ਤਰਨਤਾਰਨ (ਰਮਨ ਚਾਵਲਾ)- ਸਰਹੱਦੀ ਜ਼ਿਲਾ ਤਰਨਤਾਰਨ ਵਿਚ ਨਾਜਾਇਜ਼ ਢੰਗ ਨਾਲ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰਾਂ ਖ਼ਿਲਾਫ਼ ਸਿਹਤ ਵਿਭਾਗ ਅਤੇ ਪੁਲਸ ਵੱਲੋਂ ਕੀਤੀ ਗਈ ਸਾਂਝੀ ਕਾਰਵਾਈ ਦੌਰਾਨ ਪਿੰਡ ਜੰਡ ਵਿਖੇ ਇਕ ਬੰਦ ਪਏ ਨਿੱਜੀ ਸਕੂਲ ਦੀ ਇਮਾਰਤ ਵਿਚ ਚੱਲ ਰਹੇ ਕਥਿਤ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਹੋਇਆ ਹੈ। ਛਾਪੇਮਾਰੀ ਦੌਰਾਨ ਕੇਂਦਰ ਵਿਚ ਬੇਹੱਦ ਮਾੜੇ ਅਤੇ ਅਣਮਨੁੱਖੀ ਹਾਲਾਤ ਵਿਚ ਰੱਖੇ ਗਏ ਨਸ਼ੇ ਦੇ ਆਦੀ 23 ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਇਨ੍ਹਾਂ ਸਾਰੇ ਮਰੀਜ਼ਾਂ ਨੂੰ ਇਲਾਜ ਅਤੇ ਮੁੜ ਵਸੇਬੇ ਲਈ ਪਿੰਡ ਠਰੂ ਵਿਖੇ ਸਥਿਤ ਸਰਕਾਰੀ ਮੁੜ ਵਸੇਬਾ ਕੇਂਦਰ ਵਿਚ ਦਾਖ਼ਲ ਕਰਵਾਇਆ ਗਿਆ ਹੈ। ਇਸ ਕਾਰਵਾਈ ਦੌਰਾਨ ਕੇਂਦਰ ਦਾ ਸੰਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ-ਪੰਜਾਬ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪ੍ਰਸਿੱਧ ਕਾਰੋਬਾਰੀ ਦੀ ਮੌਤ
ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲੇ ਦੇ ਸਹਾਇਕ ਸਿਵਲ ਸਰਜਨ ਡਾ. ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਡਰੱਗ ਇੰਸਪੈਕਟਰ, ਤਹਿਸੀਲਦਾਰ ਪੱਟੀ ਬਲਵਿੰਦਰ ਸ਼ਰਮਾ, ਮਨੋਰੋਗਾਂ ਦੇ ਮਾਹਿਰ ਡਾਕਟਰ ਅਤੇ ਥਾਣਾ ਸਦਰ ਪੱਟੀ ਦੀ ਪੁਲਸ ਨੂੰ ਨਾਲ ਲੈ ਕੇ ਪਿੰਡ ਜੰਡ ਵਿਖੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਸਾਹਮਣੇ ਆਇਆ ਕਿ ਇਕ ਬੰਦ ਪਏ ਨਿੱਜੀ ਸਕੂਲ ਦੀ ਇਮਾਰਤ ਨੂੰ ਨਸ਼ਾ ਛੁਡਾਊ ਕੇਂਦਰ ਵਜੋਂ ਵਰਤਿਆ ਜਾ ਰਿਹਾ ਸੀ। ਜਦੋਂ ਟੀਮ ਵੱਲੋਂ ਕੇਂਦਰ ਚਲਾਉਣ ਸਬੰਧੀ ਲੋੜੀਂਦੇ ਲਾਇਸੈਂਸ ਅਤੇ ਹੋਰ ਕਾਨੂੰਨੀ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਤਾਂ ਮੌਕੇ ’ਤੇ ਕੋਈ ਵੀ ਵੈਧ ਦਸਤਾਵੇਜ਼ ਪੇਸ਼ ਨਹੀਂ ਕੀਤਾ ਜਾ ਸਕਿਆ।
ਇਹ ਵੀ ਪੜ੍ਹੋ-ਸਾਹ ਚੜ੍ਹਨ ਨੂੰ ਨਾ ਸਮਝੋ ਆਮ ਸਮੱਸਿਆ, ਗੰਭੀਰ ਬੀਮਾਰੀ ਦਾ ਕਰਨਾ ਪੈ ਸਕਦਾ ਸਾਹਮਣਾ
ਹੈਰਾਨੀਜਨਕ ਗੱਲ ਇਹ ਸਾਹਮਣੇ ਆਈ ਕਿ ਕੇਂਦਰ ਵਿਚ ਨਸ਼ੇ ਦੀ ਲਤ ਤੋਂ ਛੁਟਕਾਰਾ ਪਾਉਣ ਲਈ ਦਾਖ਼ਲ ਕਰਵਾਏ ਗਏ ਮਰੀਜ਼ਾਂ ਨੂੰ ਕਥਿਤ ਤੌਰ ’ਤੇ ਜਾਨਵਰਾਂ ਵਰਗੇ ਮਾਹੌਲ ਵਿਚ ਰੱਖਿਆ ਜਾ ਰਿਹਾ ਸੀ। ਜਿਨ੍ਹਾਂ ਨਾਲ ਬੇਰਹਿਮੀ ਨਾਲ ਮਾਰਕੁੱਟ ਕੀਤੀ ਜਾਂਦੀ ਸੀ ਅਤੇ ਉਨ੍ਹਾਂ ਨੂੰ ਜੰਜੀਰਾਂ ਨਾਲ ਬੰਨ੍ਹ ਕੇ ਵੀ ਰੱਖਿਆ ਜਾਂਦਾ ਸੀ। ਉਨ੍ਹਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਅਤੇ ਇਲਾਜ ਮੁਹੱਈਆ ਕਰਵਾਉਣ ਦੇ ਪ੍ਰਬੰਧਾਂ ਉਪਰ ਵੀ ਗੰਭੀਰ ਸਵਾਲ ਖੜ੍ਹੇ ਹੋਏ ਹਨ। ਦੂਜੇ ਪਾਸੇ ਇਨ੍ਹਾਂ ਮਰੀਜ਼ਾਂ ਦੇ ਪਰਿਵਾਰਾਂ ਪਾਸੋਂ ਪ੍ਰਤੀ ਮਰੀਜ਼ ਕਰੀਬ 20 ਹਜ਼ਾਰ ਰੁਪਏ ਮਹੀਨਾ ਫੀਸ ਵਸੂਲਣ ਦੀ ਕਥਿਤ ਗੱਲ ਵੀ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ-ਦੁਬਈ ਤੋਂ ਅੰਮ੍ਰਿਤਸਰ ਆਏ 2 ਨੌਜਵਾਨਾਂ ਕੋਲੋਂ ਸ਼ੱਕੀ ਵੀਡੀਓ ਵੇਖ ਅਧਿਕਾਰੀ ਰਹਿ ਗਏ ਹੈਰਾਨ, ਹੋ ਗਈ ਵੱਡੀ ਕਾਰਵਾਈ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਸਿਵਲ ਸਰਜਨ ਡਾਕਟਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ ਕੇਂਦਰ ਵਿਚ ਮੌਜੂਦ ਸਾਰੇ 23 ਮਰੀਜ਼ਾਂ ਨੂੰ ਸੁਰੱਖਿਅਤ ਰੈਸਕਿਊ ਕਰਦਿਆਂ ਉਨ੍ਹਾਂ ਦੀ ਸਿਹਤ ਅਤੇ ਇਲਾਜ ਨੂੰ ਪਹਿਲ ਦਿੱਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਸਰਕਾਰੀ ਮੁੜ ਵਸੇਬਾ ਕੇਂਦਰ ਪਿੰਡ ਠਰੂ ਵਿਖੇ ਦਾਖ਼ਲ ਕਰਵਾਇਆ ਗਿਆ ਤਾਂ ਜੋ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਢੁੱਕਵਾਂ ਇਲਾਜ ਕੀਤਾ ਜਾ ਸਕੇ।
ਇਹ ਵੀ ਪੜ੍ਹੋ-ਪੰਜਾਬ 'ਚ ਭਿਆਨਕ ਹਾਦਸਾ: ਵਿਆਹ ਤੋਂ ਪਰਤ ਰਹੇ 2 ਭਰਾਵਾਂ ਦੀ ਮੌਤ
ਇਸ ਕਾਰਵਾਈ ਨੇ ਜ਼ਿਲੇ ਵਿਚ ਨਸ਼ਾ ਛੁਡਾਉਣ ਦੇ ਨਾਂ ’ਤੇ ਚੱਲ ਰਹੇ ਕਥਿਤ ਗੈਰ-ਕਾਨੂੰਨੀ ਕੇਂਦਰਾਂ ਦੀ ਕਾਰਜਪ੍ਰਣਾਲੀ ਉਪਰ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਸਭ ਤੋਂ ਵੱਡਾ ਸਵਾਲ ਇਹ ਹੈ ਕਿ ਇਕ ਬੰਦ ਪਏ ਸਕੂਲ ਦੀ ਇਮਾਰਤ ਵਿਚ ਇੰਨੀ ਵੱਡੀ ਗਿਣਤੀ ਵਿਚ ਮਰੀਜ਼ਾਂ ਨੂੰ ਰੱਖ ਕੇ ਕੇਂਦਰ ਕਿਵੇਂ ਚਲਾਇਆ ਜਾ ਰਿਹਾ ਸੀ ਅਤੇ ਸਬੰਧਤ ਵਿਭਾਗਾਂ ਨੂੰ ਇਸ ਦੀ ਜਾਣਕਾਰੀ ਪਹਿਲਾਂ ਕਿਉਂ ਨਹੀਂ ਮਿਲੀ।
ਜ਼ਿਲੇ ਦੇ ਹੋਰ ਨਸ਼ਾ ਛੁਡਾਊ ਕੇਂਦਰਾਂ ਦੀ ਜਾਂਚ ਵੀ ਜ਼ਰੂਰੀ
ਪਿੰਡ ਜੰਡ ਵਿਚ ਹੋਈ ਛਾਪੇਮਾਰੀ ਤੋਂ ਬਾਅਦ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਲਈ ਇਹ ਵੀ ਜ਼ਰੂਰੀ ਹੋ ਗਿਆ ਹੈ ਕਿ ਤਰਨਤਾਰਨ ਜ਼ਿਲੇ ਵਿਚ ਚੱਲ ਰਹੇ ਹੋਰ ਨਿੱਜੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੇ ਲਾਇਸੈਂਸਾਂ, ਮੈਡੀਕਲ ਸਹੂਲਤਾਂ, ਮਰੀਜ਼ਾਂ ਦੀ ਸੁਰੱਖਿਆ ਅਤੇ ਵਸੂਲੀਆਂ ਜਾ ਰਹੀਆਂ ਫੀਸਾਂ ਦੀ ਜਾਂਚ ਕਰਵਾਈ ਜਾਵੇ ਤਾਂ ਜੋ ਨਸ਼ਾ ਛੁਡਾਉਣ ਦੇ ਨਾਂ ’ਤੇ ਕਿਸੇ ਵੀ ਮਰੀਜ਼ ਦੀ ਜ਼ਿੰਦਗੀ ਨਾਲ ਖਿਲਵਾੜ ਨਾ ਹੋ ਸਕੇ।
ਨਾਜਾਇਜ਼ ਨਸ਼ਾ ਛੁਡਾਊ ਕੇਂਦਰਾਂ ਦੀ ਭਿਣਕ ਕਿਉਂ ਨਹੀਂ ਲੱਗਦੀ ਸਿਹਤ ਵਿਭਾਗ ਨੂੰ? ਸਬੰਧਤ ਸਟਾਫ ਦੀ ਕਾਰਜਪ੍ਰਣਾਲੀ ਸਵਾਲਾਂ ਦੇ ਘੇਰੇ ’ਚ
ਜ਼ਿਲਾ ਤਰਨਤਾਰਨ ਵਿਚ ਬੀਤੇ ਕਰੀਬ ਛੇ ਮਹੀਨਿਆਂ ਦੌਰਾਨ ਵੱਖ-ਵੱਖ ਇਲਾਕਿਆਂ ਵਿਚ ਅੱਧੀ ਦਰਜਨ ਤੋਂ ਵੱਧ ਨਾਜਾਇਜ਼ ਨਸ਼ਾ ਛੁਡਾਊ ਕੇਂਦਰਾਂ ਦੇ ਸਾਹਮਣੇ ਆਉਣ ਨਾਲ ਸਿਹਤ ਵਿਭਾਗ ਦੀ ਸਬੰਧਤ ਸ਼ਾਖਾ ਅਤੇ ਇਨ੍ਹਾਂ ਕੇਂਦਰਾਂ ਦੀ ਜਾਂਚ ਲਈ ਜ਼ਿੰਮੇਵਾਰ ਸਟਾਫ ਦੀ ਕਾਰਜਪ੍ਰਣਾਲੀ ਉਪਰ ਕਈ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਸਭ ਤੋਂ ਵੱਡਾ ਸਵਾਲ ਇਹ ਹੈ ਕਿ ਆਖ਼ਰ ਬਿਨਾਂ ਕਿਸੇ ਕਾਨੂੰਨੀ ਮਨਜ਼ੂਰੀ ਤੋਂ ਚੱਲ ਰਹੇ ਇਨ੍ਹਾਂ ਕੇਂਦਰਾਂ ਦੀ ਭਿਣਕ ਸਿਹਤ ਵਿਭਾਗ ਦੇ ਸਬੰਧਤ ਸਟਾਫ ਨੂੰ ਸਮੇਂ ਸਿਰ ਕਿਉਂ ਨਹੀਂ ਲੱਗਦੀ? ਆਖ਼ਰ ਅਜਿਹੇ ਕੇਂਦਰਾਂ ਖ਼ਿਲਾਫ਼ ਕਾਰਵਾਈ ਲਈ ਜ਼ਿਲੇ ਦੇ ਡਿਪਟੀ ਕਮਿਸ਼ਨਰ ਨੂੰ ਹੀ ਵਾਰ-ਵਾਰ ਦਖ਼ਲ ਕਿਉਂ ਦੇਣਾ ਪੈਂਦਾ ਹੈ? ਕੀ ਨਸ਼ਾ ਛੁਡਾਊ ਕੇਂਦਰਾਂ ਦੀ ਨਿਗਰਾਨੀ ਲਈ ਤਾਇਨਾਤ ਸਟਾਫ ਵੱਲੋਂ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ ਜਾਂ ਫਿਰ ਇਸ ਪਿੱਛੇ ਕੋਈ ਹੋਰ ਕਾਰਨ ਹਨ? ਇਨ੍ਹਾਂ ਸਵਾਲਾਂ ਨੂੰ ਲੈ ਕੇ ਸਿਹਤ ਵਿਭਾਗ ਦੀ ਸਬੰਧਤ ਸ਼ਾਖਾ ਦੀ ਕਾਰਗੁਜ਼ਾਰੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਅਜਿਹੇ ਹਾਲਾਤ ਵਿਚ ਉੱਚ ਅਧਿਕਾਰੀਆਂ ਵੱਲੋਂ ਸਬੰਧਤ ਸਟਾਫ ਦੀ ਕਾਰਜਪ੍ਰਣਾਲੀ ਅਤੇ ਪਿਛਲੇ ਸਮੇਂ ਦੌਰਾਨ ਕੀਤੀਆਂ ਗਈਆਂ ਜਾਂਚਾਂ ਦੀ ਸਮੀਖਿਆ ਕਰਵਾਉਣ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ।
ਨਾਜਾਇਜ਼ ਨਸ਼ਾ ਛੁਡਾਊ ਕੇਂਦਰ ਚਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸਿਵਲ ਸਰਜਨ
ਇਸ ਸਬੰਧੀ ਸਿਵਲ ਸਰਜਨ ਡਾ. ਸੰਦੀਪ ਧਵਨ ਨੇ ਦੱਸਿਆ ਕਿ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਜ਼ਿਲੇ ਦੇ ਵੱਖ-ਵੱਖ ਇਲਾਕਿਆਂ ਵਿਚ ਜਾਂਚ ਅਤੇ ਛਾਪੇਮਾਰੀ ਕਰਕੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਂਦੀ ਹੈ। ਇਸ ਦੇ ਬਾਵਜੂਦ ਕੁਝ ਲੋਕ ਨਿੱਜੀ ਮੁਨਾਫ਼ੇ ਲਈ ਗੈਰ-ਕਾਨੂੰਨੀ ਢੰਗ ਨਾਲ ਨਸ਼ਾ ਛੁਡਾਊ ਕੇਂਦਰ ਚਲਾਉਣ ਤੋਂ ਬਾਜ਼ ਨਹੀਂ ਆ ਰਹੇ। ਅਜਿਹੀਆਂ ਗਤੀਵਿਧੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਬਿਨਾਂ ਕਾਨੂੰਨੀ ਮਨਜ਼ੂਰੀ ਤੋਂ ਕੇਂਦਰ ਚਲਾਉਣ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਮਰੀਜ਼ਾਂ ਦੀ ਸਿਹਤ ਅਤੇ ਸੁਰੱਖਿਆ ਨਾਲ ਖਿਲਵਾੜ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
SBI ਦੀ UPI ਸੇਵਾ ਅੱਜ ਰਹੇਗੀ ਬੰਦ ; ਜਾਣੋ ਕਦੋਂ ਤੇ ਕਿੰਨੀ ਦੇਰ ਨਹੀਂ ਹੋ ਸਕੇਗਾ ਭੁਗਤਾਨ
NEXT STORY