ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ‘ਚ ਲੋਕਤੰਤਰ ਦੀ ਬਹਾਲੀ ਅਤੇ ਸੈਨੇਟ ਚੋਣਾਂ ਦੀ ਮੰਗ ਕਰ ਰਹੇ ਵਿਦਿਆਰਥੀਆਂ ‘ਤੇ ਚੰਡੀਗੜ੍ਹ ਪੁਲਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸ਼੍ਰੋਮਣੀ ਅਕਾਲੀ ਦਲ (SAD) ਨੇ ਤਿੱਖੀ ਨਿੰਦਾ ਕੀਤੀ ਹੈ। ਅਕਾਲੀ ਦਲ ਨੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਰੱਖ ਰਹੇ ਵਿਦਿਆਰਥੀਆਂ 'ਤੇ ਹਿੰਸਾ ਕਰਨਾ ਪੂਰੀ ਤਰ੍ਹਾਂ ਨਿੰਦਣਯੋਗ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੁਲਸ ਨੇ ਨਾ ਸਿਰਫ ਵਿਦਿਆਰਥੀਆਂ ਨਾਲ ਬਦਸਲੂਕੀ ਕੀਤੀ ਬਲਕਿ ਪ੍ਰਦਰਸ਼ਨ ਕਵਰੇਜ ਕਰ ਰਹੇ ਪੱਤਰਕਾਰਾਂ ਨਾਲ ਵੀ ਜ਼ਬਰਦਸਤੀ ਕੀਤੀ, ਜਿਸ ਦੌਰਾਨ ਕਈ ਜਰਨਲਿਸਟ ਜ਼ਖ਼ਮੀ ਹੋ ਗਏ। ਪਾਰਟੀ ਨੇ ਕਿਹਾ ਕਿ ਇਹ ਘਟਨਾ ਪ੍ਰੈਸ ਦੀ ਆਜ਼ਾਦੀ ਅਤੇ ਲੋਕਤੰਤਰਕ ਅਧਿਕਾਰਾਂ 'ਤੇ ਵੱਡਾ ਹਮਲਾ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ, “ਇਸ ਤਰ੍ਹਾਂ ਦੇ ਦਮਨਕਾਰੀ ਤਰੀਕੇ ਪੰਜਾਬ ਦੇ ਸ਼ਾਂਤੀ ਪਸੰਦ ਨੌਜਵਾਨਾਂ ਨੂੰ ਆਪਣੀ ਅਵਾਜ਼ ਉਠਾਉਣ ਤੋਂ ਨਹੀਂ ਰੋਕ ਸਕਦੇ। ਵਿਦਿਆਰਥੀਆਂ ਦੀ ਇਹ ਲੜਾਈ ਲੋਕਤੰਤਰ ਦੀ ਬਹਾਲੀ ਲਈ ਹੈ, ਅਤੇ ਅਸੀਂ ਉਨ੍ਹਾਂ ਦੇ ਨਾਲ ਖੜੇ ਹਾਂ।”
ਉਨ੍ਹਾਂ ਇਹ ਵੀ ਦੱਸਿਆ ਕਿ ਯੂਥ ਅਕਾਲੀ ਦਲ ਅਤੇ ਸਟੂਡੈਂਟਸ ਆਰਗਨਾਈਜ਼ੇਸ਼ਨ ਆਫ ਇੰਡੀਆ (SOI) ਦੇ ਵਰਕਰ ਵੀ ਵਿਦਿਆਰਥੀਆਂ ਦੇ ਪ੍ਰਦਰਸ਼ਨ ਵਿੱਚ ਏਕਜੁੱਟਤਾ ਦੇ ਪ੍ਰਤੀਕ ਵਜੋਂ ਸ਼ਾਮਲ ਹੋਏ। ਅਕਾਲੀ ਦਲ ਨੇ ਕੇਂਦਰ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਲਾਠੀਚਾਰਜ ਦੀ ਨਿਰਪੱਖ ਜਾਂਚ ਕਰਾਈ ਜਾਵੇ ਅਤੇ ਜ਼ਿੰਮੇਵਾਰ ਅਧਿਕਾਰੀਆਂ ‘ਤੇ ਕਾਰਵਾਈ ਕੀਤੀ ਜਾਵੇ।
ਪੰਜਾਬ ਯੂਨੀਵਰਸਿਟੀ ਮਾਮਲਾ: ਸਨਮਾਨ ਤੇ ਹੱਕਾਂ ਦੀ ਲੜਾਈ ਜਾਰੀ ਰਹੇਗੀ, ਕਾਂਗਰਸ ਵਿਦਿਆਰਥੀਆਂ ਦੇ ਨਾਲ
NEXT STORY