ਚੰਡੀਗੜ੍ਹ (ਰਮਨਜੀਤ) - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਯੂਥ ਵਿੰਗ ਨੇ ਪੰਜਾਬ 'ਚ ਨਸ਼ਿਆਂ ਕਾਰਨ ਰੋਜ਼ਾਨਾ ਮੌਤ ਦੇ ਮੂੰਹ ਜਾ ਰਹੇ ਨੌਜਵਾਨਾਂ ਲਈ ਪੁਲਸ ਪ੍ਰਸ਼ਾਸਨ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਉਂਦੇ ਹੋਏ ਐਲਾਨ ਕੀਤਾ ਹੈ ਕਿ ਜੇਕਰ ਭਵਿੱਖ ਵਿਚ ਕੋਈ ਅਜਿਹੀ ਅਣਹੋਣੀ ਘਟਨਾ ਵਾਪਰੇਗੀ ਤਾਂ ਪਾਰਟੀ ਦਾ ਯੂਥ ਵਿੰਗ ਸੰਬੰਧਿਤ ਐੱਸ. ਐੱਸ. ਪੀ. ਦੇ ਦਫ਼ਤਰ ਦਾ ਘਿਰਾਓ ਕਰੇਗਾ। 'ਆਪ' ਵਲੋਂ ਜਾਰੀ ਸਾਂਝੇ ਪ੍ਰੈੱਸ ਬਿਆਨ ਰਾਹੀਂ ਵਿਧਾਇਕ ਅਤੇ ਯੂਥ ਵਿੰਗ ਦੇ ਇੰਚਾਰਜ ਮੀਤ ਹੇਅਰ ਅਤੇ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਹੀ ਦਰਜਨ ਤੋਂ ਵੱਧ ਨੌਜਵਾਨ ਨਸ਼ੀਲੇ ਪਦਾਰਥਾਂ ਦੀ ਓਵਰਡੋਜ਼ ਨਾਲ ਜਾਨਾਂ ਗੁਆ ਚੁੱਕੇ ਹਨ ਪਰ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਮੌਤ ਦਾ ਇਹ ਤਾਂਡਵ ਰੋਕਣ ਲਈ ਕੋਈ ਰੁਚੀ ਨਹੀਂ ਦਿਖਾਈ ਅਤੇ ਪੁਲਸ ਪ੍ਰਸ਼ਾਸਨ ਵੀ ਮੂਕਦਰਸ਼ਕ ਬਣਿਆ ਹੋਇਆ ਹੈ।
ਮੀਤ ਹੇਅਰ ਅਤੇ ਮਨਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪਿਛਲੀ ਬਾਦਲ ਸਰਕਾਰ ਵਾਂਗ ਕਾਂਗਰਸ ਸਰਕਾਰ ਦਾ ਇਹ ਗੈਰ-ਜ਼ਿੰਮੇਦਾਰਾਨਾ ਰਵੱਈਆ ਬੇਹੱਦ ਦੁਖਦ ਅਤੇ ਬਰਦਾਸ਼ਤ ਤੋਂ ਬਾਹਰ ਹੈ, ਇਸ ਲਈ 'ਆਪ' ਦੇ ਯੂਥ ਵਿੰਗ ਨੇ ਫ਼ੈਸਲਾ ਲਿਆ ਹੈ ਕਿ ਜੇਕਰ ਹੁਣ ਕਿਤੇ ਅਜਿਹੀ ਮਾੜੀ ਘਟਨਾ ਵਾਪਰਦੀ ਹੈ ਤਾਂ 'ਆਪ' ਯੂਥ ਵਿੰਗ ਜਾਗਰੂਕ ਲੋਕਾਂ ਅਤੇ ਨੌਜਵਾਨਾਂ ਨੂੰ ਨਾਲ ਲੈ ਕੇ ਸੰਬੰਧਿਤ ਜ਼ਿਲਾ ਪੁਲਸ ਮੁਖੀ ਦੇ ਦਫ਼ਤਰ ਦਾ ਘਿਰਾਓ ਕਰਕੇ ਗੈਰ-ਜ਼ਰੂਰੀ ਸਿਆਸੀ ਦਖ਼ਲ-ਅੰਦਾਜ਼ੀ ਕਾਰਨ ਸੁੱਤੀ ਪਈ ਪੁਲਸ ਨੂੰ ਜਾਗਣ ਲਈ ਮਜਬੂਰ ਕਰੇਗਾ। ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲ ਮੂੰਹ ਕਰਕੇ ਚੁੱਕੀ ਉਹ ਸਹੁੰ ਯਾਦ ਕਰਾਵੇਗਾ, ਜਿਸ 'ਚ ਉਨ੍ਹਾਂ ਸਰਕਾਰ ਬਣਨ ਦੀ ਸੂਰਤ 'ਚ ਇਕ ਮਹੀਨੇ ਦੇ ਅੰਦਰ-ਅੰਦਰ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਅਤੇ ਨਸ਼ੇ ਦੇ ਵਪਾਰੀਆਂ ਨੂੰ ਜੇਲਾਂ 'ਚ ਸੁੱਟਣ ਦਾ ਵਾਅਦਾ ਪੰਜਾਬ ਦੇ ਲੋਕਾਂ ਨਾਲ ਕੀਤਾ ਸੀ।
ਬੀ. ਐੱਸ. ਅੈੱਫ. ਦੇ ਜਵਾਨਾਂ ਨੇ ਕੱਢੀ ਜਾਗਰੂਕਤਾ ਰੈਲੀ
NEXT STORY