ਮਾਨਸਾ (ਸੰਦੀਪ ਮਿੱਤਲ) : ਸ਼੍ਰੋਮਣੀ ਅਕਾਲੀ ਦਲ ਨੂੰ ਮਾਨਸਾ ਜ਼ਿਲ੍ਹੇ ’ਚ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਯੂਥ ਅਕਾਲੀ ਦਲ ਮਾਨਸਾ ਦੇ ਜ਼ਿਲਾ ਸ਼ਹਿਰੀ ਪ੍ਰਧਾਨ ਹਨੀਸ਼ ਬਾਂਸਲ ਨੇ ਆਪਣੀ ਮੁੱਢਲੀ ਮੈਂਬਰਸ਼ਿਪ ਅਤੇ ਜ਼ਿਲਾ ਸ਼ਹਿਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਆਪਣਾ ਲਿਖਤੀ ਅਸਤੀਫਾ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜਦਿਆਂ ਪਾਰਟੀ ਦੇ ਅੰਦਰੂਨੀ ਹਾਲਾਤ ਅਤੇ ਸਥਾਨਕ ਲੀਡਰਸ਼ਿਪ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਉਠਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮਾਨਸਾ ਵਿਚ ਪਾਰਟੀ ਦੀ ਮੌਜੂਦਾ ਕਾਰਜਸ਼ੈਲੀ ਕਾਰਨ ਵਰਕਰਾਂ ਦਾ ਭਰੋਸਾ ਲਗਾਤਾਰ ਘਟ ਰਿਹਾ ਹੈ ਅਤੇ ਸੰਗਠਨ ਕਮਜ਼ੋਰ ਹੋ ਰਿਹਾ ਹੈ। ਹਨੀਸ਼ ਬਾਂਸਲ ਨੇ ਆਪਣੇ ਅਸਤੀਫੇ ’ਚ ਲਿਖਿਆ ਕਿ ਉਹ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਰਹੇ ਹਨ ਅਤੇ ਪਾਰਟੀ ਵੱਲੋਂ ਦਿੱਤੀ ਹਰ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ, ਈਮਾਨਦਾਰੀ ਅਤੇ ਸਮਰਪਣ ਨਾਲ ਨਿਭਾਇਆ ਹੈ। ਉਨ੍ਹਾਂ ਵੱਖ-ਵੱਖ ਅਹੁਦਿਆਂ ’ਤੇ ਰਹਿੰਦਿਆਂ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤਕ ਪਹੁੰਚਾਉਣ ਲਈ ਹਮੇਸ਼ਾ ਸਰਗਰਮ ਭੂਮਿਕਾ ਨਿਭਾਈ ਪਰ ਮੌਜੂਦਾ ਸਮੇਂ ਵਿਚ ਪਾਰਟੀ ਦੇ ਅੰਦਰ ਬਣੇ ਹਾਲਾਤਾਂ ਕਾਰਨ ਉਨ੍ਹਾਂ ਨੂੰ ਘੁੱਟਣ ਮਹਿਸੂਸ ਹੋ ਰਹੀ ਸੀ, ਜਿਸ ਕਾਰਨ ਉਨ੍ਹਾਂ ਨੇ ਪਾਰਟੀ ਨੂੰ ਅਲਵਿਦਾ ਕਹਿਣ ਦਾ ਫੈਸਲਾ ਲਿਆ।
ਇਹ ਵੀ ਪੜ੍ਹੋ : ਪਾਵਰਕਾਮ ਵਿਚ ਵੱਡੀ ਹਲਚਲ, ਇਸ ਐਲਾਨ ਤੋਂ ਬਾਅਦ ਖੜ੍ਹੀ ਹੋ ਸਕਦੀ ਹੈ ਵੱਡੀ ਮੁਸੀਬਤ
ਗੱਲਬਾਤ ਦੌਰਾਨ ਉਨ੍ਹਾਂ ਦੋਸ਼ ਲਗਾਇਆ ਕਿ ਮਾਨਸਾ ’ਚ ਪਾਰਟੀ ਦੀ ਸਥਾਨਕ ਲੀਡਰਸ਼ਿਪ ਮਨਮਰਜ਼ੀ ਨਾਲ ਕੰਮ ਕਰ ਰਹੀ ਹੈ ਅਤੇ ਫੈਸਲੇ ਲੈਂਦੇ ਸਮੇਂ ਨਾ ਤਾਂ ਸੀਨੀਅਰ ਆਗੂਆਂ ਦੀ ਰਾਏ ਲਈ ਜਾਂਦੀ ਹੈ ਅਤੇ ਨਾ ਹੀ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਭਰੋਸੇ ਵਿਚ ਲਿਆ ਜਾਂਦਾ ਹੈ। ਇਸ ਕਾਰਨ ਵਰਕਰ ਆਪਣੇ ਆਪ ਨੂੰ ਅਣਗੌਲਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਕਿਸੇ ਵੀ ਸਿਆਸੀ ਪਾਰਟੀ ਵਿਚ ਵਰਕਰਾਂ ਦੀ ਗੱਲ ਸੁਣਨੀ ਬੰਦ ਹੋ ਜਾਵੇ ਤਾਂ ਉਸ ਪਾਰਟੀ ਦਾ ਜਨ ਆਧਾਰ ਕਮਜ਼ੋਰ ਹੋਣਾ ਸੁਭਾਵਿਕ ਹੈ। ਉਨ੍ਹਾਂ ਦੇ ਅਨੁਸਾਰ ਮਾਨਸਾ ਵਿਚ ਅਕਾਲੀ ਦਲ ਇਸੇ ਸਥਿਤੀ ਵਿਚੋਂ ਲੰਘ ਰਿਹਾ ਹੈ। ਗੱਲਬਾਤ ਦੌਰਾਨ ਹਨੀਸ਼ ਬਾਂਸਲ ਨੇ ਕਿਹਾ ਕਿ ਸਥਾਨਕ ਲੀਡਰਸ਼ਿਪ ਦੀ ਕਾਰਗੁਜ਼ਾਰੀ ਨੇ ਪਾਰਟੀ ਨੂੰ ਇੰਨਾ ਕਮਜ਼ੋਰ ਕਰ ਦਿੱਤਾ ਹੈ ਕਿ ਹੁਣ ਇਸ ਦਾ ਮੁੜ ਉਭਰਨਾ ਬਹੁਤ ਔਖਾ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਮਰਪਿਤ ਵਰਕਰ ਨਿਰਾਸ਼ ਹਨ ਅਤੇ ਉਨ੍ਹਾਂ ਦਾ ਮਨੋਬਲ ਲਗਾਤਾਰ ਡਿੱਗ ਰਿਹਾ ਹੈ। ਜੇਕਰ ਸਮੇਂ ਸਿਰ ਹਾਲਾਤਾਂ ਵਿਚ ਸੁਧਾਰ ਨਾ ਕੀਤਾ ਗਿਆ ਤਾਂ ਪਾਰਟੀ ਨੂੰ ਭਵਿੱਖ ਵਿਚ ਹੋਰ ਵੀ ਨੁਕਸਾਨ ਝੱਲਣਾ ਪੈ ਸਕਦਾ ਹੈ। ਹਾਲਾਂਕਿ ਉਨ੍ਹਾਂ ਸਪੱਸ਼ਟ ਕੀਤਾ ਕਿ ਫਿਲਹਾਲ ਉਨ੍ਹਾਂ ਨੇ ਕਿਸੇ ਹੋਰ ਸਿਆਸੀ ਪਾਰਟੀ ਵਿਚ ਸ਼ਾਮਲ ਹੋਣ ਦਾ ਕੋਈ ਫੈਸਲਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੇ ਸਮਰਥਕਾਂ ਅਤੇ ਸਾਥੀਆਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਹੀ ਆਪਣੀ ਅਗਲੀ ਸਿਆਸੀ ਰਣਨੀਤੀ ਦਾ ਐਲਾਨ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦਾ ਇਹ ਫੈਸਲਾ ਕਿਸੇ ਨਿੱਜੀ ਲਾਭ ਲਈ ਨਹੀਂ, ਸਗੋਂ ਆਪਣੇ ਸਵੈ-ਸਨਮਾਨ ਅਤੇ ਸਿਧਾਂਤਾਂ ਨੂੰ ਧਿਆਨ ਵਿਚ ਰੱਖਦਿਆਂ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਵੱਡਾ ਸਿੱਖਿਆ ਸੰਕਟ, ਜਨਮ ਸਰਟੀਫਿਕੇਟ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਪ੍ਰੇਸ਼ਾਨੀ
ਸਿਆਸੀ ਹਲਕਿਆਂ ’ਚ ਇਹ ਵੀ ਚਰਚਾ ਹੈ ਕਿ ਹਨੀਸ਼ ਬਾਂਸਲ ਦੇ ਅਸਤੀਫੇ ਤੋਂ ਬਾਅਦ ਮਾਨਸਾ ਇਕਾਈ ਵਿਚ ਹੋਰ ਆਗੂਆਂ ਅਤੇ ਵਰਕਰਾਂ ਦੀ ਨਾਰਾਜ਼ਗੀ ਵੀ ਸਾਹਮਣੇ ਆ ਸਕਦੀ ਹੈ। ਹੁਣ ਸਭ ਦੀਆਂ ਨਜ਼ਰਾਂ ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ’ਤੇ ਟਿਕੀਆਂ ਹਨ ਕਿ ਉਹ ਇਸ ਅਸਤੀਫੇ ਨੂੰ ਕਿਸ ਤਰ੍ਹਾਂ ਲੈਂਦੀ ਹੈ ਅਤੇ ਮਾਨਸਾ ਵਿਚ ਪਾਰਟੀ ਨੂੰ ਦੁਬਾਰਾ ਮਜ਼ਬੂਤ ਕਰਨ ਲਈ ਕੀ ਕਦਮ ਚੁੱਕਦੀ ਹੈ। ਨਾਲ ਹੀ ਸਿਆਸੀ ਵਰਗ ਵਿਚ ਇਹ ਕਿਆਸ ਵੀ ਲਗਾਏ ਜਾ ਰਹੇ ਹਨ ਕਿ ਹਨੀਸ਼ ਬਾਂਸਲ ਆਉਣ ਵਾਲੇ ਸਮੇਂ ਵਿਚ ਕਿਹੜਾ ਸਿਆਸੀ ਰਾਹ ਅਪਣਾਉਂਦੇ ਹਨ। ਦੂਜੇ ਪਾਸੇ ਮਾਨਸਾ ਦੇ ਇਕ ਸੀਨੀਅਰ ਅਕਾਲੀ ਆਗੂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਸਾਰੇ ਦੋਸ਼ ਮਨਘੜਤ ਹਨ, ਬਲਕਿ ਪਾਰਟੀ ਨੂੰ ਬਦਨਾਮ ਕਰਨ ਲਈ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਨਾਮ 'ਤੇ ਹੋ ਗਿਆ ਵੱਡਾ ਕਾਂਡ, ਪੂਰਾ ਮਾਮਲਾ ਜਾਣ ਉਡਣਗੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੱਲਦੀ ਬੱਸ ਦਾ ਸਟੀਅਰਿੰਗ ਲਾਕ, ਖਿੜਕੀ 'ਚੋਂ ਬਾਹਰ ਡਿੱਗੀ ਕੁੜੀ, ਪਈਆਂ ਭਾਜੜਾਂ
NEXT STORY