ਫ਼ਰੀਦਕੋਟ, (ਹਾਲੀ)- ਰਿਪਬਲਿਕ ਪਾਰਟੀ ਆਫ਼ ਇੰਡੀਆ ਪੰਜਾਬ ਦੇ ਪ੍ਰਧਾਨ ਮੁਖਤਿਆਰ ਸਿੰਘ ਤੇ ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਸੰਧੂ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿਚ ਪਾਰਟੀ ਆਗੂ ਪ੍ਰਕਾਸ਼ ਚੰਦ ਜੱਸਲ, ਭੋਲਾ ਸਿੰਘ ਭੱਟੀ, ਦੀਵਾਨ ਸਿੰਘ ਕੰਡਿਆਰਾ, ਕੁਲਵਰਨ ਸਿੰਘ, ਬਿੱਲੂ ਸਿੰਘ ਤੇ ਬੂਟਾ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਪਾਰਟੀ ਆਗੂਆਂ ਨੇ ਕਿਹਾ ਕਿ ਕਾਂਗਰਸ ਤੇ ਅਕਾਲੀ-ਭਾਜਪਾ ਸਰਕਾਰਾਂ ਨੇ ਲੋਕਤੰਤਰ ਦਾ ਘਾਣ ਕਰ ਕੇ ਲੋੜਵੰਦ ਲੋਕਾਂ ਤੇ ਵਿਦਿਆਰਥੀਆਂ ਦੇ ਹਿੱਤਾਂ ਨੂੰ ਅਣਡਿੱਠਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਦਲਿਤ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਵਾਂਝੇ ਕਰਨ ਲਈ ਕੋਝੇ ਹਥਕੰਡੇ ਅਪਣਾਏ ਜਾ ਰਹੇ ਹਨ ਤੇ ਪੋਸਟਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਜਾਣ ਬੁੱਝ ਕੇ ਪਾਰਦਰਸ਼ੀ ਢੰਗ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ।
ਉਨ੍ਹਾਂ ਕਿਹਾ ਕਿ ਨਿੱਜੀ ਕਾਲਜਾਂ, ਸਕੂਲਾਂ ਤੇ ਯੂਨੀਵਰਸਿਟੀਆਂ ਨੂੰ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਲੁੱਟ ਕਰਨ ਦੀ ਖੁੱਲ੍ਹ ਦਿੱਤੀ ਜਾ ਰਹੀ ਹੈ ਤੇ ਇਨ੍ਹਾਂ ਖਿਲਾਫ਼ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।
ਪਾਰਟੀ ਆਗੂ ਗੁਰਚਰਨ ਸਿੰਘ ਸੰਧੂ ਨੇ ਕਿਹਾ ਕਿ ਪੋਸਟਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਦਲਿਤ ਵਿਦਿਆਰਥੀਆਂ ਦੀਆਂ ਫੀਸਾਂ ਮੁਕੰਮਲ ਤੌਰ 'ਤੇ ਮੁਆਫ਼ ਹਨ ਤੇ ਉਨ੍ਹਾਂ ਦੀਆਂ ਫੀਸਾਂ ਦੀ ਰਾਸ਼ੀ ਪੰਜਾਬ ਸਰਕਾਰ ਨੇ ਸਕੂਲਾਂ ਤੇ ਕਾਲਜਾਂ ਨੂੰ ਅਦਾ ਕਰਨੀ ਹੁੰਦੀ ਹੈ ਪਰ ਹਕੀਕਤ ਵਿਚ ਅਜਿਹਾ ਕੁਝ ਨਹੀਂ ਹੋ ਰਿਹਾ, ਸਗੋਂ ਹੋਰ ਫ਼ੀਸਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ, ਜਿਸ ਕਰਕੇ ਹਰ ਸਾਲ ਸੈਂਕੜੇ ਵਿਦਿਆਰਥੀ ਫੀਸਾਂ ਨਾ ਭਰ ਸਕਣ ਕਾਰਨ ਪੜ੍ਹਾਈ ਛੱਡ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਸ਼ਹਿ 'ਤੇ ਪੰਜਾਬ ਵਿਚ ਪ੍ਰਾਈਵੇਟ ਵਿਦਿਅਕ ਕਾਲਜ ਤੇ ਸਕੂਲ ਵੱਡੇ ਪੱਧਰ 'ਤੇ ਸਥਾਪਿਤ ਹੋ ਰਹੇ ਹਨ ਅਤੇ ਵਿਦਿਆਰਥੀਆਂ ਦੀ ਫੀਸਾਂ ਦੇ ਰੂਪ ਵਿਚ ਅੰਨ੍ਹੀ ਲੁੱਟ ਕੀਤੀ ਜਾ ਰਹੀ ਹੈ।
ਆਰ. ਪੀ. ਆਈ. ਆਗੂਆਂ ਨੇ ਮੰਗ ਕੀਤੀ ਕਿ ਇਸ ਮਾਮਲੇ ਵਿਚ ਸੀ. ਬੀ. ਆਈ. ਜਾਂਚ ਕਰਵਾਈ ਜਾਵੇ ਤਾਂ ਕਿ ਪੋਸਟਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਸਹੀ ਰੂਪ ਵਿਚ ਲਾਗੂ ਕਰ ਕੇ ਵਿਦਿਆਰਥੀਆਂ ਨੂੰ ਲਾਭ ਦਿੱਤਾ ਜਾ ਸਕੇ।
ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਨੌਜਵਾਨ ਕਾਬੂ
NEXT STORY