ਚੰਡੀਗੜ੍ਹ, (ਜ.ਬ.)— ਸ਼੍ਰੋਮਣੀ ਅਕਾਲੀ ਦਲ ਵਲੋਂ ਡਿਪੂ ਹੋਲਡਰਾਂ ਦੇ ਹਿੱਤਾਂ ਦੀ ਰਾਖੀ ਨਾ ਕਰਨ ਸਬੰਧੀ ਲਾਏ ਗਏ ਇਲਜ਼ਾਮਾਂ ਨੂੰ ਮੁੱਢੋਂ ਰੱਦ ਕਰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਡਿਪੂ ਹੋਲਡਰਾਂ ਦੇ ਹਿੱਤਾਂ ਦੀ ਹਮੇਸ਼ਾ ਰਾਖੀ ਕੀਤੀ ਗਈ ਹੈ। ਪੰਜਾਬ ਦੇ ਲੋਕਾਂ ਵਲੋਂ ਬੁਰੀ ਤਰ੍ਹਾਂ ਨਕਾਰ ਦਿੱਤੀ ਗਈ ਪਾਰਟੀ ਵਲੋਂ ਬੇਬੁਨਿਆਦ ਇਲਜ਼ਾਮ ਲਾ ਕੇ ਆਪਣੀ ਰਾਜਨੀਤੀ ਚਮਕਾਉਣ ਦੀ ਕੀਤੀ ਗਈ ਕੋਸ਼ਿਸ਼ ਦਾ ਤਿੱਖੇ ਸ਼ਬਦਾਂ ਵਿਚ ਜਵਾਬ ਦਿੰਦਿਆਂ ਆਸ਼ੂ ਨੇ ਕਿਹਾ ਕਿ ਇਸ ਪਾਰਟੀ ਦੀ ਝੂਠੇ ਇਲਜ਼ਾਮ ਲਾਉਣ ਦੀ ਹੁਣ ਆਦਤ ਹੀ ਬਣ ਗਈ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਦੌਰਾਨ ਡਿਪੂ ਹੋਲਡਰਾਂ ਵਲੋਂ ਮੁੱਖ ਤੌਰ 'ਤੇ ਜੋ ਮੰਗਾਂ ਉਠਾਈਆਂ ਗਈਆਂ ਸਨ, ਉਨ੍ਹਾਂ ਵਿਚੋਂ ਪਹਿਲੀ ਮੰਗ ਅਨੁਸਾਰ ਉਨ੍ਹਾਂ ਨੂੰ ਸੈਨੇਟਾਈਜ਼ਰ, ਮਾਸਕ ਅਤੇ ਗਲਵਜ਼ ਮੁਹੱਈਆ ਕਰਵਾ ਦਿੱਤੇ ਗਏ ਸਨ ਅਤੇ ਬੀਮੇ ਤੇ ਕੁਝ ਹੋਰ ਮੰਗਾਂ ਸਬੰਧੀ ਡਿਪੂ ਹੋਲਡਰਾਂ ਦੀ ਸਹਿਮਤੀ ਨਾਲ 11 ਮਈ, 2020 ਨੂੰ ਸਵੇਰੇ 11:00 ਵਜੇ ਅਨਾਜ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਰੱਖੀ ਗਈ ਹੈ । ਉਨ੍ਹਾਂ ਕਿਹਾ ਕਿ ਕਪੂਰਥਲਾ ਵਿਖੇ ਸਰਕਾਰੀ ਕਣਕ ਦੀ ਵੰਡ ਮੌਕੇ ਡਿਪੂ ਹੋਲਡਰ ਦੇ ਭਰਾ ਅਨਿਲ ਮਹਾਜਨ ਦੀ ਕੁੱਟਮਾਰ ਕਾਰਨ ਹੋਈ ਮੌਤ ਤੋਂ ਤੁਰੰਤ ਬਾਅਦ ਸੂਬੇ ਵਿਚ ਅਜਿਹੀ ਘਟਨਾ ਨੂੰ ਮੁੜ ਵਾਪਰਨ ਤੋਂ ਰੋਕਣ ਲਈ ਪੰਜਾਬ ਰਾਜ ਦੇ ਸਮੂਹ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਸਨ ਕਿ ਸਰਕਾਰੀ ਕਣਕ ਦੀ ਵੰਡ ਮੌਕੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣ ਅਤੇ ਸਿਹਤ ਵਿਭਾਗ ਵਲੋਂ ਸਮਾਜਿਕ ਦੂਰੀ ਸਬੰਧੀ ਜਾਰੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਇਹ ਵੀ ਦੱਸਿਆ ਕਿ ਨੇਫ਼ਡ ਵਲੋਂ ਮਾਂਹ ਦੀ ਦਾਲ ਪੀ.ਐੱਮ. ਜੀ. ਕੇ. ਏ. ਵਾਈ. ਅਧੀਨ ਘਟੀਆ ਕੁਆਲਿਟੀ ਦੀ ਭੇਜੀ ਜਾ ਰਹੀ ਹੈ, ਜਿਸ ਕਾਰਨ ਵਿਭਾਗ ਨੇ ਦਾਲ ਦੇ ਕਈ ਟਰੱਕ ਵਾਪਸ ਭੇਜ ਦਿੱਤੇ ਹਨ ਅਤੇ ਕੁਝ ਥਾਵਾਂ 'ਤੇ ਦਾਲ ਨੂੰ ਸਾਫ ਕਰਕੇ ਫਿਰ ਵੰਡਿਆ ਜਾ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਨੂੰ ਵੰਗਾਰਦਿਆਂ ਆਸ਼ੂ ਨੇ ਕਿਹਾ ਕਿ ਜੇਕਰ ਅਕਾਲੀ ਦਲ ਸੱਚਮੁਚ ਹੀ ਪੰਜਾਬ ਦੇ ਲੋਕਾਂ ਅਤੇ ਡਿਪੂ ਹੋਲਡਰਾਂ ਦੇ ਹਿੱਤਾਂ ਦੀ ਚਿੰਤਾ ਹੈ, ਤਾਂ ਉਹ ਕੇਂਦਰ ਸਰਕਾਰ ਵਲੋਂ ਬਿਨਾਂ ਕਾਰਨ ਦਾਲ ਭੇਜਣ ਵਿਚ ਕੀਤੀ ਜਾ ਰਹੀ ਦੇਰੀ ਅਤੇ ਘਟੀਆ ਕੁਆਲਿਟੀ ਦੀ ਦਾਲ ਦਾ ਮੁੱਦਾ ਚੁੱਕੇ।
ਕੋਰੋਨਾ ਵਾਇਰਸ : ਮੋਹਾਲੀ ਜ਼ਿਲੇ 'ਚ 70 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ
NEXT STORY