ਚੰਡੀਗੜ੍ਹ (ਰਮਨਜੀਤ) : ਪੰਜਾਬ 'ਚ ਬਣੀਆਂ ਸਰਕਾਰਾਂ ਨੂੰ ਸੂਬੇ 'ਚ ਵਪਾਰ ਅਤੇ ਉਦਯੋਗ ਨੂੰ ਤਬਾਹ ਕਰਨ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਤੋਂ ਪਹਾੜੀ ਸੂਬਿਆਂ ਦੀ ਤਰਜ਼ 'ਤੇ ਪੰਜਾਬ ਲਈ ਟੈਕਸ ਵਿਚ ਛੋਟ ਅਤੇ ਹੋਰ ਸਪੈਸ਼ਲ ਪੈਕੇਜ ਦੀ ਮੰਗ ਕੀਤੀ ਹੈ। ਪਾਰਟੀ ਦੇ ਚੰਡੀਗੜ੍ਹ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ 'ਆਪ' ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਵਪਾਰ ਅਤੇ ਰੋਜ਼ਗਾਰ ਇਕ-ਦੂਜੇ ਨਾਲ ਸਬੰਧਿਤ ਹਨ ਅਤੇ ਸੂਬੇ ਵਿੱਚੋਂ ਵਪਾਰ ਅਤੇ ਉਦਯੋਗਾਂ ਦੇ ਖ਼ਤਮ ਹੋਣ ਨਾਲ ਰੋਜ਼ਗਾਰ ਵੀ ਚਲਾ ਗਿਆ ਹੈ। ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੀ ਨਾਲਾਇਕੀ ਕਾਰਨ ਸੂਬੇ ਦੇ ਨੌਜਵਾਨਾਂ ਦਾ ਰੋਜ਼ਗਾਰ ਖੁੱਸ ਗਿਆ ਹੈ। ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਉਤੇ ਆਪਣੇ ਵਾਅਦਿਆਂ ਤੋਂ ਮੁਕਰਨ ਦਾ ਦੋਸ਼ ਲਾਉਂਦਿਆਂ ਹੇਅਰ ਨੇ ਕਿਹਾ ਕਿ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਉਹ ਹਰ ਸਾਲ 25 ਲੱਖ ਨੌਕਰੀਆਂ ਦੇਵੇਗੀ ਪਰ ਸਰਕਾਰ ਬਣਨ ਤੋਂ ਬਾਅਦ ਉਹ ਆਪਣੇ ਵਾਅਦੇ ਤੋਂ ਮੁੱਕਰ ਗਈ ਹੈ।
ਇਸ ਦੌਰਾਨ ਪਾਰਟੀ ਟਰੇਡ ਅਤੇ ਵਪਾਰ ਵਿੰਗ ਦੇ ਸੂਬਾ ਪ੍ਰਧਾਨ ਨੀਨਾ ਮਿੱਤਲ ਨੇ ਕਿਹਾ ਕਿ ਸੂਬੇ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਅਤੇ ਯੂ. ਪੀ. ਏ. ਸਰਕਾਰ ਨੇ ਸੂਬੇ ਵਿਚ ਉਦਯੋਗਾਂ ਦੀ ਸਥਾਪਤੀ ਲਈ ਕੋਈ ਵੀ ਕਦਮ ਨਹੀਂ ਉਠਾਇਆ। ਉਸ ਮਗਰੋਂ ਮੋਦੀ ਸਰਕਾਰ ਨੇ ਵੀ ਸੂਬੇ ਨਾਲ ਮਤਰੇਈ ਮਾਂ ਵਰਗਾ ਸਲੂਕ ਕੀਤਾ ਹੈ। ਉਨ੍ਹਾਂ ਯਾਦ ਦਿਵਾਇਆ ਕਿ ਕਿਸ ਤਰ੍ਹਾਂ ਜਦੋਂ ਸੁਖਬੀਰ ਸਿੰਘ ਬਾਦਲ ਵਾਜਪਾਈ ਸਰਕਾਰ ਵਿਚ ਕੇਂਦਰੀ ਮੰਤਰੀ ਸਨ ਤਾਂ ਪੰਜਾਬ ਦੇ ਹਿੱਤਾਂ ਨੂੰ ਅਣਗੌਲਿਆ ਕਰਦਿਆਂ ਕੇਂਦਰ ਸਰਕਾਰ ਨੇ ਪੰਜਾਬ ਦੇ ਗੁਆਂਢੀ ਪਹਾੜੀ ਰਾਜਾਂ ਨੂੰ ਟੈਕਸ ਕਰਾਂ ਵਿਚ ਛੋਟ ਦਿੱਤੀ ਸੀ, ਜਿਸ ਕਾਰਨ ਸੂਬੇ ਦਾ ਸਾਰਾ ਵਪਾਰ ਅਤੇ ਉਦਯੋਗ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਉੱਤਰਾਖੰਡ ਵਰਗੇ ਸੂਬਿਆਂ ਵਿਚ ਚਲਾ ਗਿਆ। ਉਨ੍ਹਾਂ ਕਿਹਾ ਕਿ ਉਸ ਸਮੇਂ ਸੁਖਬੀਰ ਬਾਦਲ ਇਸ ਦੇ ਵਿਰੋਧ ਵਿਚ ਇਕ ਸ਼ਬਦ ਵੀ ਨਹੀਂ ਬੋਲੇ, ਜੋ ਕਿ ਉਨ੍ਹਾਂ ਦਾ ਪੰਜਾਬ ਵਿਰੋਧੀ ਚਿਹਰਾ ਨੰਗਾ ਕਰਦਾ ਹੈ।
ਟਕਸਾਲੀਆਂ ਦੇ ਬੱਚੇ ਨਾਲਾਇਕ ਨਹੀਂ ਸਗੋਂ ਸੁਖਬੀਰ ਨੇ ਡੋਬੀ ਪਾਰਟੀ ਦੀ ਬੇੜੀ : ਬੋਨੀ ਅਜਨਾਲਾ
NEXT STORY