ਸੁਨਾਮ ਊਧਮ ਸਿੰਘ ਵਾਲਾ (ਬਾਂਸਲ)- ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ‘ਚ ਤਕਰੀਬਨ 6 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਖੇੜੀ ਵਿਖੇ 2.15 ਕਰੋੜ ਰੁਪਏ ਦੀ ਲਾਗਤ ਨਾਲ ਸੰਗਰੂਰ-ਪਾਤੜਾਂ ਰੋਡ ਤੋਂ ਈਲਵਾਲ ਤੱਕ ਲਿੰਕ ਸੜਕ ਅਤੇ ਪਿੰਡ ਨਮੋਲ ਵਿਖੇ1.5 ਕਰੋੜ ਰੁਪਏ ਦੀ ਲਾਗਤ ਨਾਲ ਡੇਰਾ ਬਾਬਾ ਦੁਧੇਸ਼ਵਰ ਧਾਮ ਨੂੰ ਜਾਂਦੀ ਸੜਕ ਚੌੜੀ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ 75 ਲੱਖ ਰੁਪਏ ਦੀ ਲਾਗਤ ਨਾਲ ਮੋਘਿਆਂ ਦੇ ਕੰਮ ਅਤੇ 60 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ। ਇਸੇ ਤਰ੍ਹਾਂ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਚੌਵਾਸ ਵਿਖੇ 18 ਲੱਖ ਰੁਪਏ ਦੀ ਲਾਗਤ ਨਾਲ ਮੰਡੀ ਦੇ ਸ਼ੈੱਡ ਅਤੇ ਸੜਕ ਬਣਾਉਣ ਦੇ ਕੰਮ ਦੀ ਵੀ ਨੀਂਹ ਰੱਖੀ ਗਈ।
ਇਹ ਖ਼ਬਰ ਵੀ ਪੜ੍ਹੋ - MP ਮਾਲਵਿੰਦਰ ਕੰਗ ਵੱਲੋਂ ਸਰਹੱਦ ਪਾਰ ਤੋਂ ਹੋ ਰਹੀ ਨਸ਼ਾ ਤਸਕਰੀ ਬਾਰੇ ਚਰਚਾ ਦੀ ਮੰਗ, ਦਿੱਤਾ ਮੁਲਤਵੀ ਨੋਟਿਸ
ਇਸ ਦੇ ਨਾਲ ਹੀ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਈਲਵਾਲ, ਕੰਮੋਮਾਜਰਾ ਕਲਾਂ, ਕਨੋਈ, ਖੇੜੀ, ਬਹਾਦਰਪੁਰ, ਭੰਮਾ ਬੱਦੀ, ਕਿਲਾ ਭਰੀਆਂ, ਮੰਡੇਰ ਖੁਰਦ, ਦਿਆਲਗੜ੍ਹ, ਸਾਹੋਕੇ ਤੇ ਘਾਸੀਵਾਲਾ ਪਿੰਡਾਂ ਦੀਆਂ ਪੰਚਾਇਤਾਂ ਅਤੇ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਦੀਆਂ ਸਮਾਜਸੇਵੀ ਸੰਸਥਾਵਾਂ ਨੂੰ 40 ਲੱਖ 50 ਹਜ਼ਾਰ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ।
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਤੇ ਹਲਕਾ ਸੁਨਾਮ ਦੇ ਵਿਧਾਇਕ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਾਂਗ ਸੁਨਾਮ ਹਲਕੇ ‘ਚ ਕਿਸੇ ਵੀ ਵਿਕਾਸ ਕਾਰਜ ਲਈ ਫੰਡਾਂ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਪ੍ਰੋਜੈਕਟ ਨੂੰ ਪੂਰੇ ਪਾਰਦਰਸ਼ੀ ਢੰਗ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਦੇ ਇਕ-ਇਕ ਪੈਸੇ ਨੂੰ ਲੋਕਾਂ ਦੀ ਭਲਾਈ ਲਈ ਵਰਤੋਂ ਵਿੱਚ ਲਿਆਂਦਾ ਜਾ ਰਿਹਾ ਹੈ।
ਮੰਤਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਸੰਜੀਦਗੀ ਨਾਲ ਨੱਥ ਪਾਈ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਸਰਕਾਰੀ ਪੈਸੇ ਜਾਂ ਲੋਕਾਂ ਤੋਂ ਪੈਸੇ ਉਗਰਾਹੁਣ ਦੀ ਕਿਸੇ ਵੀ ਕੀਮਤ ‘ਤੇ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਲੋਕ ਪੱਖੀ ਫ਼ੈਸਲੇ ਲਏ ਜਾ ਰਹੇ ਹਨ ਜਿਨ੍ਹਾਂ ਵਿੱਚ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਵੱਡੀ ਪੱਧਰ ‘ਤੇ ਤਬਾਦਲੇ ਵੱਡੀ ਮਿਸਾਲ ਹੈ।
ਇਹ ਖ਼ਬਰ ਵੀ ਪੜ੍ਹੋ - Punjab: ਬੀਅਰ ਪੀਣ ਦੇ ਸ਼ੌਕੀਨ ਦੇਣ ਧਿਆਨ, ਹੈਰਾਨ ਕਰ ਦੇਵੇਗੀ ਇਹ ਖ਼ਬਰ
ਅਰੋੜਾ ਨੇ ਦੱਸਿਆ ਕਿ ਸਰਕਾਰੀ ਮਹਿਕਮਿਆਂ ਵਿਚ ਸੁਧਾਰ ਦੇ ਨਾਲ-ਨਾਲ ਉਨ੍ਹਾਂ ਦੀ ਸਰਕਾਰ ਵੱਲੋਂ ਸਮਾਜਕ ਸੁਧਾਰਾਂ ਲਈ ਵੀ ਲੋੜੀਂਦੇ ਯਤਨ ਲਗਾਤਾਰ ਜਾਰੀ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਨਾ ਸਿਰਫ ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ ਸਗੋਂ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਤੇ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦਾ ਤਹੱਈਆ ਵੀ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਤਨਦੇਹੀ ਨਾਲ ਯਤਨ ਕੀਤੇ ਜਾਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐੱਸ.ਡੀ.ਐੱਮ. ਮਨਜੀਤ ਕੌਰ, ਬੀ.ਡੀ.ਪੀ.ਓ. ਗੁਰਦਰਸ਼ਨ ਸਿੰਘ, ਗੁਰਿੰਦਰਪਾਲ ਸਿੰਘ ਖੇੜੀ, ਮਨਦੀਪ ਸਿੰਘ, ਦੀਪ ਸਰਪੰਚ, ਬਲਜਿੰਦਰ ਸਿੰਘ ਈਲਵਾਲ, ਸਰਪੰਚ ਜਸਦੀਪ ਸਿੰਘ ਬਹਾਦਰਪੁਰ, ਹਰਜੀਤ ਸਿੰਘ, ਸੁਖਦਰਸ਼ਨ ਸਿੰਘ, ਗੁਰਚਰਨ ਸਿੰਘ ਸਰਪੰਚ ਚੌਵਾਸ, ਰਾਜ ਸ਼ਰਮਾ, ਜਰਨੈਲ ਸਿੱਧੂ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਬਿਨਾਂ ਸਰਟੀਫ਼ਿਕੇਟ ਦੇ ਇਲੈਕਟ੍ਰਾਨਿਕ ਵਾਹਨ ਵੇਚ ਰਹੀ ਕੰਪਨੀ, CM ਮਾਨ ਕੋਲ ਪਹੁੰਚਿਆ ਮਾਮਲਾ
NEXT STORY