ਚੰਡੀਗੜ੍ਹ/ਐੱਸਏਐੱਸ ਨਗਰ (ਬਿਊਰੋ) : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਅੱਜ ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਐੱਸਏਐੱਸ ਨਗਰ (ਮੋਹਾਲੀ) ਵਿਖੇ ਕੌਮੀ ਝੰਡਾ ਲਹਿਰਾਇਆ। ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ ਸੂਬੇ ਭਰ ਵਿੱਚ 25000 ਈ.ਡਬਲਿਊ.ਐੱਸ. ਫਲੈਟ ਬਣਾਉਣ ਦੀ ਤਜਵੀਜ਼ ਹੈ ਅਤੇ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ 'ਸਾਰਿਆਂ ਲਈ ਛੱਤ' ਦੇ ਸੁਪਨੇ ਨੂੰ ਸਾਕਾਰ ਕਰਨ ਲਈ ਈ.ਡਬਲਿਊ.ਐੱਸ. ਹਾਊਸਿੰਗ ਯੋਜਨਾ ਦੇ ਪਹਿਲੇ ਪੜਾਅ ਤਹਿਤ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ (ਈ.ਡਬਲਿਊ.ਐੱਸ.) ਲਈ ਮੋਹਾਲੀ ਵਿੱਚ 5000 ਫਲੈਟਾਂ ਦੀ ਉਸਾਰੀ ਕੀਤੀ ਜਾਵੇਗੀ। 75 ਏਕੜ ਰਕਬੇ 'ਚ ਬਣਾਏ ਜਾਣ ਵਾਲੇ ਇਨ੍ਹਾਂ ਫਲੈਟਾਂ ਦਾ ਕੰਮ ਛੇਤੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਅਹਿਮ ਖ਼ਬਰ: ਸਾਬਕਾ CM ਕੈਪਟਨ ਅਮਰਿੰਦਰ ਸਿੰਘ ਨੂੰ ਬਣਾਇਆ ਜਾ ਸਕਦੈ ਮਹਾਰਾਸ਼ਟਰ ਦਾ ਅਗਲਾ ਰਾਜਪਾਲ

ਅਮਨ ਅਰੋੜਾ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਅਤੇ ਸੰਵਿਧਾਨ ਦਾ ਖਰੜਾ ਤਿਆਰ ਕਰਨ ਵਾਲੀ ਕਮੇਟੀ ਦੇ ਹੋਰ ਮੈਂਬਰਾਂ ਦੇ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਅੱਜ ਦੇ ਦਿਨ ਸੰਨ 1950 'ਚ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਕੈਬਨਿਟ ਮੰਤਰੀ ਨੇ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਮਾਨ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਸੱਤਾ ਸੰਭਾਲਣ ਤੋਂ ਬਾਅਦ ਮਹਿਜ਼ 10 ਮਹੀਨਿਆਂ ਵਿੱਚ 26000 ਦੇ ਕਰੀਬ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਹਨ ਅਤੇ ਤਕਰੀਬਨ 9000 ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਤਰੁਣ ਚੁੱਘ ਨੇ ਕਾਂਗਰਸ ਤੋਂ ਮੰਗੇ ਇਨ੍ਹਾਂ ਸਵਾਲਾਂ ਦੇ ਜਵਾਬ, ਦਿਗਵਿਜੇ ਸਿੰਘ 'ਤੇ ਵੀ ਵਿੰਨ੍ਹੇ ਨਿਸ਼ਾਨੇ

ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਕੀਤੇ ਵਾਅਦੇ ਅਨੁਸਾਰ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਭਲਕੇ 400 ਹੋਰ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾਣਗੇ, ਜਿਸ ਨਾਲ ਇਨ੍ਹਾਂ ਕਲੀਨਿਕਾਂ ਦੀ ਕੁੱਲ ਗਿਣਤੀ 500 ਹੋ ਜਾਵੇਗੀ। ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ ਅਤੇ ਸੂਬੇ ਵਿੱਚ 90 ਫੀਸਦੀ ਤੋਂ ਵੱਧ ਪਰਿਵਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਸੂਬਾ ਸਰਕਾਰ ਨੇ ਬੱਚਿਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਵਾਸਤੇ 'ਸਕੂਲ ਆਫ਼ ਐਮੀਨੈਂਸ' ਪ੍ਰੋਜੈਕਟ ਸ਼ੁਰੂ ਕੀਤਾ ਹੈ, ਜਿਸ ਤਹਿਤ ਸੂਬੇ ਭਰ ਵਿੱਚ 117 ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਚਾਈਨਾ ਡੋਰ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਹੋਇਆ ਗੰਭੀਰ ਜ਼ਖ਼ਮੀ

ਅਮਨ ਅਰੋੜਾ ਨੇ ਕਿਹਾ ਕਿ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਵੱਖ-ਵੱਖ ਨਾਗਰਿਕ ਕੇਂਦਰਿਤ ਫੈਸਲੇ ਲਏ ਹਨ, ਜਿਨ੍ਹਾਂ ਵਿੱਚ ਪੇਂਡੂ ਖੇਤਰਾਂ ਵਿੱਚ ਜ਼ਮੀਨਾਂ ਦੀ ਰਜਿਸਟਰੀ ਤੋਂ ਪਹਿਲਾਂ ਐੱਨਓਸੀ ਲੈਣ ਤੋਂ 5773 ਪਿੰਡਾਂ ਨੂੰ ਛੋਟ, ਰੈਗੂਲੇਟਰੀ ਪ੍ਰਵਾਨਗੀਆਂ ਦੇ ਅਧਿਕਾਰ ਸ਼ਹਿਰੀ ਵਿਕਾਸ ਅਥਾਰਟੀ ਨੂੰ ਸੌਂਪਣਾ ਆਦਿ ਸ਼ਾਮਲ ਹੈ। ਇਸ ਤੋਂ ਇਲਾਵਾ ਨਿਰਧਾਰਤ ਸਮੇਂ ਅੰਦਰ ਪਲਾਟਾਂ ਅਤੇ ਇਮਾਰਤਾਂ ਨੂੰ ਨਿਯਮਤ ਕਰਨਾ, ਮਾਲਕੀ ਬਦਲਣਾ ਅਤੇ ਐੱਨ.ਓ.ਸੀ. ਪ੍ਰਾਪਤ ਕਰਨਾ ਆਦਿ ਹੁਣ ਸਿਰਫ਼ ਇਕ ਕਲਿਕ ਨਾਲ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ 15 ਕੰਮਕਾਜੀ ਦਿਨਾਂ ਵਿੱਚ ਐੱਨ.ਓ.ਸੀ. ਲੈਣ ਲਈ ਰੈਗੂਲਰਾਈਜ਼ੇਸ਼ਨ ਪੋਰਟਲ 'ਤੇ ਅਰਜ਼ੀਆਂ ਆਨਲਾਈਨ ਜਮ੍ਹਾ ਕਰਵਾਉਣ ਅਤੇ ਇਨ੍ਹਾਂ ਦੇ ਨਿਬੇੜੇ ਦੀ ਸਹੂਲਤ ਵੀ ਸ਼ੁਰੂ ਕੀਤੀ ਗਈ ਹੈ।
ਇਹ ਵੀ ਪੜ੍ਹੋ : BBC ਡਾਕੂਮੈਂਟਰੀ ਵਿਵਾਦ: JNU ਤੋਂ ਬਾਅਦ ਹੁਣ ਜਾਮੀਆ 'ਚ ਹੰਗਾਮਾ, ਵਧਾਈ ਗਈ ਸੁਰੱਖਿਆ

ਬਿਲਡਿੰਗ ਪਲਾਨ ਦੀ ਮਨਜ਼ੂਰੀ ਅਤੇ ਨਗਰ ਨਿਗਮ ਦੀ ਹੱਦ ਤੋਂ ਬਾਹਰ ਸਟੈਂਡਅਲੋਨ ਉਦਯੋਗਾਂ ਦੀ ਕੰਪਾਊਂਡਿੰਗ ਸਮੇਤ ਸਟੈਂਡਅਲੋਨ ਉਦਯੋਗਾਂ ਦੇ ਮੁਕੰਮਲਤਾ ਸਰਟੀਫਿਕੇਟ ਜਾਰੀ ਕਰਨ ਦੀਆਂ ਸ਼ਕਤੀਆਂ ਡਾਇਰੈਕਟਰ ਫੈਕਟਰੀਜ਼ ਨੂੰ ਸੌਂਪ ਦਿੱਤੀਆਂ ਗਈਆਂ ਹਨ ਤਾਂ ਜੋ ਉਦਯੋਗਪਤੀਆਂ ਨੂੰ ਫੈਕਟਰੀਆਂ ਦੇ ਬਿਲਡਿੰਗ ਪਲਾਨ ਦੀ ਮਨਜ਼ੂਰੀ ਲਈ 2 ਵੱਖ-ਵੱਖ ਵਿਭਾਗਾਂ ਵਿਚ ਅਪਲਾਈ ਕਰਨ ਦੀ ਲੋੜ ਨਾ ਪਵੇ। ਪੰਜਾਬ ਦੇ ਮਾਡਲ ਸ਼ਹਿਰ ਮੋਹਾਲੀ ਦੇ ਸੁੰਦਰੀਕਰਨ, ਸੜਕਾਂ ਨੂੰ ਚੌੜਾ ਕਰਨ ਅਤੇ ਨਵੇਂ ਚੌਕ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਗਮਾਡਾ ਨੇ ਰੇਹੜੀ-ਫੜ੍ਹੀ ਵਾਲਿਆਂ ਲਈ ਮਾਰਕੀਟ ਸਪੇਸ ਵਿਕਸਤ ਕਰਨ ਲਈ ਨਗਰ ਨਿਗਮ, ਐੱਸ.ਏ.ਐੱਸ. ਨਗਰ ਨੂੰ 4 ਸਾਈਟਾਂ ਅਲਾਟ ਕੀਤੀਆਂ ਹਨ।
ਇਹ ਵੀ ਪੜ੍ਹੋ : ਪਦਮ ਪੁਰਸਕਾਰਾਂ ਦਾ ਐਲਾਨ: ORS ਦੇ ਜਨਮਦਾਤਾ ਦਿਲੀਪ ਤੇ ਮੁਲਾਇਮ ਸਿੰਘ ਨੂੰ ਮਿਲੇਗਾ ਪਦਮ ਵਿਭੂਸ਼ਣ, ਪੜ੍ਹੋ ਪੂਰੀ ਲਿਸਟ

ਸਮਾਗਮ ਦੌਰਾਨ ਕੈਬਨਿਟ ਮੰਤਰੀ ਵੱਲੋਂ ਪਿੰਡ ਝੱਜੋਂ ਦੇ ਅਜ਼ਾਦੀ ਘੁਲਾਟੀਆਂ ਗੁਰਦੀਪ ਸਿੰਘ ਅਤੇ ਸਵਰਨ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਪਿੰਡ ਬਾਸਮਾਂ ਦੇ ਆਜ਼ਾਦੀ ਘੁਲਾਟੀਏ ਕੇਹਰ ਸਿੰਘ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਅਮਨ ਅਰੋੜਾ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਪ੍ਰਭਜੋਤ ਕੌਰ, ਡੀਆਈਜੀ ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐੱਸਐੱਸਪੀ ਡਾ. ਸੰਦੀਪ ਕੁਮਾਰ ਗਰਗ, ਕਮਿਸ਼ਨਰ ਨਗਰ ਨਿਗਮ ਨਵਜੋਤ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ’ਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲਹਿਰਾਇਆ ਕੌਮੀ ਝੰਡਾ
NEXT STORY