ਫਿਰੋਜ਼ਪੁਰ (ਪਰਮਜੀਤ ਸੋਢੀ) : ਜ਼ਿਲ੍ਹਾ ਫਿਰੋਜ਼ਪੁਰ 'ਚ ਨੌਜਵਾਨਾਂ ਨੂੰ ਵੋਟਰ ਸੂਚੀਆਂ 'ਚ ਰਜਿਸਟਰ ਕਰਨ ਅਤੇ ਵੋਟਰ ਜਾਗਰੂਕਤਾ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮਕਸਦ ਨਾਲ ਸਹਾਇਕ ਕਮਿਸ਼ਨਰ ਹਿਮਾਂਸ਼ੂ ਕਾਦੀਆਂਨ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਸਾਲ 2027 ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਅਤੇ ਵਿੱਦਿਅਕ ਸੰਸਥਾਵਾਂ 'ਚ ਪੜ੍ਹ ਰਹੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਯੋਗ ਨੌਜਵਾਨਾਂ ਦੀ ਵੱਧ ਤੋਂ ਵੱਧ ਵੋਟਰ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਹਿਮਾਂਸ਼ੂ ਕਾਦੀਆਂ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਨਾਗਰਿਕ ਦਾ ਵੋਟਰ ਸੂਚੀ 'ਚ ਨਾਮ ਦਰਜ ਹੋਣਾ ਬੇਹੱਦ ਜ਼ਰੂਰੀ ਹੈ।
ਉਨ੍ਹਾਂ ਵਿੱਦਿਅਕ ਸੰਸਥਾਵਾਂ ਦੇ ਮੁਖੀਆਂ ਅਤੇ ਈਐੱਲਸੀ ਕੋ-ਆਰਡੀਨੇਟਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਦਾਰਿਆਂ 'ਚ ਵਿਸ਼ੇਸ਼ ਮੁਹਿੰਮ ਚਲਾ ਕੇ ਯੋਗ ਨੌਜਵਾਨਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ, ਲੋਕਤੰਤਰ ਵਿੱਚ ਉਨ੍ਹਾਂ ਦੀ ਭੂਮਿਕਾ ਅਤੇ ਜ਼ਿੰਮੇਵਾਰ ਵੋਟਰ ਬਣਨ ਪ੍ਰਤੀ ਜਾਗਰੂਕ ਕੀਤਾ ਜਾਵੇ। ਇਸ ਮਕਸਦ ਲਈ ਕਾਲਜਾਂ ਅਤੇ ਸਕੂਲਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦੀ ਲੋੜ ਹੈ। ਮੀਟਿੰਗ ਵਿਚ ਚੋਣ ਕਾਨੂੰਗੋ ਗਗਨ, ਸਵੀਪ ਕੋਆਰਡੀਨੇਟਰ ਕਮਲ ਸ਼ਰਮਾ, ਟਰੇਨਿੰਗ ਕੋਆਰਡੀਨੇਟਰ ਦਵਿੰਦਰ ਨਾਥ ਦੇ ਨਾਲ ਜ਼ਿਲ੍ਹੇ ਦੀਆਂ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਮੁਖੀਆਂ, ਈਐੱਲਸੀ ਕੋਆਰਡੀਨੇਟਰਾਂ ਅਤੇ ਸਬੰਧਤ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦਾ ਮੁੱਖ ਉਦੇਸ਼ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਕੋਈ ਵੀ ਯੋਗ ਨੌਜਵਾਨ ਵੋਟਰ ਰਜਿਸਟਰੇਸ਼ਨ ਤੋਂ ਵਾਂਝਾ ਨਾ ਰਹੇ ਅਤੇ ਲੋਕਤੰਤਰਿਕ ਪ੍ਰਕਿਰਿਆ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ। ਇਸ ਮੌਕੇ ਡਾ. ਅਮਰ ਜੋਤੀ ਮਾਂਗਟ, ਮਨੀਸ਼ ਸਿੰਗਲਾ, ਅਦਿੱਤੀ ਆਦਿ ਹਾਜ਼ਰ ਸਨ।
ਪੰਜਾਬ : ਇਕੱਠੀ ਚਮਕੀ 3 ਲੋਕਾਂ ਦੀ ਕਿਸਮਤ, ਅਚਾਨਕ ਬਣ ਗਏ ਲੱਖਪਤੀ, ਜਿੱਤੇ 5-5 ਲੱਖ ਦੇ ਇਨਾਮ
NEXT STORY