ਜਲੰਧਰ (ਧਵਨ)–ਜਲੰਧਰ ਲੋਕ ਸਭਾ ਦੀ ਹੋਣ ਜਾ ਰਹੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੇ ਪੰਜਾਬ ਦੀ ਅਮਨ-ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਚ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਇੰਨੀ ਸ਼ਕਤੀ ਦੇਣ ਕਿ ਉਹ ਪੰਜਾਬੀਆਂ ਨੂੰ ਦਿੱਤੀ ਗਈ 1-1 ਗਾਰੰਟੀ ਨੂੰ ਪੂਰਾ ਕਰ ਸਕਣ ਅਤੇ ਪੰਜਾਬ ਦੀ ਨਵੀਂ ਸਰਕਾਰ ਸੂਬੇ ਨੂੰ ਖੁਸ਼ਹਾਲੀ ਦੇ ਰਾਹ ’ਤੇ ਲਿਜਾ ਸਕੇ। ਰਿੰਕੂ ਨੇ ਕਿਹਾ ਕਿ ਪੰਜਾਬੀਆਂ ਨੂੰ ਇਕਜੁੱਟ ਹੋ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਮਰਥਨ ਕਰਨਾ ਚਾਹੀਦਾ ਹੈ। ਅਜੇ ਸਰਕਾਰ ਨੂੰ ਬਣਿਆਂ ਸਿਰਫ ਇਕ ਸਾਲ ਦੇ ਲਗਭਗ ਸਮਾਂ ਹੋਇਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਿਲੋਂ ਸੂਬੇ ਨੂੰ ਖੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਉਣ ਲਈ ਯਤਨ ਕਰ ਰਹੇ ਹਨ ਅਤੇ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਉਨ੍ਹਾਂ ਜੰਗ ਛੇੜੀ ਹੋਈ ਹੈ।
ਉਨ੍ਹਾਂ ਕਿਹਾ ਕਿ ਉਹ ਜੇਕਰ ਜਲੰਧਰ ਲੋਕ ਸਭਾ ਸੀਟ ਤੋਂ ਜਨਤਾ ਦੇ ਸਹਿਯੋਗ ਨਾਲ ਜਿੱਤਦੇ ਹਨ ਤਾਂ ਉਹ ਸੰਸਦ ਵਿਚ ਜਨਤਾ ਦੀ ਆਵਾਜ਼ ਬਣ ਕੇ ਗਰਜਣਗੇ। ਜਲੰਧਰ ਨੂੰ ਲੈ ਕੇ ਉਨ੍ਹਾਂ ਡਿਵੈੱਲਪਮੈਂਟ ਦਾ ਇਕ ਰੋਡਮੈਪ ਤਿਆਰ ਕੀਤਾ ਹੈ, ਜਿਸ ਨੂੰ ਲਾਗੂ ਕਰਵਾਉਣ ਲਈ ਉਹ ਪੂਰੀ ਕੋਸ਼ਿਸ਼ ਕਰਨਗੇ। ਕੇਂਦਰ ਵਿਚ ਭਾਵੇਂ ਭਾਜਪਾ ਦੀ ਸਰਕਾਰ ਹੈ ਪਰ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਾਲ ਲੈ ਕੇ ਦਿੱਲੀ ਵਿਚ ਕੇਂਦਰੀ ਮੰਤਰੀਆਂ ਨੂੰ ਮਿਲਣਗੇ ਅਤੇ ਜਲੰਧਰ ਦੇ ਅਧੂਰੇ ਪਏ ਕੰਮਾਂ ਨੂੰ ਪੂਰਾ ਕਰਵਾਉਣਗੇ। ‘ਆਪ’ ਉਮੀਦਵਾਰ ਨੇ ਕਿਹਾ ਕਿ ਆਦਮਪੁਰ ਏਅਰਪੋਰਟ ਜਲਦ ਸ਼ੁਰੂ ਹੋਣਾ ਚਾਹੀਦਾ ਹੈ, ਨਾਲ ਹੀ ਰੇਲਵੇ ਸਟੇਸ਼ਨ ’ਚ ਸੁਧਾਰ ਲਈ ਕਦਮ ਚੁੱਕੇ ਜਾਣੇ ਚਾਹੀਦੇ ਹਨ। ਜਲੰਧਰ ਵਿਚ ਵੱਡਾ ਫਲਾਈਓਵਰ ਬਣਾਉਣ ਦੀ ਲੋੜ ਹੈ ਕਿਉਂਕਿ ਸ਼ਹਿਰ ਵਿਚ ਟਰੈਫਿਕ ਦੀ ਸਮੱਸਿਆ ਕਾਫ਼ੀ ਗੰਭੀਰ ਹੋ ਚੁੱਕੀ ਹੈ ਅਤੇ ਉਹ ਇਸ ਮਾਮਲੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਹਮਣੇ ਉਠਾਉਣਗੇ। ਉਨ੍ਹਾਂ ਕਿਹਾ ਕਿ ਐਲੀਵੇਟਿਡ ਰੋਡ ਬਣਨ ਨਾਲ ਸ਼ਹਿਰ ਦੀ ਟਰੈਫਿਕ ਸਮੱਸਿਆ ਹੱਲ ਹੋ ਜਾਵੇਗੀ ਅਤੇ ਇਸ ਕੰਮ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਇਆ ਜਾਵੇਗਾ। ਜਲੰਧਰ ਦੇ ਲੋਕਾਂ ਨੂੰ ਹੁਣ ਇਕ ਵਾਰ ਆਮ ਆਦਮੀ ਪਾਰਟੀ ਨੂੰ ਮੌਕਾ ਦੇਣਾ ਚਾਹੀਦਾ ਹੈ ਤਾਂ ਕਿ ਜਨਤਾ ਦੀ ਆਵਾਜ਼ ਕੇਂਦਰ ਸਰਕਾਰ ਦੇ ਕੰਨਾਂ ਤੱਕ ਪਹੁੰਚ ਸਕੇ।
ਇਹ ਵੀ ਪੜ੍ਹੋ :ਸਾਬਕਾ CM ਚੰਨੀ ’ਤੇ ਮਲਵਿੰਦਰ ਕੰਗ ਦਾ ਨਿਸ਼ਾਨਾ, ਕਿਹਾ-ਕਿਸ ਗ਼ਰੀਬ ਕੋਲ ਹੈ 10 ਕਰੋੜ ਦੀ ਜਾਇਦਾਦ?
ਉਨ੍ਹਾਂ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ’ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਸੂਬੇ ਵਿਚ ਲੰਮੇ ਸਮੇਂ ਤੱਕ ਰਾਜ ਕੀਤਾ ਪਰ ਉਹ ਲੋਕਾਂ ਦੇ ਦਿਲਾਂ ’ਚ ਆਪਣੀ ਥਾਂ ਨਹੀਂ ਬਣਾ ਸਕੇ। ਹੁਣ ਸਮਾਂ ਆਮ ਆਦਮੀ ਪਾਰਟੀ ਦਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਜਿਸ ਤਰ੍ਹਾਂ ਨਾਲ ਪੰਜਾਬ ਲਈ ਮਿਹਨਤ ਕਰ ਰਹੇ ਹਨ, ਉਹ ਕਿਸੇ ਤੋਂ ਲੁਕਿਆ ਨਹੀਂ ਹੈ। ਰਿੰਕੂ ਨੇ ਕਿਹਾ ਕਿ ਜਲੰਧਰ ਨੂੰ ਲੈ ਕੇ ਹੁਣ ਵਧੀਆ ਦਿਨ ਅਸਲ ਵਿਚ ਆਉਣ ਵਾਲੇ ਹਨ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਨਤਾ ਨੂੰ ਲੈ ਕੇ ਵਿਕਾਸ ਦਾ ਰੋਡਮੈਪ ਤਿਆਰ ਕੀਤਾ ਹੈ। ਵਪਾਰੀਆਂ ਅਤੇ ਉੱਦਮੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਕਾਫ਼ੀ ਗੰਭੀਰ ਯਤਨ ਕਰ ਰਹੇ ਹਨ। ਉਨ੍ਹਾਂ ਵਪਾਰੀਆਂ ਤੇ ਉੱਦਮੀਆਂ ਨਾਲ ਨਿੱਜੀ ਤੌਰ ’ਤੇ ਮੀਟਿੰਗਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਨ੍ਹਾਂ ਦੇ ਨਤੀਜੇ ਆਉਣ ਵਾਲੇ ਸਮੇਂ ਵਿਚ ਵਧੀਆ ਨਿਕਲਣਗੇ।
ਇਹ ਵੀ ਪੜ੍ਹੋ : ਦੇਸ਼ ਦੀ ਸਿਆਸਤ ਕਰਵਟ ਲੈਣ ਲੱਗੀ, ਮੋਦੀ ਦਾ ਮੁਕਾਬਲਾ ਕਰਨ ’ਚ ਸਿਰਫ਼ ਕੇਜਰੀਵਾਲ ਸਮਰੱਥ: ਸੁਸ਼ੀਲ ਕੁਮਾਰ ਰਿੰਕੂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਨਹਿਰ 'ਚ ਰੁੜ੍ਹੇ 3 ਨੌਜਵਾਨਾਂ ਦਾ ਨਹੀਂ ਮਿਲਿਆ ਕੋਈ ਸੁਰਾਗ, ਮਾਪਿਆਂ ਦੇ ਇਕਲੌਤੇ ਪੁੱਤ ਸਨ 2 ਨੌਜਵਾਨ
NEXT STORY