ਲੁਧਿਆਣਾ (ਤਰੁਣ): ਬਸਤੀ ਜੋਧੇਵਾਲ ਨੇੜੇ ਇਕ ਤੇਜ਼ ਰਫ਼ਤਾਰ ਵਾਹਨ ਨੇ ਪੈਦਲ ਜਾ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੀ ਸੂਚਨਾ ਮਿਲਦਿਆਂ ਹੀ ਥਾਣਾ ਦਰੇਸੀ ਦੀ ਪੁਲਸ ਮੌਕੇ 'ਤੇ ਪਹੁੰਚੀ। ਮ੍ਰਿਤਕ ਦੀ ਪਚਾਣ ਗੁਰਦੀਪ ਸਿੰਘ ਵਾਸੀ ਬਸਤੀ ਜੋਧੇਵਾਲ ਵਜੋਂ ਹੋਈ ਹੈ। ਉਹ ਤਿੰਨ ਧੀਆਂ ਦਾ ਪਿਓ ਸੀ।
ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਪਤੀ ਸੁੰਦਰ ਨਗਰ ਇਲਾਕੇ ਵਿਚ ਇਕ ਫੈਕਟਰੀ ਵਿਚ ਓਵਰਲਾਕ ਦਾ ਕੰਮ ਕਰਦਾ ਹੈ। ਬੀਤੀ ਰਾਤ ਕੰਮ ਖ਼ਤਮ ਕਰ ਕੇ ਉਸ ਦਾ ਪਤੀ ਘਰ ਵਾਪਸ ਪਰਤ ਰਿਹਾ ਸੀ। ਇਸ ਦੌਰਾਨ ਬਸਤੀ ਮਨੀ ਸਿੰਘ ਪੈਟਰੋਲ ਪੰਪ ਨੇੜੇ ਇਕ ਤੇਜ਼ ਰਫ਼ਤਾਰ ਵਾਹਨ ਨੇ ਉਸ ਦੇ ਪਤੀ ਨੂੰ ਟੱਕਰ ਮਾਰ ਦਿੱਤੀ। ਮੁਲਜ਼ਮ ਡਰਾਈਵਰ ਗੱਡੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਸਿਰ ਵਿਚ ਗੰਭੀਰ ਸੱਟ ਲੱਗਣ ਕਾਰਨ ਉਸ ਦੇ ਪਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਜਾਂਚ ਅਧਿਕਾਰੀ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੀ ਪਤਨੀ ਸੀਮਾ ਦੇ ਬਿਆਨਾਂ 'ਤੇ ਅਣਪਛਾਤੇ ਵਾਹਨ ਚਾਲਕ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਭਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ ਹੈ।
ਧੀ ਨੂੰ ਕਤਲ ਕਰਨ ਵਾਲਾ ਪਿਓ ਗ੍ਰਿਫ਼ਤਾਰ
NEXT STORY