ਜਲਾਲਾਬਾਦ (ਬਜਾਜ) : ਜਲਾਲਾਬਾਦ ਦੇ ਅਧੀਨ ਆਉਂਦੇ ਪਿੰਡ ਲੱਧੂ ਵਾਲਾ ਹਿਠਾੜ ਦੇ ਕੋਲ ਹੋਏ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਹ ਹਾਦਸਾ 19 ਅਕਤੂਬਰ ਦੀ ਸ਼ਾਮ ਕਰੀਬ 6.30 ਵਜੇ ਐੱਫ. ਐੱਫ. ਰੋਡ ’ਤੇ ਪਿੰਡ ਲੱਧੂ ਵਾਲਾ ਹਿਠਾੜ ਨੇੜੇ ਵਾਪਰਿਆ। ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਆ ਰਹੀ ਇੱਕ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਬਾਅਦ ਵਿਚ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ। ਪੁਲਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਸ਼ਿਕਾਇਤਕਰਤਾ ਪ੍ਰੇਮ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਹਜ਼ਾਰਾ ਰਾਮ ਸਿੰਘ ਵਾਲਾ ਨੇ ਦੱਸਿਆ ਕਿ ਉਸ ਦਾ ਭਰਾ ਮੱਘਰ ਸਿੰਘ ਆਪਣੇ ਸਾਥੀ ਸੁਰਜੀਤ ਸਿੰਘ ਨਾਲ 19 ਅਕਤੂਬਰ ਨੂੰ ਮੋਟਰਸਾਈਕਲ ’ਤੇ ਸਵਾਰ ਹੋ ਕੇ ਸਮਾਨ ਲੈਣ ਲਈ ਆਏ ਸਨ।
ਸਮਾਨ ਲੈਣ ਤੋਂ ਬਾਅਦ ਜਦੋਂ ਉਹ ਆਪਣੇ ਪਿੰਡ ਵਾਪਸ ਜਾ ਰਹੇ ਸਨ ਤਾਂ ਪਿੰਡ ਲੱਧੂ ਵਾਲਾ ਹਿਠਾੜ ਨੇੜੇ ਪਿੱਛੋਂ ਆ ਰਹੀ ਇੱਕ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਦੱਸਿਆ ਗਿਆ ਹੈ ਕਿ ਕਾਰ ਚਾਲਕ ਵੱਲੋਂ ਤੇਜ਼ ਰਫ਼ਤਾਰ ਅਤੇ ਅਣਗਹਿਲੀ ਨਾਲ ਵਾਹਨ ਚਲਾਇਆ ਜਾ ਰਿਹਾ ਸੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਮੱਘਰ ਸਿੰਘ ਅਤੇ ਸੁਰਜੀਤ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ। ਦੋਵਾਂ ਨੂੰ ਇਲਾਜ ਲਈ ਲਿਜਾਇਆ ਗਿਆ, ਪਰ ਉਹ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਦਮ ਤੋੜ ਗਏ। ਇਸ ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ. ਮੁਖਤਿਆਰ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਜਲਾਲਾਬਾਦ ਦੀ ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਪੁਲਸ ਵੱਲੋਂ ਹਾਦਸੇ ਸਬੰਧੀ ਅਗਲੀ ਜਾਂਚ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ : ਦੁਸਹਿਰੇ ਦੀਆਂ ਖ਼ੁਸ਼ੀਆਂ 'ਚ ਪਏ ਵੈਣ, ਗੁਆਂਢੀਆਂ ਦੀ ਲੋਹੇ ਦੀ ਪੌੜੀ ਨੇ ਖੋਹ ਲਿਆ ਪੁੱਤ
NEXT STORY