ਡੇਰਾਬੱਸੀ (ਅਨਿਲ ਸ਼ਰਮਾ) : ਡੇਰਾਬੱਸੀ ਪੁਲਸ ਸਟੇਸ਼ਨ ਦੇ ਬਾਹਰ ਚਾਰ ਦਿਨ ਪਹਿਲਾਂ ਵਾਪਰੇ ਭਿਆਨਕ ਸੜਕ ਹਾਦਸੇ 'ਚ ਤੇਜ਼ ਰਫ਼ਤਾਰ ਟਿੱਪਰ ਦੀ ਲਪੇਟ 'ਚ ਆਏ ਬੁਲੇਟ ਸਵਾਰ ਦੋ ਨੌਜਵਾਨਾਂ ਦੀਆਂ ਇਲਾਜ ਦੌਰਾਨ ਲੱਤਾਂ ਕੱਟਣੀਆਂ ਪਈਆਂ ਹਨ। ਹਾਦਸੇ ਤੋਂ ਬਾਅਦ ਦੋਵੇਂ ਨੌਜਵਾਨਾਂ ਨੂੰ ਗੰਭੀਰ ਹਾਲਤ 'ਚ ਪੀ. ਜੀ. ਆਈ. ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਦੋ ਦਿਨ ਪਹਿਲਾਂ 20 ਸਾਲਾ ਸਾਨੀਬ ਦੀ ਇੱਕ ਲੱਤ ਗੰਭੀਰ ਸੱਟਾਂ ਕਾਰਨ ਕੱਟਣੀ ਪਈ ਸੀ, ਜਦਕਿ ਹੁਣ ਦੂਜੇ ਜ਼ਖ਼ਮੀ ਨੌਜਵਾਨ ਨੂਰ ਦੀ ਵੀ ਹਾਲਤ ਵਿੱਚ ਸੁਧਾਰ ਨਾ ਹੋਣ ਕਾਰਨ ਇੱਕ ਲੱਤ ਕੱਟਣੀ ਪਈ ਹੈ।ਹਾਦਸੇ ਤੋਂ ਬਾਅਦ ਟਿੱਪਰ ਚਾਲਕ ਆਪਣਾ ਵਾਹਨ ਮੌਕੇ ’ਤੇ ਛੱਡ ਕੇ ਫ਼ਰਾਰ ਹੋ ਗਿਆ ਸੀ। ਪੁਲਸ ਵੱਲੋਂ ਅਣਪਛਾਤੇ ਟਿੱਪਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।
ਇਸ ਹਾਦਸੇ ਨੇ ਡੇਰਾਬੱਸੀ ਇਲਾਕੇ ਵਿੱਚ ਤੇਜ਼ ਰਫ਼ਤਾਰ ਨਾਲ ਦੌੜ ਰਹੇ ਟਿੱਪਰਾਂ ਅਤੇ ਹੋਰ ਭਾਰੀ ਵਾਹਨਾਂ ਦੀ ਆਵਾਜਾਈ ’ਤੇ ਮੁੜ ਸਵਾਲ ਖੜ੍ਹੇ ਕਰ ਦਿੱਤੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸੜਕਾਂ ’ਤੇ ਦਿਨ-ਰਾਤ ਵੱਡੀ ਗਿਣਤੀ ਵਿੱਚ ਓਵਰਲੋਡ ਟਿੱਪਰ ਤੇਜ਼ ਰਫ਼ਤਾਰ ਨਾਲ ਦੌੜਦੇ ਹਨ, ਜਿਸ ਕਾਰਨ ਰਾਹਗੀਰਾਂ ਦੀ ਜ਼ਿੰਦਗੀ ਖ਼ਤਰੇ ਵਿੱਚ ਹੈ। ਲੋਕਾਂ ਨੇ ਇਲਾਕੇ ਵਿੱਚ ਚੱਲ ਰਹੀ ਕਥਿਤ ਨਾਜਾਇਜ਼ ਮਾਈਨਿੰਗ ਅਤੇ ਇਸ ਨਾਲ ਜੁੜੇ ਭਾਰੀ ਵਾਹਨਾਂ ਦੀ ਆਵਾਜਾਈ ’ਤੇ ਵੀ ਸਵਾਲ ਚੁੱਕੇ ਹਨ।
ਪ੍ਰਾਪਤ ਜਾਣਕਾਰੀ ਮੁਤਾਬਕ ਨਗਰ ਕੌਂਸਲ ਵੱਲੋਂ ਟਿੱਪਰ ਟਰੱਕਾਂ ਦੀ ਆਵਾਜਾਈ ਨੂੰ ਰੋਕਣ ਅਤੇ ਨਿਯਮਤ ਕਰਨ ਸਬੰਧੀ ਮਤਾ ਪਾਸ ਕੀਤਾ ਜਾ ਚੁੱਕਾ ਹੈ। ਐੱਸ. ਡੀ. ਐੱਮ. ਡੇਰਾਬੱਸੀ ਅਮਿਤ ਗੁਪਤਾ ਵੱਲੋਂ ਮਾਈਨਿੰਗ ਵਿਭਾਗ ਨੂੰ ਟਿੱਪਰਾਂ ਅਤੇ ਹੋਰ ਭਾਰੀ ਵਾਹਨਾਂ ਲਈ ਸਮਾਂ-ਸਾਰਣੀ ਤੇ ਰੂਟ ਮੈਪ ਤੈਅ ਕਰਨ ਸਬੰਧੀ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਲੋਕਾਂ ਦਾ ਦੋਸ਼ ਹੈ ਕਿ ਇਨ੍ਹਾਂ ਹੁਕਮਾਂ ਦੇ ਬਾਵਜੂਦ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਹੋ ਰਹੀ। ਲੋਕਾਂ ਨੇ ਟਿੱਪਰਾਂ ਦੀ ਤੇਜ਼ ਰਫ਼ਤਾਰ, ਓਵਰਲੋਡਿੰਗ ਅਤੇ ਬੇਨਿਯਮ ਆਵਾਜਾਈ ’ਤੇ ਸਖ਼ਤੀ ਨਾਲ ਰੋਕ ਲਗਾਉਣ ਦੀ ਮੰਗ ਕੀਤੀ ਹੈ।
'ਤੁਹਾਨੂੰ ਗੱਡੀ ਨਹੀਂ ਚਲਾਉਣੀ ਆਉਂਦੀ Mr. Singh..!', ਅਮਰੀਕੀ ਪ੍ਰਸ਼ਾਸਨ ਦੀ ਪੋਸਟ ਨੇ ਖੜ੍ਹਾ ਕੀਤਾ ਵੱਡਾ ਵਿਵਾਦ
NEXT STORY