ਚੰਡੀਗੜ੍ਹ(ਪਰਾਸ਼ਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਜਲਦੀ ਹੀ ਅਕਾਲੀ ਦਲ ਦੇ ਸੰਸਦ ਮੈਂਬਰ ਅਤੇ ਵਿਧਾਇਕ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਬੇਨਤੀ ਕਰਨਗੇ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਗਰ ਲਈ ਖਰੀਦੀ ਜਾਂਦੀ ਰਸਦ ਨੂੰ ਜੀ. ਐੱਸ. ਟੀ. ਤੋਂ ਛੋਟ ਦੇ ਦੇਣ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਨੂੰ ਵੀ ਕਹਿ ਚੁੱਕੇ ਹਨ ਕਿ ਉਹ ਜੀ. ਐੱਸ. ਟੀ. ਕੌਂਸਲ ਰਾਹੀਂ ਇਹ ਛੋਟ ਦਿਵਾਉਣ ਦੀ ਜ਼ਿੰਮੇਵਾਰੀ ਨੂੰ ਪੂਰਾ ਕਰੇ।
ਇੱਥੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਸਾਡਾ ਫਰਜ਼ ਹੈ ਕਿ ਅਸੀਂ ਇਸ ਮੁੱਦੇ ਉਤੇ ਲੱਖਾਂ ਸ਼ਰਧਾਲੂਆਂ ਦੀ ਇੱਛਾ ਬਾਰੇ ਕੇਂਦਰ ਨੂੰ ਜਾਣੂ ਕਰਵਾਈਏ। ਉਨ੍ਹਾਂ ਕਿਹਾ ਕਿ ਭਾਵੇਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਵਿੱਤ ਮੰਤਰੀ ਨੂੰ ਚਿੱਠੀ ਲਿਖ ਕੇ ਸ਼੍ਰੋਮਣੀ ਕਮੇਟੀ ਵਾਸਤੇ ਇਸ ਛੋਟ ਦੀ ਮੰਗ ਕਰ ਚੁੱਕੇ ਹਨ ਪਰ ਚੰਗਾ ਹੋਣਾ ਸੀ ਜੇਕਰ ਉਨ੍ਹਾਂ ਆਪਣੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਜੀ. ਐੱਸ. ਟੀ. ਕੌਂਸਲ ਰਾਹੀਂ ਇਹ ਛੋਟ ਹਾਸਲ ਕਰਨ ਦਾ ਹੁਕਮ ਦਿੱਤਾ ਹੁੰਦਾ। ਉਨ੍ਹਾਂ ਕਿਹਾ ਕਿ ਕੁਝ ਖਾਸ ਚੀਜ਼ਾਂ ਉਤੇ ਰਾਹਤ ਲੈਣ ਲਈ ਕੌਂਸਲ ਹਰੇਕ ਸੂਬੇ ਨੂੰ ਆਪਣੀਆਂ ਮੰਗਾਂ ਰੱਖਣ ਦੀ ਇਜਾਜ਼ਤ ਦਿੰਦੀ ਹੈ। ਇਹ ਰਾਹਤ ਢੁੱਕਵਾਂ ਮਾਮਲਾ ਕੌਂਸਲ ਅੱਗੇ ਰੱਖੇ ਜਾਣ ਤੋਂ ਬਾਅਦ ਹੀ ਮਿਲ ਸਕਦੀ ਹੈ ਪਰ ਲੰਗਰ ਰਸਦ ਉਤੇ ਛੋਟ ਲੈਣ ਦੇ ਮਾਮਲੇ ਵਿਚ ਅਜੇ ਤਕ ਅਜਿਹਾ ਕੁੱਝ ਨਹੀਂ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਛੋਟ ਲੈਣ ਦਾ ਇਹ ਮੁੱਦਾ ਪਿਛਲੇ 15 ਦਿਨਾਂ ਤੋਂ ਸ਼੍ਰੋਮਣੀ ਕਮੇਟੀ ਵੱਲੋਂ ਵੀ ਨਾਲੋ ਨਾਲ ਉਠਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਵੱਲੋਂ ਹੁਣ ਤਕ ਜੀ. ਐੱਸ. ਟੀ. ਕੌਂਸਲ ਅੱਗੇ ਇਹ ਮੁੱਦਾ ਰੱਖ ਦਿੱਤਾ ਜਾਣਾ ਚਾਹੀਦਾ ਸੀ। ਉਸ ਨੂੰ ਸਿੱਖ ਸੰਗਤਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਸ ਨੇ ਇਹ ਮਾਮਲਾ ਜੀ. ਐੱਸ. ਟੀ. ਕੌਂਸਲ, ਜਿੱਥੇ ਉਹ ਪੰਜਾਬ ਦੀ ਪ੍ਰਤੀਨਿਧਤਾ ਕਰਦਾ ਹੈ, ਅੱਗੇ ਅਜੇ ਤਕ ਕਿਉਂ ਨਹੀਂ ਰੱਖਿਆ? ਕੀ ਇਹ ਉਸ ਵੱਲੋਂ ਕੀਤੀ ਗਈ ਅਣਗਹਿਲੀ ਹੈ ਜਾਂ ਫਿਰ ਉਹ ਜਾਣ ਬੁੱਝ ਕੇ ਇਹ ਮੁੱਦਾ ਇਸ ਲਈ ਨਹੀਂ ਉਠਾ ਰਹੇ, ਕਿਉਂਕਿ ਉਹ ਨਹੀਂ ਚਾਹੁੰਦੇ ਕਿ ਸ਼੍ਰੋਮਣੀ ਕਮੇਟੀ ਨੂੰ ਅਜਿਹੀ ਛੋਟ ਮਿਲੇ? ਮਨਪ੍ਰੀਤ ਨੂੰ ਸਿੱਖ ਸ਼ਰਧਾਲੂਆਂ ਸਾਹਮਣੇ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ ਤਾਂ ਕਿ ਉਹ ਜਾਣ ਸਕਣ ਕਿ ਮਨਪ੍ਰੀਤ ਇਸ ਮੁੱਦੇ ਉੱਤੇ ਕਿਸ ਪਾਸੇ ਖੜ੍ਹੇ ਹਨ।
ਸਮਰਾਲਾ ਪੁਲਸ ਵਲੋਂ ਨੀਗਰੋ ਲੜਕੀ ਹੈਰੋਇਨ ਸਮੇਤ ਗ੍ਰਿਫਤਾਰ
NEXT STORY