ਆਦਮਪੁਰ(ਜ.ਬ.)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 26 ਮਈ ਨੂੰ ਖੇਤੀ ਕਾਨੂੰਨਾਂ ਨੂੰ ਖ਼ਤਮ ਕਰਨ ਅਤੇ ਇਨ੍ਹਾਂ ਖਿਲਾਫ ਸੰਘਰਸ਼ ਦੇ 6 ਮਹੀਨੇ ਪੂਰੇ ਹੋਣ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ 26 ਮਈ ਨੂੰ ਆਪਣੇ ਘਰਾਂ ’ਤੇ ਕਾਲੇ ਝੰਡੇ ਲਹਿਰਾਉਣ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਿਸਾਨਾਂ ਨਾਲ ਤੁਰੰਤ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਤੁਰੰਤ ਦੂਰ ਕਰਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਊਮੈ ਦੀ ਕੋਈ ਥਾਂ ਨਹੀਂ ਹੈ ਅਤੇ ਸਿਰਫ ਤਾਨਾਸ਼ਾਹ ਹੀ ਲੋਕਾਂ ਪ੍ਰਤੀ ਆਪਣੇ ਨਾ ਬਦਲਣ ਦਾ ਰਵੱਈਆ ਰੱਖਦੇ ਹਨ।
ਇਹ ਵੀ ਪੜ੍ਹੋ: ਦੁਕਾਨਾਂ ਖੋਲ੍ਹਣ ਨੂੰ ਲੈ ਕੇ ਕਪੂਰਥਲਾ ਮੈਜਿਸਟ੍ਰੇਟ ਵੱਲੋਂ ਨਵੀਆਂ ਹਦਾਇਤਾਂ ਜਾਰੀ
ਬਾਦਲ ਇਥੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੁਰੂ ਕੀਤੇ 8ਵੇਂ ਕੋਰੋਨਾ ਕੇਅਰ ਸੈਂਟਰ ਦਾ ਉਦਘਾਟਨ ਕਰਨ ਆਏ ਸਨ। ਇਹ ਸੈਂਟਰ ਕਾਲੜਾ ਪਿੰਡ ਵਿਚ ਗੁਰੂ ਨਾਨਕ ਸੰਗਤ ਹਸਪਤਾਲ ਵਿਖੇ ਖੋਲ੍ਹਿਆ ਗਿਆ ਹੈ, ਜਿਸ ਵਿਚ ਆਕਸੀਜ਼ਨ ਕੰਸਨਟ੍ਰੇਟਰਾਂ ਸਮੇਤ 25 ਬੈੱਡਾਂ ਦੀ ਸਹੂਲਤ ਉਪਲਬਧ ਹੋਵੇਗੀ। ਉਨ੍ਹਾਂ ਕਿਹਾ ਕਿ ਕੋਈ ਵੀ ਮੁਲਕ ਤਰੱਕੀ ਨਹੀਂ ਕਰ ਸਕਦਾ ਜੇਕਰ ਉਹ ਆਪਣੇ ਕਿਸਾਨਾਂ ਖਿਲਾਫ ਵਿਤਕਰਾ ਕਰੇ। ਕਿਸਾਨ ਪਿਛਲੇ 6 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ’ਤੇ ਧਰਨਾ ਦੇ ਰਹੇ ਹਨ। ਬਜਾਏ ਉਨ੍ਹਾਂ ਦੀ ਗੱਲ ਸੁਣਨ ਅਤੇ ਸ਼ਿਕਾਇਤਾਂ ਦੂਰ ਕਰਨ ਦੇ, ਕੇਂਦਰ ਸਰਕਾਰ ਨੇ ਚਾਰ ਮਹੀਨੇ ਪਹਿਲਾਂ ਉਨ੍ਹਾਂ ਨਾਲ ਗੱਲਬਾਤ ਠੱਪ ਕਰ ਦਿੱਤੀ ਅਤੇ ਸੰਘਰਸ਼ ਵਿਚ ਲੱਗੇ ਕਿਸਾਨਾਂ ਨੂੰ ਥਕਾ ਕੇ ਸੰਘਰਸ਼ ਨੂੰ ਖ਼ਤਮ ਕਰਵਾਉਣ ਦੇ ਯਤਨਾਂ ਵਿਚ ਲੱਗੀ ਹੈ। ਮੈਂ ਸਪਸ਼ਟ ਤੌਰ ’ਤੇ ਕਹਿਣਾ ਚਾਹੁੰਦਾ ਹਾਂ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਤੇ ਗਰੀਬਾਂ ਦੀ ਪਾਰਟੀ ਹੈ ਤੇ ਹਮੇਸ਼ਾ ਉਨ੍ਹਾਂ ਨਾਲ ਡਟੀ ਰਹੇਗੀ।
ਇਹ ਵੀ ਪੜ੍ਹੋ: ਬੀਬੀ ਜਗੀਰ ਕੌਰ ਦਾ ਮੋਦੀ 'ਤੇ ਤੰਜ, 'ਕੇਂਦਰ ਸਰਕਾਰ SGPC ਨੂੰ ਨਹੀਂ ਮੰਗਵਾਉਣ ਦੇ ਰਹੀ ਅਮਰੀਕਾ ਤੋਂ ਕੋਰੋਨਾ ਵੈਕਸੀਨ'
ਕੋਰੋਨਾ ਮਹਾਮਾਰੀ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬੇ ਦੀ ਕਾਂਗਰਸ ਸਰਕਾਰ ਦੋਵਾਂ ਨੇ ਰਲ ਕੇ ਪੰਜਾਬ ਨੂੰ ਫੇਲ੍ਹ ਕਰ ਦਿੱਤਾ ਹੈ। ਕੇਂਦਰ ਸਰਕਾਰ ਮੌਤ ਦਰ ਜ਼ਿਆਦਾ ਹੋਣ ਦੇ ਬਾਵਜੂਦ ਸੂਬੇ ਨੂੰ ਵੈਂਟੀਲੇਟਰ ਦੇਣ ਵਿਚ ਨਾਕਾਮ ਰਹੀ ਹੈ। ਪੰਜਾਬ ਸਰਕਾਰ ਸੁੱਤੀ ਪਈ ਹੈ। ਅਸੀਂ ਇਸ ਬਿਮਾਰੀ ’ਤੇ ਤਾਂ ਹੀ ਫਤਿਹ ਪਾ ਸਕਦੇ ਹਾਂ ਜੇਕਰ ਅਸੀਂ ਜੇਕਰ ਸਾਡਾ ਜਰਨੈਲ ਜੰਗ ਵਾਸਤੇ ਬਾਹਰ ਆਵੇ। ਉਨ੍ਹਾਂ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਉਹ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕਰਨ ਅਤੇ ਆਪਣੇ ਮੰਤਰੀਆਂ ਨੂੰ ਵੀ ਇਹ ਹਦਾਇਤ ਕਰਨ ਕਿ ਉਹ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰ ਸਕਣ।
ਇਸ ਮੌਕੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ, ਗੁਰਪ੍ਰਤਾਪ ਸਿੰਘ ਵਡਾਲਾ ਤੇ ਸਰਬਜੀਤ ਸਿੰਘ ਮੱਕੜ ਵੀ ਮੌਜੂਦ ਸਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਡੇਰਾ ਕੱਥਰ ਵੀ ਗਏ, ਜਿੱਥੇ ਉਨ੍ਹਾਂ ਨੇ ਸੰਤ ਸੁਰਿੰਦਰ ਦਾਸ ਜੀ ਡੇਰਾ ਸੰਤੁਰਾ ਜੱਬਰ ਦੇ ਅਕਾਲ ਚਲਾਣੇ ’ਤੇ ਸੰਤ ਬਾਬਾ ਦਿਲਾਵਰ ਸਿੰਘ ਜੀ ਬ੍ਰਹਮ ਜੀ ਨਾਲ ਅਤੇ ਸੰਤ ਬਾਬਾ ਗੁਰਮੀਤ ਸਿੰਘ ਜੀ ਦੇ ਅਕਾਲ ਚਲਾਣੇ ’ਤੇ ਡੇਰਾ ਜੋਹਲਾਂ ਵਿਖੇ ਦੁੱਖ ਸਾਂਝਾ ਕੀਤਾ।
ਸੰਯੁਕਤ ਮੋਰਚੇ ਦੀ ਕਾਲ ਤੋਂ ਬਾਅਦ 26 ਮਈ ਨੂੰ ਪੂਰੇ ਪੰਜਾਬ ਭਰ 'ਚ ਮਨਾਇਆ ਜਾਵੇਗਾ ਕਾਲਾ ਦਿਵਸ
NEXT STORY