ਅੰਮ੍ਰਿਤਸਰ (ਗੁਰਪ੍ਰੀਤ): ਭਾਰਤ ਦੇ ਪ੍ਰਮੁੱਖ ਇਤਿਹਾਸਕ ਅਤੇ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਕਰਨ ਤੋਂ ਬਾਅਦ ਪਾਕਿਸਤਾਨ ਤੋਂ ਆਏ 49 ਸਿੱਖ ਸ਼ਰਧਾਲੂਆਂ ਦਾ ਜਥਾ ਆਪਣੀ ਕਰੀਬ ਇੱਕ ਮਹੀਨੇ ਦੀ ਅਧਿਆਤਮਿਕ ਯਾਤਰਾ ਪੂਰੀ ਕਰਕੇ ਅਟਾਰੀ-ਵਾਹਗਾ ਸਰਹੱਦ ਰਾਹੀਂ ਸੁਰੱਖਿਅਤ ਆਪਣੇ ਵਤਨ ਪਰਤ ਗਿਆ। ਨਨਕਾਣਾ ਸਾਹਿਬ (ਪਾਕਿਸਤਾਨ) ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਆਏ ਇਸ ਜਥੇ ਨੇ ਸ੍ਰੀ ਹੇਮਕੁੰਟ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਅੰਮ੍ਰਿਤਸਰ) ਅਤੇ ਦਿੱਲੀ ਦੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕੀਤੇ। ਇਸ ਦੌਰਾਨ ਸ਼ਰਧਾਲੂਆਂ ਨੇ ਦੋਵਾਂ ਦੇਸ਼ਾਂ ਵਿਚਕਾਰ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰੇ ਦੀ ਅਰਦਾਸ ਵੀ ਕੀਤੀ।
ਇਹ ਵੀ ਪੜ੍ਹੋ-ਅੰਮ੍ਰਿਤਸਰ ਪੁਲਸ ਨੇ ਸੁਲਝਾਈਆਂ 3 ਗੋਲੀਬਾਰੀ ਦੀਆਂ ਵਾਰਦਾਤਾਂ, ਵੱਡੇ ਹਥਿਆਰਾਂ ਨਾਲ 16 ਮੁਲਜ਼ਮ ਗ੍ਰਿਫਤਾਰ
ਇਸ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਵਾਪਸੀ ਸਮੇਂ ਸਫ਼ਰ ਦੇ ਰਸਤੇ ਸਬੰਧੀ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਨਿਯਮਾਂ ਅਨੁਸਾਰ ਉਨ੍ਹਾਂ ਨੂੰ ਹਵਾਈ ਰਸਤੇ ਰਾਹੀਂ ਵਾਪਸ ਜਾਣਾ ਪੈਣਾ ਸੀ, ਜਿਸ ਕਾਰਨ ਕਨੈਕਟਿੰਗ ਉਡਾਣਾਂ ਅਤੇ ਲੰਮੀਆਂ ਕਾਗਜ਼ੀ ਕਾਰਵਾਈਆਂ ਕਰਕੇ 22 ਤੋਂ 24 ਘੰਟੇ ਦਾ ਸਮਾਂ ਲੱਗਦਾ ਸੀ ਅਤੇ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈਣੀ ਸੀ। ਸ਼ਰਧਾਲੂਆਂ ਦੀ ਇਸ ਸਮੱਸਿਆ ਨੂੰ ਦੇਖਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਭਾਰਤ ਸਰਕਾਰ ਕੋਲ ਵਿਸ਼ੇਸ਼ ਬੇਨਤੀ ਕੀਤੀ ਸੀ।
ਇਹ ਵੀ ਪੜ੍ਹੋ- ਕਾਂਸਟੇਬਲ ਕਰਮਬੀਰ ਦਾ ਸਾਥੀ ਹਰਜੀਤ ਗ੍ਰਿਫ਼ਤਾਰ, NCB ਨੇ ਕੀਤੀ ਵੱਡੀ ਕਾਰਵਾਈ
ਸ਼ਰਧਾਲੂਆਂ ਦੀ ਮੰਗ ਅਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਤਰਜੀਹ ਦਿੰਦਿਆਂ ਭਾਰਤ ਸਰਕਾਰ ਨੇ ਖੁੱਲ੍ਹੇ ਦਿਲ ਨਾਲ ਉਨ੍ਹਾਂ ਨੂੰ ਸੜਕ ਰਸਤੇ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਪਰਤਣ ਦੀ ਰਸਮੀ ਮਨਜ਼ੂਰੀ ਦੇ ਦਿੱਤੀ। ਇਸ ਤੋਂ ਬਾਅਦ ਅਟਾਰੀ ਸਰਹੱਦ ’ਤੇ ਇਮੀਗ੍ਰੇਸ਼ਨ ਅਤੇ ਸੁਰੱਖਿਆ ਸਬੰਧੀ ਸਾਰੀਆਂ ਰਸਮਾਂ ਪੂਰੀਆਂ ਕਰਨ ਉਪਰੰਤ ਜਥੇ ਨੂੰ ਪੂਰੇ ਮਾਣ-ਸਤਿਕਾਰ ਨਾਲ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਜਥੇ ਵਿੱਚ ਸ਼ਾਮਲ ਨਨਕਾਣਾ ਸਾਹਿਬ ਦੇ ਸ਼ਰਧਾਲੂ ਭੁਪਿੰਦਰ ਸਿੰਘ ਨੇ ਆਪਣੇ ਜਜ਼ਬਾਤ ਸਾਂਝੇ ਕਰਦਿਆਂ ਦੱਸਿਆ ਕਿ ਉਹ 8 ਤਰੀਕ ਨੂੰ 30 ਦਿਨਾਂ ਦੇ ਵੀਜ਼ੇ ’ਤੇ ਭਾਰਤ ਆਏ ਸਨ। ਉਨ੍ਹਾਂ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨਾ ਉਨ੍ਹਾਂ ਦੇ ਜੀਵਨ ਦਾ ਸਭ ਤੋਂ ਵੱਡਾ ਅਤੇ ਸੁਖਦ ਅਨੁਭਵ ਰਿਹਾ ਹੈ। ਉਨ੍ਹਾਂ ਨੇ ਯਾਤਰਾ ਦੌਰਾਨ ਕੀਤੇ ਗਏ ਸ਼ਾਨਦਾਰ ਪ੍ਰਬੰਧਾਂ ਲਈ ਭਾਰਤ ਸਰਕਾਰ, ਪਾਕਿਸਤਾਨ ਸਰਕਾਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਦੋਵਾਂ ਸਰਕਾਰਾਂ ਦੇ ਸਹਿਯੋਗ ਸਦਕਾ ਉਨ੍ਹਾਂ ਦੀ ਯਾਤਰਾ ਬਹੁਤ ਹੀ ਸੁਖਾਲੇ ਅਤੇ ਬਿਨਾਂ ਕਿਸੇ ਰੁਕਾਵਟ ਦੇ ਸੰਪੰਨ ਹੋਈ ਹੈ।
ਇਹ ਵੀ ਪੜ੍ਹੋ-ਲੁਟੇਰਿਆਂ ਦੀ ਵੱਡੀ ਵਾਰਦਾਤ, ਹਥਿਆਰ ਦੀ ਨੋਕ ’ਤੇ ਲੱਖਾਂ ਰੁਪਏ ਦੇ ਪਟਾਕਿਆਂ ਨਾਲ ਭਰੀ ਪਿਕਅੱਪ ਗੱਡੀ ਖੋਹੀ
ਵਤਨ ਵਾਪਸੀ ਸਮੇਂ ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਭਾਰਤੀ ਸ਼ਰਧਾਲੂ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਜਾਂਦੇ ਹਨ, ਉਸੇ ਤਰ੍ਹਾਂ ਪਾਕਿਸਤਾਨ ਵਿੱਚ ਰਹਿਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੀ ਭਾਰਤ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਵਾਜ਼ੇ ਨਿਰੰਤਰ ਅਤੇ ਸੁਖਾਲੇ ਢੰਗ ਨਾਲ ਖੁੱਲ੍ਹੇ ਰਹਿਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਆਦਾਨ-ਪ੍ਰਦਾਨ ਨਾਲ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਕਾਰ ਆਪਸੀ ਰਿਸ਼ਤੇ ਹੋਰ ਮਜ਼ਬੂਤ ਹੋਣਗੇ ਅਤੇ ਸਰਹੱਦਾਂ ’ਤੇ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰੇ ਦਾ ਮਾਹੌਲ ਕਾਇਮ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪਠਾਨਕੋਟ ’ਚ ਲੁਟੇਰਿਆਂ ਦੇ ਹੌਸਲੇ ਬੁਲੰਦ, ਕਾਰ ਸਵਾਰ ਬਦਮਾਸ਼ਾਂ ਨੇ ਕਿਸਾਨ ਨੂੰ ਬਣਾਇਆ ਨਿਸ਼ਾਨਾ
NEXT STORY