ਸੁਲਤਾਨਪੁਰ ਲੋਧੀ (ਧੀਰ, ਸੋਢੀ)-ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਪਟਾਕਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ’ਤੇ ਨਕੇਲ ਕੱਸਣ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਸੁਲਤਾਨਪੁਰ ਲੋਧੀ ਦਾ ਸਿਵਲ ਤੇ ਪੁਲਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਸ਼ਨੀਵਾਰ ਨੂੰ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਨੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਦੁਕਾਨਾਂ ਦੀ ਅਚਨਚੇਤ ਚੈਕਿੰਗ ਕਰਦਿਆਂ ਪਟਾਕਿਆਂ ਦੇ ਭੰਡਾਰਨ, ਵਿਕਰੀ ਅਤੇ ਲਾਇਸੈਂਸ ਸਬੰਧੀ ਨਿਯਮਾਂ ਦੀ ਜਾਂਚ ਕੀਤੀ। ਇਸ ਕਾਰਵਾਈ ਦਾ ਮਕਸਦ ਪਾਬੰਦੀਸ਼ੁਦਾ ਪਟਾਕਿਆਂ ਦੀ ਵਿਕਰੀ ਨੂੰ ਰੋਕਣਾ ਅਤੇ ਬਿਨਾਂ ਮਨਜ਼ੂਰੀ ਪਟਾਕੇ ਸਟੋਰ ਕਰਨ ਵਾਲਿਆਂ ’ਤੇ ਨਜ਼ਰ ਰੱਖਣਾ ਹੈ। ਜਾਂਚ ਦੌਰਾਨ ਗ਼ੈਰ-ਕਾਨੂੰਨੀ ਭੰਡਾਰਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਪਰ ਪ੍ਰਸ਼ਾਸਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ।
ਐੱਸ. ਡੀ. ਐੱਮ. ਸੁਲਤਾਨਪੁਰ ਲੋਧੀ ਜਸਜੀਤ ਸਿੰਘ ਨੇ ਦੱਸਿਆ ਕਿ ਪਟਾਕਿਆਂ ਦੇ ਗ਼ੈਰ-ਕਾਨੂੰਨੀ ਭੰਡਾਰਨ ਅਤੇ ਵਿਕਰੀ ਨੂੰ ਰੋਕਣ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਨੂੰ ਬਾਜ਼ਾਰਾਂ ਵਿਚ ਨਿਗਰਾਨੀ ਰੱਖਣ ਅਤੇ ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਉਦੇਸ਼ ਸਿਰਫ਼ ਚੈਕਿੰਗ ਕਰਨਾ ਹੀ ਨਹੀਂ, ਸਗੋਂ ਇਹ ਯਕੀਨੀ ਬਣਾਉਣਾ ਵੀ ਹੈ ਕਿ ਤਿਉਹਾਰ ਦੌਰਾਨ ਲੋਕਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਾ ਹੋਵੇ ਅਤੇ ਪਟਾਕਿਆਂ ਦਾ ਕਾਰੋਬਾਰ ਤੈਅ ਨਿਯਮਾਂ ਅਨੁਸਾਰ ਹੀ ਚੱਲੇ। ਐੱਸ. ਡੀ. ਐੱਮ. ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜੁਆਇੰਟ ਪਟਾਕਿਆਂ ਅਤੇ ਪਟਾਕਿਆਂ ਦੀਆਂ ਲੜੀਆਂ ਸਮੇਤ ਪਾਬੰਦੀਸ਼ੁਦਾ ਪਟਾਕਿਆਂ ਦੇ ਨਿਰਮਾਣ, ਭੰਡਾਰਨ, ਵੰਡ, ਵਿਕਰੀ ਅਤੇ ਵਰਤੋਂ ’ਤੇ ਰੋਕ ਲਗਾਈ ਗਈ ਹੈ। ਦੁਕਾਨਦਾਰਾਂ ਨੂੰ ਸਰਕਾਰ ਵੱਲੋਂ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨੂੰ ਅਣਡਿੱਠਾ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਲੁਧਿਆਣਾ 'ਚ ਇਨੋਵਾ ਸਵਾਰ ਬੰਦੇ ਦੇ ਗੋਲ਼ੀਆਂ ਮਾਰ ਕੀਤੇ ਕਤਲ ਮਾਮਲੇ 'ਚ ਪੁਲਸ ਦੇ ਸਨਸਨੀਖ਼ੇਜ਼ ਖ਼ੁਲਾਸੇ
ਉਨ੍ਹਾਂ ਸਪੱਸ਼ਟ ਕੀਤਾ ਕਿ ਨਿਰਧਾਰਤ ਮਾਪਦੰਡਾਂ ’ਤੇ ਖਰੇ ਉਤਰਨ ਵਾਲੇ ਮਨਜ਼ੂਰਸ਼ੁਦਾ ਗ੍ਰੀਨ ਪਟਾਕਿਆਂ ਦੀ ਹੀ ਵਿਕਰੀ ਅਤੇ ਵਰਤੋਂ ਦੀ ਇਜਾਜ਼ਤ ਹੋਵੇਗੀ। ਇਨ੍ਹਾਂ ਪਟਾਕਿਆਂ ਵਿੱਚ ਬੇਰੀਅਮ ਲੂਣ ਜਾਂ ਐਂਟੀਮਨੀ, ਲਿਥੀਅਮ, ਪਾਰਾ, ਆਰਸੈਨਿਕ, ਲੈੱਡ ਅਤੇ ਸਟ੍ਰੋਂਟੀਅਮ ਕ੍ਰੋਮੇਟ ਦੇ ਮਿਸ਼ਰਣ ਨਹੀਂ ਹੋਣੇ ਚਾਹੀਦੇ। ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਉਨ੍ਹਾਂ ਕੋਲ ਮੌਜੂਦ ਪਟਾਕੇ ਸਰਕਾਰ ਵੱਲੋਂ ਮਨਜ਼ੂਰਸ਼ੁਦਾ ਸ਼੍ਰੇਣੀ ਵਿੱਚ ਆਉਂਦੇ ਹੋਣ ਅਤੇ ਉਨ੍ਹਾਂ ਸਬੰਧੀ ਸਾਰੇ ਲੋੜੀਂਦੇ ਨਿਯਮ ਪੂਰੇ ਕੀਤੇ ਗਏ ਹੋਣ। ਐੱਸ. ਡੀ. ਐੱਮ. ਜਸਜੀਤ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਆਉਣ ਵਾਲੇ ਦਿਨਾਂ ਵਿਚ ਵੀ ਬਾਜ਼ਾਰਾਂ ਅਤੇ ਪਟਾਕਿਆਂ ਦੀ ਵਿਕਰੀ ਵਾਲੀਆਂ ਥਾਵਾਂ ’ਤੇ ਨਿਗਰਾਨੀ ਜਾਰੀ ਰੱਖੀ ਜਾਵੇਗੀ। ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਵਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਅਤੇ ਇਸ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਆਨਲਾਈਨ ਪਟਾਕਿਆਂ ਦੀ ਵਿਕਰੀ ’ਤੇ ਵੀ ਪਾਬੰਦੀ
ਐੱਸ. ਡੀ. ਐੱਮ. ਜਸਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਐਮਾਜ਼ੋਨ, ਫਲਿੱਪਕਾਰਟ ਸਮੇਤ ਹੋਰ ਈ-ਕਾਮਰਸ ਪਲੇਟਫਾਰਮਾਂ ਅਤੇ ਆਨਲਾਈਨ ਪੋਰਟਲਾਂ ਰਾਹੀਂ ਪੰਜਾਬ ਵਿੱਚ ਪਟਾਕਿਆਂ ਦੇ ਆਨਲਾਈਨ ਆਰਡਰ ਲੈਣ ਅਤੇ ਵਿਕਰੀ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਸ ਲਈ ਵਪਾਰੀਆਂ ਦੇ ਨਾਲ-ਨਾਲ ਆਨਲਾਈਨ ਵਿਕਰੀ ਨਾਲ ਜੁੜੇ ਪਲੇਟਫਾਰਮਾਂ ਨੂੰ ਵੀ ਸਰਕਾਰੀ ਨਿਯਮਾਂ ਦੀ ਪਾਲਣਾ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਨਿਯਮਾਂ ਤੋਂ ਬਚ ਕੇ ਪਟਾਕਿਆਂ ਦੀ ਵਿਕਰੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪ੍ਰਸ਼ਾਸਨ ਵੱਲੋਂ ਬਾਜ਼ਾਰਾਂ ਵਿਚ ਕੀਤੀ ਜਾ ਰਹੀ ਜਾਂਚ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਦੁਕਾਨਦਾਰ ਪਾਬੰਦੀਸ਼ੁਦਾ ਪਟਾਕੇ ਵੇਚਣ ਜਾਂ ਬਿਨਾਂ ਮਨਜ਼ੂਰੀ ਉਨ੍ਹਾਂ ਦਾ ਭੰਡਾਰਨ ਕਰਨ ਵਿੱਚ ਸ਼ਾਮਲ ਨਾ ਹੋਵੇ।
ਬਿਨਾਂ ਲਾਇਸੈਂਸ ਪਟਾਕੇ ਵੇਚਣ ਦੀ ਇਜਾਜ਼ਤ ਨਹੀਂ
ਜ਼ਿਲੇ ਵਿਚ ਸਿਰਫ਼ ਵੈਧ ਲਾਇਸੈਂਸ ਧਾਰਕ ਵਪਾਰੀਆਂ ਨੂੰ ਹੀ ਨਿਰਧਾਰਤ ਥਾਵਾਂ ’ਤੇ ਮਨਜ਼ੂਰਸ਼ੁਦਾ ਗ੍ਰੀਨ ਪਟਾਕੇ ਵੇਚਣ ਦੀ ਇਜਾਜ਼ਤ ਹੋਵੇਗੀ। ਬਿਨਾਂ ਲਾਇਸੈਂਸ ਪਟਾਕੇ ਵੇਚਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿਚ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ। ਲਾਇਸੈਂਸ ਹੋਣ ਦੇ ਬਾਵਜੂਦ ਵਪਾਰੀ ਨਿਰਧਾਰਤ ਨਿਯਮਾਂ ਤੋਂ ਬਾਹਰ ਜਾ ਕੇ ਪਟਾਕਿਆਂ ਦਾ ਭੰਡਾਰਨ, ਪ੍ਰਦਰਸ਼ਨ ਜਾਂ ਵਿਕਰੀ ਨਹੀਂ ਕਰ ਸਕਦੇ। ਉਨ੍ਹਾਂ ਮੁਤਾਬਕ ਪਟਾਕਿਆਂ ਦੀ ਆਵਾਜ਼ ਲਈ ਤੈਅ ਡੈਸੀਬਲ ਸੀਮਾਵਾਂ ਦੀ ਪਾਲਣਾ ਕਰਨੀ ਵੀ ਲਾਜ਼ਮੀ ਹੈ। ਨਿਰਧਾਰਤ ਸੀਮਾ ਤੋਂ ਵੱਧ ਆਵਾਜ਼ ਪੈਦਾ ਕਰਨ ਵਾਲੇ ਪਟਾਕਿਆਂ ਦੇ ਭੰਡਾਰਨ ਅਤੇ ਵਿਕਰੀ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਲਈ ਦੁਕਾਨਦਾਰਾਂ ਨੂੰ ਚਾਹੀਦਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਦਾ ਸਮਾਨ ਰੱਖਣ ਜਾਂ ਵੇਚਣ ਤੋਂ ਪਹਿਲਾਂ ਸਰਕਾਰੀ ਹਦਾਇਤਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12 ਤਰ੍ਹਾਂ ਦੀਆਂ ਦਵਾਈਆਂ ਜ਼ਬਤ
NEXT STORY