ਡੇਰਾਬੱਸੀ (ਗੁਰਜੀਤ) : ਇੱਥੇ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਡੇਰਾਬੱਸੀ ਪੁਲ਼ ਹੇਠਾਂ ਵਾਪਰੇ ਹਾਦਸੇ ’ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਪਿੱਛੋਂ ਤੇਜ਼ ਰਫ਼ਤਾਰ ਨਾਲ ਆ ਰਹੇ ਟਰੱਕ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਮੋਟਰਸਾਈਕਲ ਸਵਾਰ ਸੜਕ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਟਰੱਕ ਚਾਲਕ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਨੇ ਮ੍ਰਿਤਕ ਦੇ ਪੁੱਤਰ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਜਾਂਚ ਅਧਿਕਾਰੀ ਏ.ਐੱਸ.ਆਈ. ਮਲਕੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਵਿਜੇ ਵਰਮਾ ਵਾਸੀ ਪੁਰਾਣੀ ਅਨਾਜ ਮੰਡੀ ਡੇਰਾਬਸੀ ਨੇ ਦੱਸਿਆ ਕਿ ਉਸ ਦੇ ਪਿਤਾ ਗੁਲਸ਼ਨ ਕੁਮਾਰ ਕਾਲੇ ਰੰਗ ਦੀ ਸਪਲੈਂਡਰ ਮੋਟਰਸਾਈਕਲ ’ਤੇ ਬਰਵਾਲਾ ਰੋਡ ਵੱਲੋਂ ਘਰ ਵਾਪਸ ਆ ਰਹੇ ਸਨ। ਜਦੋਂ ਉਹ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਫਲਾਈਓਵਰ ਹੇਠਾਂ ਪਹੁੰਚੇ ਤਾਂ ਪਿੱਛੋਂ ਆ ਰਹੇ ਇਕ ਟਰੱਕ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਵਾਹਨ ਚਲਾਉਂਦਿਆਂ ਉਨ੍ਹਾਂ ਦੀ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਗੁਲਸ਼ਨ ਕੁਮਾਰ ਮੋਟਰਸਾਈਕਲ ਸਮੇਤ ਸੜਕ ’ਤੇ ਡਿੱਗ ਪਿਆ ਅਤੇ ਉਸ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ। ਹਾਦਸੇ ’ਚ ਮੋਟਰਸਾਈਕਲ ਵੀ ਨੁਕਸਾਨੀ ਗਈ।
ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ
ਹਾਦਸੇ ਤੋਂ ਬਾਅਦ ਟਰੱਕ ਚਾਲਕ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਆਸ-ਪਾਸ ਮੌਜੂਦ ਰਾਹਗੀਰਾਂ ਨੇ ਸੜਕ ’ਤੇ ਗੰਭੀਰ ਹਾਲਤ ਵਿੱਚ ਪਏ ਗੁਲਸ਼ਨ ਕੁਮਾਰ ਨੂੰ ਤੁਰੰਤ ਸਿਵਲ ਹਸਪਤਾਲ ਡੇਰਾਬੱਸੀ ਪਹੁੰਚਾਇਆ। ਉੱਥੇ ਡਾਕਟਰਾਂ ਨੇ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ ਪਰ ਗੰਭੀਰ ਸੱਟਾਂ ਕਾਰਨ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੇ ਪੁੱਤਰ ਵਿਜੇ ਵਰਮਾ ਦੇ ਬਿਆਨਾਂ ਦੇ ਆਧਾਰ ’ਤੇ ਟਰੱਕ ਦੇ ਅਣਪਛਾਤੇ ਚਾਲਕ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ। ਪੁਲਸ ਵੱਲੋਂ ਹਾਦਸੇ ਵਾਲੀ ਥਾਂ ਦੇ ਆਲੇ-ਦੁਆਲੇ ਦੀ ਜਾਂਚ ਕਰਨ ਦੇ ਨਾਲ-ਨਾਲ ਟਰੱਕ ਚਾਲਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਸ ਇਹ ਵੀ ਪਤਾ ਲਗਾ ਰਹੀ ਹੈ ਕਿ ਹਾਦਸੇ ਤੋਂ ਬਾਅਦ ਫ਼ਰਾਰ ਹੋਇਆ ਟਰੱਕ ਕਿਸ ਦਿਸ਼ਾ ਵੱਲ ਗਿਆ।
ਪੰਜਾਬ : ਦਰਗਾਹ 'ਚ ਮੇਲੇ ਦੌਰਾਨ ਵੱਡਾ ਹਾਦਸਾ, 2 ਨੌਜਵਾਨਾਂ ਦੀ ਦਰਦਨਾਕ ਮੌਤ
NEXT STORY