ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਾਮਿਲਨਾਡੂ ਵਿਖੇ ਇਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਗੁਰੂ ਨਾਨਕ ਧਾਮ ਰਾਮੇਸ਼ਵਰਮ 'ਚ ਹੋਏ ਇਸ ਗੁਰਮਤਿ ਸਮਾਗਮ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਸਿੱਖ ਕੌਮ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਗੁਰਦੁਆਰਾ ਗੁਰੂ ਨਾਨਕ ਧਾਮ ਰਾਮੇਸ਼ਵਰਮ (ਤਾਮਿਲਨਾਡੂ) ਪਹਿਲੇ ਪਾਤਸ਼ਾਹ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਹੈ, ਜਿਥੇ ਗੁਰੂ ਸਾਹਿਬ ਆਪਣੀ ਦੂਸਰੀ ਉਦਾਸੀ ਦੌਰਾਨ ਗਏ ਸਨ। ਇਸ ਇਤਿਹਾਸਕ ਅਸਥਾਨ 'ਤੇ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਚੇਨਈ, ਤਿਰਚੀ, ਮਦੁਰਾਈ, ਬੰਗਲੌਰ, ਕੋਇਮਬਤੂਰ, ਬਿਜਨੌਰ ਆਦਿ ਥਾਵਾਂ ਤੋਂ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ।
ਸਮਾਗਮ ਸਮੇਂ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸਾਹਿਬ ਲਈ 5 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਇਥੇ ਗੁਰਮਤਿ ਸਮਾਗਮ ਕਰਨ ਦਾ ਮੰਤਵ ਜਿਥੇ ਪਹਿਲੇ ਪਾਤਸ਼ਾਹ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨਾ ਹੈ, ਉਥੇ ਹੀ ਤਾਮਿਲਨਾਡੂ ਅਤੇ ਨਾਲ ਲਗਦੇ ਇਲਾਕਿਆਂ 'ਚ ਵੱਸਦੇ ਸਿੱਖਾਂ ਨਾਲ ਮੇਲ-ਜੋਲ ਨੂੰ ਵਧਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਅਗਲੇ ਸਮਿਆਂ ਅੰਦਰ ਵੀ ਕਰਵਾਏ ਜਾਣਗੇ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੇ ਇਸ ਇਤਿਹਾਸਕ ਅਸਥਾਨ ਵਿਖੇ ਵੱਡੀ ਪੱਧਰ 'ਤੇ ਸੰਗਤ ਜੁੜਨੀ ਆਪਣੇ ਆਪ 'ਚ ਇਤਿਹਾਸਕ ਗੱਲ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਧਰਮ ਪ੍ਰਚਾਰ ਯਾਤਰਾਵਾਂ ਦੌਰਾਨ ਦੇਸ਼ ਦੁਨੀਆਂ ਦੇ ਕਈ ਹਿੱਸਿਆਂ 'ਚ ਆਪਣੇ ਮੁਬਾਰਕ ਚਰਨ ਪਾਏ ਹਨ, ਜਿਨ੍ਹਾਂ 'ਚੋਂ ਰਮੇਸ਼ਵਰਮ ਵੀ ਇਕ ਹੈ। ਉਨ੍ਹਾਂ ਸਿੱਖ ਸੰਗਤ ਨੂੰ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ 'ਚ ਇਕਜੁੱਟ ਰਹਿਣ ਦੀ ਅਪੀਲ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਸਿੱਖ ਕੌਮ ਹਮੇਸ਼ਾ ਦੇਸ਼ ਦੁਨੀਆ 'ਚ ਵੱਸਦੇ ਸਿੱਖਾਂ ਨਾਲ ਚਟਾਨ ਵਾਂਗ ਖੜ੍ਹੀ ਹੈ।
ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜੋਰਾ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਅਤੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਸਮਾਗਮ ਦੌਰਾਨ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਗੁਰਦੁਆਰਾ ਸਾਹਿਬ ਰਮੇਸ਼ਵਰਮ ਦੇ ਪ੍ਰਧਾਨ ਹਰਬੰਸ ਸਿੰਘ, ਬਾਬਾ ਜਗਜੀਤ ਸਿੰਘ ਕਾਕਾ ਵੀਰ ਜੀ ਆਦਿ ਮੌਜੂਦ ਸਨ।
ਪੀ. ਜੀ. ਆਈ. 'ਚ ਪਹਿਲੀ ਵਾਰ 110 ਸਾਲਾ ਔਰਤ ਦੀ ਕੀਤੀ ਗਈ 'ਹਿੱਪ ਰਿਪਲੇਸਮੈਂਟ'
NEXT STORY