ਮਾਛੀਵਾੜਾ ਸਾਹਿਬ (ਟੱਕਰ) : ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਆਮਦ ਦੀ ਯਾਦ 'ਚ ਮਾਛੀਵਾੜਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਲੱਗਦੇ ਜੋੜ ਮੇਲ ਦੇ ਦੂਜੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੁੱਜੇ। ਉਨ੍ਹਾਂ ਨੇ ਗੁਰੂ ਘਰ ਦੇ ਦਰਸ਼ਨ ਕੀਤੇ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਦਾਨ ਤਾਂ ਹਰੇਕ ਵਿਅਕਤੀ ਕਰ ਸਕਦਾ ਹੈ ਪਰ ਸਾਡੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਕੌਮ ਲਈ ਆਪਣਾ ਪੂਰਾ ਸਰਬੰਸ ਦਾਨ ਕਰ ਦਿੱਤਾ, ਜਿਸ ਦੀ ਦੁਨੀਆ 'ਚ ਕਿਤੇ ਵੀ ਕੋਈ ਹੋਰ ਮਿਸਾਲ ਦੇਖਣ ਨੂੰ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਇਹ ਸ਼ਹੀਦੀ ਪੰਦਰਵਾੜਾ ਸੰਗਤਾਂ ਬੜੇ ਹੀ ਸਾਦੇ ਢੰਗ ਨਾਲ ਮਨਾਉਣ ਅਤੇ ਮਾਪੇ ਆਪਣੇ ਬੱਚਿਆਂ ਨੂੰ ਗੁਰੂ ਘਰਾਂ ਦੇ ਦਰਸ਼ਨਾਂ ਅਤੇ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਉਣ ਲਈ ਜ਼ਰੂਰ ਲਿਆਉਣ ਤਾਂ ਜੋ ਉਹ ਆਪਣੇ ਵਿਰਸੇ ਨਾਲ ਜੁੜੇ ਰਹਿ ਸਕਣ।
ਇਹ ਵੀ ਪੜ੍ਹੋ : ਮੋਹਾਲੀ ਦੇ ਸਰਕਾਰੀ ਸਕੂਲ 'ਚ ਤੇਜ਼ਧਾਰ ਹਥਿਆਰ ਲੈ ਕੇ ਵੜਿਆ ਵਿਦਿਆਰਥੀ, ਦੇਖਦੇ ਹੀ ਦੇਖਦੇ ਕਰਤਾ ਵੱਡਾ ਕਾਰਾ
ਐਡਵੋਕੇਟ ਧਾਮੀ ਨੇ ਸਿੱਖ ਕੌਮ 'ਚ ਵਿਰੋਧੀ ਤਾਕਤਾਂ ਦੀ ਵੱਧ ਰਹੀ ਦਖ਼ਲ-ਅੰਦਾਜ਼ੀ ’ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਸਾਡੀ ਕੌਮ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਇਆ ਫ਼ੈਸਲਾ ਸਰਵਉੱਚ ਹੈ, ਜੋ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਉੱਚਾ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖ ਕੌਮ ਨੂੰ ਕਮਜ਼ੋਰ ਕਰਨ ਲਈ ਕੁੱਝ ਤਾਕਤਾਂ ਸਿੱਧੀ ਦਖ਼ਲ-ਅੰਦਾਜ਼ੀ ਕਰ ਰਹੀਆਂ ਹਨ, ਜਿਸ ਦੀ ਮਿਸਾਲ ਸਭ ਤੋਂ ਪਹਿਲਾਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਬੋਰਡ ਦਾ ਗਠਨ ਹੋਇਆ, ਫਿਰ ਪਟਨਾ ਸਾਹਿਬ ਵਿਖੇ। ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ 'ਚ ਸਿੱਖ ਸੰਗਤ ਨੇ ਇੱਕਜੁੱਟ ਹੋ ਕੇ ਇਸ ਦਾ ਵਿਰੋਧ ਨਾ ਕੀਤਾ ਤਾਂ ਬਾਕੀ ਸਾਡੇ ਹੋਰ ਜੋ 3 ਤਖ਼ਤ ਸਾਹਿਬਾਨ ਹਨ, ਉਨ੍ਹਾਂ ’ਤੇ ਵੀ ਖਦਸ਼ਾ ਹੈ ਕਿ ਬੋਰਡ ਦਾ ਗਠਨ ਕਰ ਕੌਮ ਤੋਂ ਹੱਕ ਖੋਹ ਲਏ ਜਾਣਗੇ। ਉਨ੍ਹਾਂ ਕਿਹਾ ਕਿ ਸਿੱਖ ਵਿਰੋਧੀ ਤਾਕਤਾਂ ਵੱਲੋਂ ਪਹਿਲਾਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਫਿਰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ’ਚ ਦਖ਼ਲ-ਅੰਦਾਜ਼ੀ ਕੀਤੀ ਜਾ ਰਹੀ ਹੈ, ਜਿਸ ਨੂੰ ਰੋਕਣ ਲਈ ਸਾਰੀ ਕੌਮ ਤੇ ਸਾਰੇ ਆਗੂਆਂ ਨੂੰ ਇੱਕਜੁਟ ਹੋਣ ਦੀ ਲੋੜ ਹੈ।
ਇਹ ਵੀ ਪੜ੍ਹੋ : 'ਦਰਾਣੀ ਨਾਲ ਰਹਿ ਰਿਹਾ ਪਤੀ, ਹੁਣ ਸਹਿਣ ਨਹੀਂ ਹੁੰਦਾ', ਮਰਨ ਤੋਂ ਪਹਿਲਾਂ ਔਰਤ ਰੋ-ਰੋ ਸੁਣਾ ਗਈ ਦਿਲ ਦਾ ਹਾਲ
ਐਡਵੋਕੇਟ ਧਾਮੀ ਨੇ ਕਿਹਾ ਕਿ ਜੇਕਰ ਪੰਜਾਬ 'ਚ ਕੋਈ ਵਿਅਕਤੀ ਸਾਡੀ ਕੌਮ ਖ਼ਿਲਾਫ਼ ਬਿਆਨਬਾਜ਼ੀ ਕਰਦਾ ਹੈ ਤਾਂ ਉਸ 'ਤੇ ਕੋਈ ਵੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਂਦੀ। ਬੰਦੀ ਸਿੰਘਾਂ ਦੀ ਰਿਹਾਈ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੋ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸ 'ਚ ਸੰਗਤ ਵੱਧ ਤੋਂ ਵੱਧ ਸਹਿਯੋਗ ਦੇਵੇ ਤਾਂ ਜੋ ਕੇਂਦਰ ਸਰਕਾਰ ਉਨ੍ਹਾਂ ਨੂੰ ਜਲਦ ਤੋਂ ਜਲਦ ਰਿਹਾਅ ਕਰ ਸਕੇ। ਇਸ ਮੌਕੇ ਅਕਾਲੀ ਦਲ ਦੇ ਜਨਰਲ ਸਕੱਤਰ ਸੰਤਾ ਸਿੰਘ ਉਮੈਦਪੁਰ, ਕਰਨੈਲ ਸਿੰਘ ਪੰਜੋਲੀ, ਸਰਬੰਸ ਸਿੰਘ ਮਾਣਕੀ, ਹਰਜਤਿੰਦਰ ਸਿੰਘ ਪਵਾਤ, ਰਣਜੀਤ ਸਿੰਘ ਮੰਗਲੀ (ਸਾਰੇ ਸ਼੍ਰੋਮਣੀ ਕਮੇਟੀ ਮੈਂਬਰ) ਤੋਂ ਇਲਾਵਾ ਅਕਾਲੀ ਦਲ ਦੇ ਹਲਕਾ ਮੁੱਖ ਸੇਵਾਦਾਰ ਪਰਮਜੀਤ ਢਿੱਲੋਂ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨਾਂ ਵਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਧਰਮ ਦਾ ਪ੍ਰਚਾਰ ਕਰਨਾ ਚਾਹੀਦਾ ਹੈ ਤਾਂ ਜੋ ਜਿਹੜੇ ਲੋਕ ਪਤਿਤਪੁਣੇ ਦਾ ਸ਼ਿਕਾਰ ਹੋ ਰਹੇ ਹਨ, ਉਨ੍ਹਾਂ ਨੂੰ ਸਹੀ ਸੇਧ ਮਿਲ ਸਕੇ। ਇਸ ਮੌਕੇ ਉਨ੍ਹਾਂ ਨਾਲ ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ, ਸਰਕਲ ਜੱਥੇਦਾਰ ਹਰਦੀਪ ਸਿੰਘ ਬਹਿਲੋਲਪੁਰ, ਜੱਥੇਦਾਰ ਹਰਜੀਤ ਸਿੰਘ ਸ਼ੇਰੀਆਂ, ਚਰਨਜੀਤ ਸਿੰਘ ਲੱਖੋਵਾਲ, ਅਮਨਦੀਪ ਸਿੰਘ ਤਨੇਜਾ ਵੀ ਮੌਜੂਦ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਹੁਰਿਆਂ ਦੇ ਤਸ਼ੱਦਦ ਅੱਗੇ ਹਾਰੀ ਧੀ ਕਰ ਗਈ ਖ਼ੁਦਕੁਸ਼ੀ, ਮਾਂ ਨੇ ਬਿਆਨ ਕੀਤਾ ਇਕ-ਇਕ ਦਰਦ
NEXT STORY