ਦੋਰਾਹਾ (ਵਿਨਾਇਕ) : ਪੰਜਾਬ 'ਚ ਪੈ ਰਹੀ ਸੰਘਣੀ ਧੁੰਦ ਆਵਾਜਾਈ ਲਈ ਘਾਤਕ ਸਾਬਤ ਹੋ ਰਹੀ ਹੈ ਅਤੇ ਧੁੰਦ ਕਾਰਨ ਹੋ ਰਹੇ ਹਾਦਸਿਆਂ ਦੀ ਲੜੀ 'ਚ ਇਕ ਹੋਰ ਘਟਨਾ ਦੋਰਾਹਾ ਨੇੜੇ ਸਾਹਮਣੇ ਆਈ ਹੈ। ਇੱਥੇ ਇਕ ਕਾਰ ਬੇਕਾਬੂ ਹੋ ਕੇ ਸੜਕ 'ਤੇ ਹੀ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ 'ਚ ਚਾਰ ਵਿਅਕਤੀ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਦੋਰਾਹਾ ਥਾਣੇ ਅਧੀਨ ਪੈਂਦੇ ਟੱਚ ਵੁੱਡ ਹੋਟਲ ਨੇੜੇ ਸ਼ਾਮ ਕਰੀਬ 6.24 ਵਜੇ ਹੌਂਡਾ ਅਮੇਜ਼ ਕਾਰ ਧੁੰਦ ਕਾਰਨ ਬੇਕਾਬੂ ਹੋ ਕੇ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ ਕਾਰ ਸਵਾਰ ਚਾਰ ਵਿਅਕਤੀਆਂ ਨੂੰ ਗੰਭੀਰ ਸੱਟਾਂ ਲੱਗੀਆਂ।
ਬਾਅਦ 'ਚ ਜ਼ਖ਼ਮੀਆਂ ਦੀ ਪਛਾਣ ਜਸਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ, ਕੇਵਲ ਸਿੰਘ ਪੁੱਤਰ ਸੰਤੋਖ ਸਿੰਘ, ਸੁਖਵਿੰਦਰ ਸਿੰਘ ਪੁੱਤਰ ਹਰਬਿੰਦਰ ਸਿੰਘ, ਵਾਸੀ ਪਿੰਡ ਭਣੋ ਕੇ, ਜ਼ਿਲ੍ਹਾ ਕਪੂਰਥਲਾ ਅਤੇ ਬਹਾਦੁਰ ਸਿੰਘ ਪੁੱਤਰ ਜੋਗਾ ਸਿੰਘ, ਵਾਸੀ ਪਿੰਡ ਜਗਤਪੁਰਾ ਜੱਟਾ, ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਖੰਨਾ ਦੀ ਟੀਮ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਸਬ-ਇੰਸਪੈਕਟਰ ਸੁਖਦੇਵ ਸਿੰਘ ਦੀ ਅਗਵਾਈ ਹੇਠ ਬਚਾਅ ਕਾਰਵਾਈ ਸ਼ੁਰੂ ਕਰਦਿਆਂ ਹਾਦਸਾਗ੍ਰਸਤ ਕਾਰ ਨੂੰ ਸੜਕ ਤੋਂ ਹਟਾ ਕੇ ਟ੍ਰੈਫਿਕ ਨੂੰ ਸੁਚਾਰੂ ਬਣਾਇਆ, ਜਦੋਂਕਿ ਜ਼ਖ਼ਮੀਆਂ ਨੂੰ ਪਹਿਲਾ ਹੀ ਸਿਵਲ ਹਸਪਤਾਲ, ਸਾਹਨੇਵਾਲ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ। ਦੋਰਾਹਾ ਪੁਲਸ ਅਤੇ ਸੜਕ ਸੁਰੱਖਿਆ ਫੋਰਸ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੰਘਣੀ ਧੁੰਦ ਦੌਰਾਨ ਵਾਹਨ ਚਲਾਉਂਦੇ ਸਮੇਂ ਹੌਲੀ ਗਤੀ, ਫੌਗ ਲਾਈਟਾਂ ਅਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੀ ਜਾਵੇ, ਤਾਂ ਜੋ ਹਾਦਸਿਆਂ ਤੋਂ ਬਚਿਆ ਜਾ ਸਕੇ।
ਮਨਰੇਗਾ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਨਾਲ ਖੋਹੀ ਜਾ ਰਹੀ ਗਰੀਬਾਂ ਦੀ ਰੋਟੀ: ਚਰਨਜੀਤ ਚੰਨੀ
NEXT STORY