ਭਗਤਾ ਭਾਈ (ਪਰਵੀਨ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਚਲਾਈ ਜਾ ਰਹੀ ਡੋਰ-ਟੂ-ਡੋਰ ਮੁਹਿੰਮ ਤਹਿਤ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਪਿੰਡ ਮਲੂਕਾ ਦੇ ਬੂਥ ਨੰਬਰ 39 ਵਿਖੇ ਮੀਟਿੰਗ ਕੀਤੀ। ਇਸ ਮੌਕੇ 11 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਮੂਲੀਅਤ ਕੀਤੀ। ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ’ਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ’ਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜਨ ਵਾਲੇ ਨਵੇਂ ਪਰਿਵਾਰਾਂ ਦਾ ਸਵਾਗਤ ਹੈ ਅਤੇ ਉਨ੍ਹਾਂ ਨੂੰ ਨਾਲ ਲੈ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾਣਗੇ।
ਮੀਟਿੰਗ ਦੌਰਾਨ ਸਾਬਕਾ ਮੰਤਰੀ ਨੇ ਹਾਜ਼ਰ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਡੋਰ-ਟੂ-ਡੋਰ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨਾ, ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣਨਾ ਅਤੇ ਪਾਰਟੀ ਦੀਆਂ ਨੀਤੀਆਂ ਤੇ ਪਿਛਲੀ ਸਰਕਾਰ ਦੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕਰਨਾ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਬਣਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਹਰ ਵਰਗ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ। ਮੀਟਿੰਗ ਦੇ ਅੰਤ ’ਚ ਸ. ਮਲੂਕਾ ਨੇ ਵਰਕਰਾਂ ਨੂੰ ਇਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਅਤੇ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਲਈ ਪ੍ਰੇਰਿਤ ਕੀਤਾ।
ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
NEXT STORY