ਡੇਰਾਬੱਸੀ (ਵਿਕਰਮਜੀਤ) : ਅੰਬਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਵੱਖ-ਵੱਖ ਥਾਵਾਂ ’ਤੇ ਵਾਪਰੇ ਦੋ ਸੜਕ ਹਾਦਸਿਆਂ ’ਚ ਇਕ ਔਰਤ ਅਤੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਹਾਂ ਹਾਦਸਿਆਂ ’ਚ ਅਣਪਛਾਤੇ ਵਾਹਨਾਂ ਵੱਲੋਂ ਟੱਕਰ ਮਾਰ ਕੇ ਮੌਕੇ ਤੋਂ ਫ਼ਰਾਰ ਹੋਣ ਦੀ ਜਾਣਕਾਰੀ ਮਿਲੀ ਹੈ। ਪੁਲਸ ਨੇ ਮਾਮਲੇ ਦਰਜ ਕਰਕੇ ਅਣਪਛਾਤੇ ਵਾਹਨ ਚਾਲਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪਹਿਲੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਮਾਮਲੇ ਦੀ ਜਾਂਚ ਕਰ ਰਹੇ ਹੌਲਦਾਰ ਗੁਲਾਬ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨ ’ਚ ਅੰਗਦ ਕੁਮਾਰ ਵਾਸੀ ਪਿੰਡ ਜਵਾਹਰਪੁਰ ਡੇਰਾਬੱਸੀ ਨੇ ਦੱਸਿਆ ਕਿ 12 ਦਸੰਬਰ ਨੂੰ ਦੁਪਹਿਰ ਕਰੀਬ ਢਾਈ ਵਜੇ ਉਸ ਦੀ ਮਾਤਾ ਸੁਮਾਰੀ ਦੇਵੀ (51) ਪਿੰਡ ਦੀ ਸੜਕ ਦੇ ਕਿਨਾਰੇ ਖੜ੍ਹੀ ਸੀ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ ਦੇ ਅਣਪਛਾਤੇ ਡਰਾਈਵਰ ਨੇ ਉਸ ਦੀ ਮਾਤਾ ਨੂੰ ਟੱਕਰ ਮਾਰ ਦਿੱਤੀ ਤੇ ਮੌਕੇ ਤੋਂ ਫਰਾਰ ਹੋ ਗਿਆ।
ਇਸ ਦੌਰਾਨ ਸੁਮਾਰੀ ਦੇਵੀ ਦੇ ਗੰਭੀਰ ਸੱਟਾਂ ਲੱਗੀਆਂ। ਉਸ ਨੂੰ ਤੁਰੰਤ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦੂਜੇ ਮਾਮਲੇ ਸਬੰਧੀ ਜਾਂਚ ਕਰ ਰਹੇ ਹੌਲਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨ ’ਚ ਪ੍ਰਸ਼ੋਤਮ ਵਾਸੀ ਪੰਚਕੂਲਾ (ਹਰਿਆਣਾ) ਨੇ ਦੱਸਿਆ ਕਿ 12 ਦਸੰਬਰ ਨੂੰ ਦੁਪਹਿਰ ਕਰੀਬ ਸਾਢੇ 3 ਵਜੇ ਉਹ ਆਪਣੇ ਪਿਤਾ ਰਾਕੇਸ਼ ਪਾਲ ਨਾਲ ਮੋਟਰਸਾਈਕਲ ’ਤੇ ਡੇਰਾਬੱਸੀ ਤੋਂ ਆਪਣੇ ਘਰ ਵਾਪਸ ਜਾ ਰਿਹਾ ਸੀ। ਜਦੋਂ ਉਹ ਡੇਰਾਬੱਸੀ ਫਲਾਈਓਵਰ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਦੇ ਅਣਪਛਾਤੇ ਡਰਾਈਵਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਤੇ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਹਾਦਸੇ ’ਚ ਦੋਵੇਂ ਸੜਕ ’ਤੇ ਡਿੱਗ ਪਏ। ਪ੍ਰਸ਼ੋਤਮ ਨੂੰ ਮਾਮੂਲੀ ਸੱਟਾਂ ਆਈਆਂ, ਜਦਕਿ ਉਸ ਦੇ ਪਿਤਾ ਨੂੰ ਗੰਭੀਰ ਸੱਟਾਂ ਲੱਗੀਆਂ। ਉਨ੍ਹਾਂ ਨੂੰ ਸੈਕਟਰ-32 ਹਸਪਤਾਲ ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਰਾਕੇਸ਼ ਪਾਲ ਦੀ ਮੌਤ ਹੋ ਗਈ। ਪੁਲਸ ਨੇ ਦੋਹਾਂ ਮਾਮਲਿਆਂ ’ਚ ਅਣਪਛਾਤੇ ਵਾਹਨ ਚਾਲਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।
ਜਲੰਧਰ 'ਚ ਫਿਰ ਸ਼ਰਮਨਾਕ ਕਾਰਾ! ਚਾਚੇ ਨੇ ਭਤੀਜੀ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ
NEXT STORY