ਜਲੰਧਰ (ਧਵਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਰਬਾਰ ਲਗਾ ਕੇ ਅੱਜ ਜਨਤਾ ਦੀਆਂ ਮੁਸ਼ਕਲਾਂ ਸੁਣੀਆਂ ਤੇ ਕਈ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰ ਦਿੱਤਾ। ਮੁੱਖ ਮੰਤਰੀ ਹਰ ਮਹੀਨੇ ਆਪਣੀ ਮੁੱਖ ਮੰਤਰੀ ਰਿਹਾਇਸ਼ 'ਤੇ ਜਨਤਾ ਦੀਆਂ ਸ਼ਿਕਾਇਤਾਂ ਸੁਣਦੇ ਹਨ ਅਤੇ ਨਾਲ ਹੀ ਉਨ੍ਹਾਂ ਨੇ ਕਈ ਮਾਮਲਿਆਂ 'ਚ ਪ੍ਰਸ਼ਾਸਨਿਕ ਅਤੇ ਪੁਲਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਦਫਤਰਾਂ 'ਚ ਆਉਣ ਵਾਲੇ ਲੋਕਾਂ ਦੇ ਮਸਲਿਆਂ ਦਾ ਨਿਪਟਾਰਾ ਤੁਰੰਤ ਕਰਨ ਤਾਂ ਕਿ ਲੋਕਾਂ ਨੂੰ ਚੰਡੀਗ਼ੜ੍ਹ ਆਉਣ ਦੀ ਲੋੜ ਹੀ ਨਾ ਪਵੇ।
ਉਨ੍ਹਾਂ ਕਿਹਾ ਕਿ ਲੋਕ ਚੰਡੀਗੜ੍ਹ ਸਰਕਾਰ ਕੋਲ ਆਪਣੀਆਂ ਮੁਸ਼ਕਲਾਂ ਲੈ ਕੇ ਤਾਂ ਹੀ ਆਉਂਦੇ ਹਨ ਜਦੋਂ ਹੇਠਲੇ ਪੱਧਰ 'ਤੇ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਦਾ। ਇਸ ਲਈ ਪ੍ਰਸ਼ਾਸਨਿਕ ਅਤੇ ਪੁਲਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ-ਆਪਣੇ ਜ਼ਿਲਿਆਂ 'ਚ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਕਰਿਆ ਕਰਨ।
ਮੁੱਖ ਮੰਤਰੀ ਨੇ ਵੱਖ-ਵੱਖ ਸ਼ਿਕਾਇਤਾਂ ਨੂੰ ਸੁਣਨ ਤੋਂ ਬਾਅਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰ ਦਿੱਤਾ ਜਾਵੇ ਤਾਂ ਕਿ ਦੁਬਾਰਾ ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਲੈ ਕੇ ਉਨ੍ਹਾਂ ਕੋਲ ਨਾ ਆਉਣਾ ਪਵੇ।
ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਲੋਕਾਂ ਦੇ ਮਸਲਿਆਂ ਨੂੰ ਸੁਲਝਾਉਣ 'ਚ ਭਰੋਸਾ ਰੱਖਦੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਦਫਤਰ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਕੋਲ ਜੋ ਸ਼ਿਕਾਇਤਾਂ ਆਉਂਦੀਆਂ ਹਨ ਉਨ੍ਹਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਣਾ ਚਾਹੀਦਾ ਹੈ। ਇਸ ਸਬੰਧ 'ਚ ਪਹਿਲਾਂ ਹੀ ਮੁੱਖ ਮੰਤਰੀ ਨੇ ਆਪਣੇ ਅਧਿਕਾਰੀਆਂ ਨੂੰ ਕੰਮਾਂ ਦੀ ਵੰਡ ਕੀਤੀ ਹੋਈ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਨਤਾ ਨੂੰ ਇਨਸਾਫ ਨਾ ਦੇਣ ਵਾਲੇ ਅਧਿਕਾਰੀਆਂ ਨਾਲ ਉਨ੍ਹਾਂ ਦੀ ਸਰਕਾਰ ਸਖਤੀ ਨਾਲ ਪੇਸ਼ ਆਏਗੀ ਕਿਉਂਕਿ ਉਹ ਚਾਹੁੰਦੇ ਹਨ ਕਿ ਜਨਤਾ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਤੁਰੰਤ ਹੋਣਾ ਚਾਹੀਦਾ ਹੈ ਅਤੇ ਨਾਲ ਹੀ ਉਨ੍ਹਾਂ ਦੀ ਸਰਕਾਰ ਪ੍ਰਸ਼ਾਸਨਿਕ ਅਤੇ ਪੁਲਸ 'ਚ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ 'ਤੇ ਸਹਿਣ ਨਹੀਂ ਕਰੇਗੀ। ਮੁੱਖ ਮੰਤਰੀ ਨਾਲ ਇਸ ਮੌਕੇ ਉਨ੍ਹਾਂ ਦੇ ਓ. ਐੱਸ. ਡੀ. ਸੋਨੂੰ ਢੇਸੀ, ਮੁੱਖ ਮੰਤਰੀ ਦੇ ਪ੍ਰੈੱਸ ਸਕੱਤਰ ਵਿਮਲ ਸੁੰਬਲੀ, ਏ. ਡੀ. ਜੀ. ਪੀ. ਅਤੇ ਮੁੱਖ ਮੰਤਰੀ ਦੇ ਸੁਰੱਖਿਆ ਸਲਾਹਕਾਰ ਖੂਬੀ ਰਾਮ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸਾਬਕਾ ਸਰਕਾਰ ਦੇ ਸਮੇਂ ਸੰਗਤ ਦਰਸ਼ਨ ਸਮੇਂ ਵੰਡੀਆਂ ਗਈਆਂ ਗ੍ਰਾਂਟਾਂ ਦੀ ਦੁਰਵਰਤੋਂ ਹੀ ਹੋਈ ਹੈ। ਸੰਗਤ ਦਰਸ਼ਨ ਪ੍ਰੋਗਰਾਮਾਂ 'ਚ ਜਨਤਾ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਹੀਂ ਹੁੰਦਾ ਸੀ।
ਔਰਤ ਨੇ ਏ. ਐੱਸ. ਆਈ. 'ਤੇ ਲਾਏ ਕੁੱਟਮਾਰ ਦੇ ਦੋਸ਼
NEXT STORY