦਰਾ ਹਸਪਤਾਲ ਵਿਚ ਆਉਂਦੇ ਹਨ ਤੇ ਇਥੋਂ ਤੱਕ ਕਿ ਗੰਗਾਨਗਰ ਤੋਂ ਵੀ ਮਰੀਜ਼ ਇੱਥੇ ਇਲਾਜ ਲਈ ਆਉਂਦੇ ਹਨ, ਜਿਸ ਕਰਕੇ ਸਰਕਾਰ ਵੱਲੋਂ ਇਸ ਹਸਪਤਾਲ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ : ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ
ਇਸ ਮੌਕੇ ਉਨ੍ਹਾਂ ਦੇ ਨਾਲ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾਕਟਰ ਬਲਬੀਰ ਸਿੰਘ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਹਰਮੀਤ ਸਿੰਘ ਪਠਾਣਮਾਜਰਾ ਵੀ ਮੌਜੂਦ ਸਨ। ਹਾਦਸੇ ਦੇ ਸ਼ਿਕਾਰ ਲੋਕਾਂ ਨੂੰ ਫੌਰੀ ਇਲਾਜ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਨੇ ਦੱਸਿਆ ਕਿ ਰਾਜਿੰਦਰਾ ਹਸਪਤਾਲ ਵਿਖੇ 68.74 ਕਰੋੜ ਰੁਪਏ ਦੀ ਲਾਗਤ ਨਾਲ ਟਰੌਮਾ ਸੈਂਟਰ ਦੀ ਸਥਾਪਨਾ ਕੀਤੀ ਜਾਵੇਗੀ, ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਐਕਸੀਡੈਂਟ ਕੇਸਾਂ ਦੇ ਮਰੀਜ਼ ਨੂੰ ਇਲਾਜ ਲਈ ਪੀ. ਜੀ. ਆਈ. ਲਈ ਰੈਫਰ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਟਰੌਮਾ ਸੈਂਟਰ ਬਣਨ ਨਾਲ ਲੋਕਾਂ ਦੇ ਸਮੇਂ ਦੀ ਬੱਚਤ ਹੋਵੇਗੀ ਅਤੇ ਪੀ. ਜੀ. ਆਈ. ਉਤੇ ਵੀ ਬੋਝ ਘਟੇਗਾ।
ਮੁੱਖ ਮੰਤਰੀ ਨੇ ਦੱਸਿਆ ਕਿ ਐਮਰਜੈਂਸੀ ਵਾਰਡ ਵਿਚ ਬੈੱਡਾਂ ਦੀ ਸਮਰੱਥਾ ਦੁੱਗਣੀ ਕਰ ਦਿੱਤੀ ਗਈ ਹੈ, ਜੋ ਹੁਣ 50 ਬੈੱਡਾਂ ਤੋਂ ਵਧਾ ਕੇ 100 ਬੈੱਡ ਕਰ ਦਿੱਤੇ ਗਏ ਹਨ, ਜਿਸ ਨਾਲ ਲੋਕਾਂ ਨੂੰ ਐਮਰਜੈਂਸੀ ਸਿਹਤ ਸਹੂਲਤਾਂ ਦੇਣ ਵਿਚ ਦੇਰੀ ਖ਼ਤਮ ਹੋਵੇਗੀ। ਉਨ੍ਹਾਂ ਕਿਹਾ ਕਿ ਮਰੀਜ਼ਾਂ ਲਈ ਲੋੜੀਂਦੇ ਟੈਸਟ ਵੀ ਹੁਣ ਐਮਰਜੈਂਸੀ ਵਿਚ ਹੀ ਹੋ ਜਾਇਆ ਕਰਨਗੇ ਤੇ ਇਸ ਨਾਲ ਮਰੀਜ਼ ਦਾ ਸਮੇਂ ਸਿਰ ਇਲਾਜ ਵੀ ਸ਼ੁਰੂ ਕੀਤਾ ਜਾ ਸਕੇਗਾ।
ਇਹ ਖ਼ਬਰ ਵੀ ਪੜ੍ਹੋ : 8ਵੀਂ ਦੇ ਨਤੀਜੇ : ਟਾਪਰ ਲਵਪ੍ਰੀਤ ਤੇ ਦੂਜਾ ਸਥਾਨ ਹਾਸਲ ਕਰਨ ਵਾਲੀ ਗੁਰਅੰਕਿਤ ਭਰਨਾ ਚਾਹੁੰਦੀਆਂ ਉੱਚੀ ਪਰਵਾਜ਼
ਮੁੱਖ ਮੰਤਰੀ ਨੇ ਦੱਸਿਆ ਕਿ ਐਮਰਜੈਂਸੀ ਲਈ ਵਿਸ਼ੇਸ਼ ਤੌਰ ’ਤੇ 40 ਨਵੇਂ ਮੁਲਾਜ਼ਮ ਵੀ ਭਰਤੀ ਕੀਤੇ ਗਏ ਹਨ, ਜੋ ਸਿਰਫ ਐਮਰਜੈਂਸੀ ਵਾਰਡ ਵਿਚ ਹੀ ਡਿਊਟੀ ਨਿਭਾਉਣਗੇ। ਰਾਜਿੰਦਰਾ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਹੋਰ ਵੀ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਨ੍ਹਾਂ ਵਿਚ ਐਡਵਾਂਸਡ ਆਈ. ਸੀ. ਯੂ. ਲਈ 17 ਬੈੱਡ, ਆਪ੍ਰੇਸ਼ਨ ਥੀਏਟਰ ਨਾਲ ਜੁੜੀ ਐਮਰਜੈਂਸੀ ਲਈ ਚਾਰ ਆਪ੍ਰੇਸ਼ਨ ਥੀਏਟਰ, ਸਰਜੀਕਲ ਐੱਚ. ਡੀ. ਯੂ. ਲਈ 10 ਬੈੱਡ ਨਵੇਂ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ 50 ਲੋਕਾਂ ਲਈ ਉਡੀਕ ਖੇਤਰ ਅਤੇ ਆਧੁਨਿਕ ਮੈਡੀਕਲ ਸਾਜ਼ੋ-ਸਾਮਾਨ ਸਥਾਪਿਤ ਕੀਤਾ ਗਿਆ ਹੈ। ਪੰਜਾਬੀਆਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਸਰਕਾਰ ਦੀ ਜ਼ਿੰਮੇਵਾਰੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਸ਼ਿੱਦਤ ਨਾਲ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ’ਚ ਖਾਲੀ ਪਈਆਂ ਆਸਾਮੀਆਂ ਭਰਨ ਲਈ ਵੱਡੇ ਪੱਧਰ ਉਤੇ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।
ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਦਾ ਇਕੋ-ਇਕ ਮਕਸਦ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ 500 ਤੋਂ ਵੱਧ ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਸਿਹਤ ਤੇ ਜਾਂਚ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਕਲੀਨਿਕ ਵੀ ਖੋਲ੍ਹੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਸੰਸਥਾਵਾਂ ਵਿਚ ਸਾਫ਼-ਸਫ਼ਾਈ ਦਾ ਵੀ ਪੂਰਾ ਧਿਆਨ ਰੱਖਿਆ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਨੇ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਹਸਪਤਾਲ ਵਿਚ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ। ਭਗਵੰਤ ਮਾਨ ਨੇ ਡਾਕਟਰਾਂ ਤੇ ਪੈਰਾ-ਮੈਡੀਕਲ ਸਟਾਫ ਨਾਲ ਵੀ ਵਿਸਥਾਰ ਵਿਚ ਗੱਲਬਾਤ ਕਰਕੇ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੌਜੂਦਾ ਸਰਕਾਰੀ ਹਸਪਤਾਲਾਂ ਨੂੰ ਨਵੀਨਤਮ ਸਹੂਲਤਾਂ ਨਾਲ ਲੈਸ ਕਰਨ ਦੇ ਨਾਲ-ਨਾਲ ਨਵੇਂ ਹਸਪਤਾਲ ਖੋਲ੍ਹਣ 'ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਰਾਜਿੰਦਰਾ ਮੈਡੀਕਲ ਕਾਲਜ ਤੇ ਹਸਪਤਾਲ ਲਈ 196.81 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟਾਂ ਦੀ ਵੀ ਐਲਾਨ ਕੀਤਾ ਜਿਨ੍ਹਾਂ ਵਿਚ ਡਾਕਟਰਾਂ ਲਈ ਰਿਹਾਇਸ਼, ਸਪੋਰਟਸ ਹਾਲ, ਕੈਦੀਆਂ ਲਈ ਵੱਖਰਾ ਵਾਰਡ ਤੇ ਹੋਰ ਪ੍ਰਾਜੈਕਟ ਸ਼ਾਮਲ ਹਨ। ਉਨ੍ਹਾਂ ਦੇ ਨਾਲ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਹਰਮੀਤ ਸਿੰਘ ਪਠਾਣਮਾਜਰਾ, ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ, ਆਈ.ਜੀ. ਮੁੱਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ,ਮੈਡੀਕਲ ਸਿੱਖਿਆ ਦੇ ਵਧੀਕ ਸਕੱਤਰ ਰਾਹੁਲ ਗੁਪਤਾ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ, ਡਾਇਰੈਕਟਰ ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਰਾਜਨ ਸਿੰਗਲਾ, ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ, ਆਪ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਬਲਵਿੰਦਰ ਸੈਣੀ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।
ਪੱਥਰ ਲਾਉਣ ਦਾ ਕੰਮ ਕਰਦੇ ਪ੍ਰਵਾਸੀ ਕਾਰੀਗਰ ਨੇ ਲਿਆ ਫਾਹਾ
NEXT STORY