ਜਲੰਧਰ (ਪੁਨੀਤ) – ਮਾਨਸੂਨ ਦੇ ਮੱਦੇਨਜ਼ਰ ਹੜ੍ਹ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਨੇ ਪੁਖਤਾ ਪ੍ਰਬੰਧ ਕਰ ਲਏ ਹਨ ਤਾਂ ਕਿ ਨਹਿਰਾਂ, ਨਾਲਿਆਂ ਵਿਚ ਪਾਣੀ ਦਾ ਪੱਧਰ ਵਧਣ ’ਤੇ ਉਸ ਨਾਲ ਨਜਿੱਠਿਆ ਜਾ ਸਕੇ। ਡੀ. ਸੀ. ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਹੜ੍ਹ ਦੇ ਹਾਲਾਤ ਦੌਰਾਨ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਪਹਿਲਾਂ ਹੀ ਢੁੱਕਵੇਂ ਪ੍ਰਬੰਧ ਯਕੀਨੀ ਬਣਾ ਲਏ ਗਏ ਹਨ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲੇ ਵਿਚ ਸਥਿਤੀ ਪੂਰੀ ਤਰ੍ਹਾਂ ਆਮ ਹੈ ਅਤੇ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ। ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਹੜ੍ਹ ਨੂੰ ਰੋਕਣ ਲਈ ਸ਼ਹਿਰਾਂ ਅਤੇ ਪਿੰਡਾਂ ਦੇ ਨਹਿਰਾਂ, ਨਾਲਿਆਂ, ਡ੍ਰੇਨ ਦੀ ਸਫਾਈ, ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ, ਪਿੰਡਾਂ ਦੇ ਤਲਾਬਾਂ ਵਿਚੋਂ ਪਾਣੀ ਕੱਢਣ ਸਮੇਤ ਢੁੱਕਵੇਂ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਕਿਸੇ ਵੀ ਹੰਗਾਮੀ ਸਥਿਤੀ ਨਾਲ ਤੁਰੰਤ ਨਜਿੱਠਣ ਲਈ ਲੋੜੀਂਦੀ ਮਾਤਰਾ ਵਿਚ ਮਿੱਟੀ ਦੇ ਬੋਰਿਆਂ, ਫਲੱਡ ਲਾਈਟਾਂ, ਸਰਚ ਲਾਈਟਾਂ, ਲਾਈਫ ਜੈਕੇਟ, ਰੱਸੀਆਂ, ਬੇੜੀਆਂ ਅਤੇ ਹੋਰ ਜ਼ਰੂਰੀ ਪ੍ਰਬੰਧ ਪਹਿਲਾਂ ਹੀ ਕਰ ਲਏ ਗਏ ਹਨ। ਇਸ ਦੇ ਨਾਲ ਹੀ ਲੋਕਾਂ ਦੀ ਸਹੂਲਤ ਲਈ ਜ਼ਿਲਾ ਅਤੇ ਡਵੀਜ਼ਨ ਪੱਧਰ ’ਤੇ ਹੜ੍ਹ ਕੰਟਰੋਲ ਰੂਮ ਵੀ ਸਥਾਪਤ ਕੀਤੇ ਗਏ ਹਨ, ਜਿਥੇ ਲੋਕ ਹੰਗਾਮੀ ਸਥਿਤੀ ਵਿਚ ਸੰਪਰਕ ਕਰ ਸਕਦੇ ਹਨ।
ਡਾ. ਅਗਰਵਾਲ ਨੇ ਕਿਹਾ ਕਿ ਪ੍ਰਸ਼ਾਸਨ ਨੇ ਹੜ੍ਹ ਤੋਂ ਬਚਾਅ ਨੂੰ ਲੈ ਕੇ ਮੌਕ ਡ੍ਰਿੱਲ ਵੀ ਕੀਤੀਆਂ ਹਨ। ਹਾਲ ਹੀ ਵਿਚ ਜ਼ਿਲਾ ਪ੍ਰਸ਼ਾਸਨ ਵੱਲੋਂ ਭਾਰਤੀ ਫੌਜ, ਐੱਨ. ਡੀ. ਆਰ. ਐੱਫ., ਐੱਸ. ਡੀ. ਆਰ.ਐੱਫ. ਅਤੇ ਹੋਰਨਾਂ ਵਿਭਾਗਾਂ ਦੇ ਸਹਿਯੋਗ ਨਾਲ ਸਤਲੁਜ ਦਰਿਆ ਦੇ ਕੰਢੇ ਤਲਵੰਡੀ ਕਲਾਂ ਪਿੰਡ ਵਿਚ ਹੜ੍ਹ ਸੁਰੱਖਿਆ ਅਭਿਆਸ ਕੀਤਾ ਗਿਆ ਸੀ।
ਮਾਨਸੂਨ ਸੀਜ਼ਨ ਦੌਰਾਨ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਹਰ ਸਥਿਤੀ ’ਤੇ ਤਿੱਖੀ ਨਜ਼ਰ ਰੱਖ ਰਿਹਾ ਹੈ। ਜ਼ਿਲੇ ਵਿਚੋਂ ਲੰਘਣ ਵਾਲੀਆਂ ਸਾਰੀਆਂ ਨਹਿਰਾਂ ਅਤੇ ਨਾਲਿਆਂ ਦੀ ਸਫਾਈ ਕਰ ਦਿੱਤੀ ਹੈ ਪਰ ਫਿਰ ਵੀ ਜੇਕਰ ਕਿਸੇ ਪਿੰਡ ਵਿਚ ਪਾਣੀ ਦੀ ਆਦਿ ਵਿਚ ਰੁਕਾਵਟ ਦੀ ਸਮੱਸਿਆ ਹੈ ਤਾਂ ਲੋਕ ਸਬੰਧਤ ਐੱਸ. ਡੀ. ਐੱਮ. ਨਾਲ ਸੰਪਰਕ ਕਰ ਸਕਦੇ ਹਨ।
ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
NEXT STORY