ਚੰਡੀਗੜ੍ਹ (ਸ਼ਰਮਾ)—ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਮਹਿੰਗੀ ਬਿਜਲੀ ਦੇ ਮੁੱਦੇ 'ਤੇ ਸਰਕਾਰ ਵਿਰੁੱਧ ਬਿਜਲੀ ਅੰਦੋਲਨ ਸ਼ੁਰੂ ਕਰਨ ਦੀ ਰੂਪ-ਰੇਖਾ ਉਲੀਕੀ, ਜਿਸ ਦੀ ਜ਼ਿਲਾ ਪੱਧਰ 'ਤੇ ਸੋਮਵਾਰ ਤੋਂ ਸ਼ੁਰੂਆਤ ਕੀਤੀ ਜਾਵੇਗੀ। ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧਰਾਮ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਬਿਜਲੀ ਅੰਦੋਲਨ ਦੇ ਕੋਆਰਡੀਨੇਟਰ ਅਮਨ ਅਰੋੜਾ ਅਤੇ ਮੀਤ ਹੇਅਰ (ਸਾਰੇ ਵਿਧਾਇਕ) ਦੀ ਅਗਵਾਈ ਹੇਠ ਹੋਈ ਸੂਬਾ ਕੋਰ ਕਮੇਟੀ ਦੀ ਬੈਠਕ ਦੌਰਾਨ ਪਾਣੀਆਂ ਦੇ ਸੰਕਟ 'ਤੇ ਵਿਧਾਨ ਸਭਾ ਦਾ 2 ਰੋਜ਼ਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਉਠਾਈ ਗਈ। ਇਸ ਦੇ ਨਾਲ ਹੀ ਭਾਜਪਾ ਦੇ ਕੰਟਰੋਲ ਵਾਲੀ ਦਿੱਲੀ ਵਿਕਾਸ ਅਥਾਰਿਟੀ (ਡੀ. ਡੀ. ਏ.) ਵਲੋਂ ਦਿੱਲੀ 'ਚ ਸ੍ਰੀ ਗੁਰੂ ਰਵਿਦਾਸ ਜੀ ਨਾਲ ਸਬੰਧਿਤ ਪੁਰਾਤਨ ਮੰਦਰ ਢਾਹੇ ਜਾਣ ਸਬੰਧੀ ਲਏ ਗਏ ਫ਼ੈਸਲੇ ਦਾ ਜ਼ੋਰਦਾਰ ਵਿਰੋਧ ਕਰਦਿਆਂ ਇਸ ਮੁੱਦੇ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੈਮੋਰੰਡਮ ਦੇਣ ਦਾ ਫ਼ੈਸਲਾ ਵੀ ਲਿਆ ਗਿਆ ਕਿਉਂਕਿ ਇਸ ਸੰਵੇਦਨਸ਼ੀਲ ਮੁੱਦੇ ਨਾਲ ਕਰੋੜਾਂ ਲੋਕਾਂ ਦੀ ਆਸਥਾ ਅਤੇ ਦੇਸ਼ ਭਰ 'ਚ ਕਾਨੂੰਨ ਵਿਵਸਥਾ ਵੀ ਜੁੜੀ ਹੋਈ ਹੈ।
ਕਈ ਘੰਟੇ ਚੱਲੀ ਇਸ ਬੈਠਕ ਉਪਰੰਤ ਮੀਡੀਆ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਉਪਰੋਕਤ ਜਾਣਕਾਰੀ ਦਿੱਤੀ। ਉਨ੍ਹਾਂ ਪਾਣੀ ਦੇ ਸੰਕਟ 'ਤੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਵਲੋਂ ਬੁਲਾਈ ਗਈ ਸਰਬ ਪਾਰਟੀ ਬੈਠਕ ਦਾ ਸਵਾਗਤ ਕਰਦਿਆਂ ਇਸ ਨੂੰ ਦੇਰ ਨਾਲ ਲਿਆ ਗਿਆ ਦਰੁਸਤ ਫ਼ੈਸਲਾ ਦੱਸਿਆ। ਨਾਲ ਹੀ ਕਿਹਾ ਕਿ ਪਾਣੀਆਂ ਦੇ ਮੁੱਦੇ 'ਤੇ 2 ਦਿਨਾਂ ਦਾ ਵਿਸ਼ੇਸ਼ ਸੈਸ਼ਨ ਬੁਲਾਉਣਾ ਜ਼ਰੂਰੀ ਹੈ ਤਾਂ ਕਿ ਸਰਕਾਰ ਸਦਨ 'ਚ ਪਾਣੀਆਂ ਬਾਰੇ ਸੁਣਵਾਈ ਅਧੀਨ ਕੇਸਾਂ, ਸਾਰੇ ਪੁਰਾਣੇ ਸਮਝੌਤਿਆਂ, ਦਰਿਆਵਾਂ 'ਚ ਘਟ ਰਹੀ ਪਾਣੀ ਦੀ ਮਾਤਰਾ, ਪ੍ਰਦੂਸ਼ਿਤ ਹੋ ਰਹੇ ਕੁਦਰਤੀ ਜਲ ਸਰੋਤਾਂ ਅਤੇ ਤੇਜ਼ੀ ਨਾਲ ਹੇਠਾਂ ਡਿੱਗ ਰਹੇ ਪੱਧਰ ਸਮੇਤ ਹਰੇਕ ਪੱਖ 'ਤੇ ਸਾਰਥਿਕ ਵਿਚਾਰ-ਚਰਚਾ ਹੋ ਸਕੇ। ਉਨ੍ਹਾਂ ਦੱਸਿਆਂ ਕਿ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਮਾਹਿਰਾਂ ਨਾਲ ਮਿਲ ਕੇ ਇਕ ਰਿਪੋਰਟ ਤਿਆਰ ਕਰਨਗੇ।
ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇਸ਼ ਦੇ ਸਭ ਤੋਂ ਮਹਿੰਗੀ ਬਿਜਲੀ ਵੇਚਣ ਵਾਲਿਆਂ ਸੂਬਿਆਂ ਵਿਚ ਸ਼ਾਮਲ ਹੈ, ਜਿਸ ਦੀ ਜੜ੍ਹ ਪਿਛਲੀ ਬਾਦਲ ਸਰਕਾਰ ਵਲੋਂ ਸਰਕਾਰੀ ਥਰਮਲ ਪਲਾਂਟ ਬੰਦ ਕਰ ਕੇ 3 ਪ੍ਰਾਈਵੇਟ ਥਰਮਲ ਕੰਪਨੀਆਂ ਨਾਲ ਮਹਿੰਗੇ ਅਤੇ ਮਾਰੂ ਸ਼ਰਤਾਂ ਤਹਿਤ ਕੀਤੇ ਬਿਜਲੀ ਖ਼ਰੀਦ ਸਮਝੌਤੇ (ਪੀ. ਪੀ. ਏਜ਼) ਹਨ। ਇਨ੍ਹਾਂ ਪੰਜਾਬ ਅਤੇ ਲੋਕ ਵਿਰੋਧੀ ਸਮਝੌਤਿਆਂ ਕਾਰਨ ਜਿਥੇ ਪ੍ਰਤੀ ਯੂਨਿਟ ਬਿਜਲੀ ਬੁਨਿਆਦੀ ਦਰ ਹੀ ਮਹਿੰਗੀ ਹੈ, ਉਥੇ ਪ੍ਰਤੀ ਸਾਲ 2800 ਕਰੋੜ ਰੁਪਏ ਬੇਵਜ੍ਹਾ ਇਨ੍ਹਾਂ ਕੰਪਨੀਆਂ ਨੂੰ ਲੁਟਾਏ ਜਾ ਰਹੇ, ਜੋ 25 ਸਾਲਾਂ 'ਚ 70 ਹਜ਼ਾਰ ਕਰੋੜ ਬਣਦਾ ਹੈ। ਇਸ ਲਈ ਕੈਪਟਨ ਸਰਕਾਰ ਨੂੰ ਇਹ ਮਾਰੂ ਸਮਝੌਤੇ ਤੁਰੰਤ ਰੱਦ ਕਰਨੇ ਚਾਹੀਦੇ ਹਨ ਕਿਉਂਕਿ ਚੋਣਾਂ ਤੋਂ ਪਹਿਲਾਂ ਇਹ ਵਾਅਦਾ ਕਾਂਗਰਸ ਨੇ ਸੂਬੇ ਦੇ ਲੋਕਾਂ ਨਾਲ ਲਿਖਤੀ ਰੂਪ 'ਚ ਕੀਤਾ ਸੀ।
ਬੈਠਕ 'ਚ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ, ਜੈ ਕਿਸ਼ਨ ਸਿੰਘ ਰੋੜੀ, ਕੁਲਵੰਤ ਸਿੰਘ ਪੰਡੋਰੀ, ਕਮੇਟੀ ਮੈਂਬਰ ਸੁਖਵਿੰਦਰ ਸੁੱਖੀ, ਗੈਰੀ ਬੜਿੰਗ, ਹਰਚੰਦ ਸਿੰਘ ਬਰਸਟ, ਨਵਦੀਪ ਸਿੰਘ ਸੰਘਾ, ਜਸਟਿਸ ਜ਼ੋਰਾ ਸਿੰਘ, ਨਰਿੰਦਰ ਸਿੰਘ ਸ਼ੇਰਗਿੱਲ, ਨੀਲ ਗਰਗ ਅਤੇ ਸਟੇਟ ਮੀਡੀਆ ਇੰਚਾਰਜ ਮਨਜੀਤ ਸਿੰਘ ਸਿੱਧੂ ਮੌਜੂਦ ਸਨ।
ਕੰਬੋਡੀਆ 'ਚ ਫਸੇ 47 ਪੰਜਾਬੀ, ਹੰਝੂਆਂ ਦੀ ਕੀਮਤ ਲਾ ਰਹੇ ਏਜੰਟ
NEXT STORY