ਮਹਿਲ ਕਲਾਂ (ਹਮੀਦੀ): ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਧਨੇਰ ਨੇੜੇ ਲਿੰਕ ਸੜਕ ‘ਤੇ ਵਾਪਰੇ ਇਕ ਦਿਲ ਦਹfਲਾ ਦੇਣ ਵਾਲੇ ਸੜਕ ਹਾਦਸੇ ਨੇ ਇਕ ਗਰੀਬ ਮਜ਼ਦੂਰ ਪਰਿਵਾਰ ਨੂੰ ਗਹਿਰੇ ਦੁੱਖ ਵਿਚ ਡੁੱਬੋ ਦਿੱਤਾ। ਇਸ ਹਾਦਸੇ ਵਿਚ 10 ਸਾਲਾ ਮਾਸੂਮ ਰਾਜਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਮਾਤਾ ਅਤੇ ਵੱਡਾ ਭਰਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।

ਇਸ ਮੌਕੇ ਸਮਾਜ ਸੇਵੀ ਧਰਮਪਾਲ ਸਿੰਘ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸੰਦੀਪ ਕੌਰ ਪਤਨੀ ਜਸਵਿੰਦਰ ਸਿੰਘ ਰਾਣਾ ਵਾਸੀ ਪਿੰਡ ਕਿਰਪਾਲ ਸਿੰਘ ਵਾਲਾ ਆਪਣੇ ਦੋ ਬੱਚਿਆਂ ਮਨਜਿੰਦਰ ਸਿੰਘ (12 ਸਾਲ) ਅਤੇ ਰਾਜਵਿੰਦਰ ਸਿੰਘ (10 ਸਾਲ) ਨਾਲ ਸਕੂਟਰੀ ‘ਤੇ ਸਵਾਰ ਹੋ ਕੇ ਆਪਣੇ ਪੇਕੇ ਪਿੰਡ ਬੁਰਜ ਰਾਜਗੜ੍ਹ ਜਾ ਰਹੀ ਸੀ। ਜਦੋਂ ਉਹ ਪਿੰਡ ਕਿਰਪਾਲ ਸਿੰਘ ਵਾਲਾ ਤੋਂ ਧਨੇਰ ਨੂੰ ਜਾਂਦੀ ਲਿੰਕ ਸੜਕ ‘ਤੇ ਪਿੰਡ ਧਨੇਰ ਨੇੜੇ ਪਹੁੰਚੇ ਤਾਂ ਰੇਤੇ ਨਾਲ ਭਰੀ ਇਕ ਟਰੈਕਟਰ ਟਰਾਲੀ ਨੇ ਉਨ੍ਹਾਂ ਦੀ ਸਕੂਟਰੀ ਨੂੰ ਆਪਣੀ ਲਪੇਟ ਵਿਚ ਲੈ ਲਿਆ। ਹਾਦਸਾ ਇੰਨਾ ਭਿਆਨਕ ਸੀ ਕਿ ਰਾਜਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਮਾਤਾ ਸੰਦੀਪ ਕੌਰ ਅਤੇ ਭਰਾ ਮਨਜਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਏ।
ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕ ਤੁਰੰਤ ਮਦਦ ਲਈ ਮੌਕੇ ‘ਤੇ ਪਹੁੰਚੇ ਅਤੇ ਪਰਿਵਾਰਕ ਮੈਂਬਰਾਂ ਦੇ ਸਹਿਯੋਗ ਨਾਲ ਜ਼ਖਮੀਆਂ ਨੂੰ ਹਸਪਤਾਲ ਭੇਜਿਆ ਗਿਆ। ਮਨਜਿੰਦਰ ਸਿੰਘ ਨੂੰ ਰਾਏਕੋਟ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਦਕਿ ਦਲਜੀਤ ਕੌਰ ਦਾ ਇਲਾਜ ਜਾਰੀ ਹੈ। ਧਰਮਪਾਲ ਸਿੰਘ ਨੇ ਦੱਸਿਆ ਕਿ ਇਹ ਪਰਿਵਾਰ ਮਿਹਨਤ ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਕਰਦਾ ਆ ਰਿਹਾ ਹੈ। ਇਸ ਹਾਦਸੇ ਨਾਲ ਪਰਿਵਾਰ ਉੱਤੇ ਵੱਡਾ ਆਰਥਿਕ ਤੇ ਮਨੋਵਿਗਿਆਨਕ ਸਦਮਾ ਪਿਆ ਹੈ। ਉਨ੍ਹਾਂ ਕਿਹਾ ਕਿ ਘਟਨਾ ਸਬੰਧੀ ਥਾਣਾ ਮਹਿਲ ਕਲਾਂ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਰਾਜਵਿੰਦਰ ਸਿੰਘ ਚੌਥੀ ਜਮਾਤ ਦਾ ਵਿਦਿਆਰਥੀ ਸੀ। ਇਸ ਦੁੱਖਦਾਈ ਘਟਨਾ ਨਾਲ ਪਿੰਡ ਕਿਰਪਾਲ ਸਿੰਘ ਵਾਲਾ ਸਮੇਤ ਸਾਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉਧਰ ਦੂਜੇ ਪਾਸੇ ਥਾਣਾ ਮਹਿਲਕਲਾਂ ਦੇ ਏਐਸ਼ ਆਈ ਗੁਰਤੇਜ ਸਿੰਘ ਨੇ ਜਾਣਕਾਰੀ ਦਿੰਦੇ ਆ ਦੱਸਿਆ ਕਿ ਮ੍ਰਿਤਕ ਬੱਚੇ ਰਾਜਵਿੰਦਰ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰਵਾਉਣ ਤੋਂ ਬਾਅਦ ਇਹੀ ਅਗਲੀ ਕਾਰਵਾਈ ਅਮਲ ਚ ਲਿਆਂਦੀ ਜਾਵੇਗੀ।
ਵੇਅਰਹਾਊਸ ਮੈਨੇਜਰ ਦੀ ਖੁਦਕੁਸ਼ੀ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ : ਡਾ. ਅਵਤਾਰ ਕਰੀਮਪੁਰੀ
NEXT STORY