ਅੰਮ੍ਰਿਤਸਰ (ਦੀਪਕ ਸ਼ਰਮਾ) : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਦੇ ਬੀਤੀ ਰਾਤ ਅਹਿਮਦਾਬਾਦ ਵਿਖੇ ਪਹੁੰਚਣ 'ਤੇ ਸੰਗਤ ਨੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੁਪਾਨੀ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਕੇ ਸ਼ਰਧਾ ਪ੍ਰਗਟਾਈ। ਉਨ੍ਹਾਂ ਨਾਲ ਘੱਟ ਗਿਣਤੀ ਕਮਿਸ਼ਨ ਗੁਜਰਾਤ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ, ਜਗਦੀਸ਼ ਪੰਚਾਤ ਐੱਮ.ਸੀ.ਏ. ਵੀ ਮੌਜੂਦ ਸਨ। ਮੁੱਖ ਮੰਤਰੀ ਰੁਪਾਨੀ ਅਤੇ ਹੋਰਨਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਗੁਰੂ ਬਖਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ 'ਚ ਪ੍ਰਬੰਧਕ ਵਜੋਂ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਵਿਜੈ ਰੁਪਾਨੀ ਨੇ ਨਗਰ ਕੀਰਤਨ 'ਚ ਸ਼ਮੂਲੀਅਤ ਕਰਕੇ ਆਪਣੇ ਆਪ ਨੂੰ ਵਡਭਾਗਾ ਦੱਸਿਆ ਅਤੇ ਸੰਗਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਵੀ ਦਿੱਤੀ।

ਇਸੇ ਦੌਰਾਨ ਅੱਜ ਨਗਰ ਕੀਰਤਨ ਦੀ ਅਹਿਮਦਾਬਾਦ ਤੋਂ ਰਾਜਿਸਥਾਨ ਦੇ ਉਦੇਪੁਰ ਲਈ ਖਾਲਸਈ ਜਾਹੋ-ਜਲਾਲ ਨਾਲ ਰਵਾਨਗੀ ਹੋਈ। ਇਥੇ ਧਾਰਮਿਕ ਦੀਵਾਨ ਸਜਾਏ ਗਏ, ਜਿਸ 'ਚ ਗੁਰਬਾਣੀ ਕੀਰਤਨ ਅਤੇ ਕਥਾ-ਵਿਚਾਰਾਂ ਦਾ ਸੰਗਤ ਨੇ ਆਨੰਦ ਮਾਣਿਆ। ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਆਰੰਭਤਾ ਦੀ ਅਰਦਾਸ ਕੀਤੀ ਅਤੇ ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਵੀ ਦਿੱਤੇ ਗਏ। ਅੱਜ ਦੀ ਆਰੰਭਤਾ ਸਮੇਂ ਹਜ਼ਾਰਾਂ ਦੀ ਗਿਣਤੀ 'ਚ ਸੰਗਤ ਮੌਜੂਦ ਸੀ, ਜਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਪ੍ਰਗਟਾਈ। ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ 'ਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਖਦੇਵ ਸਿੰਘ ਮਹਾਰ, ਰਾਜਿੰਦਰ ਸਿੰਘ, ਜੋਗਾ ਸਿੰਘ, ਸਥਾਨਕ ਭਾਜਪਾ ਆਗੂ ਗਨੀਸ਼ ਭਾਈ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ, ਲਖਵਿੰਦਰ ਸਿੰਘ, ਸੁਰਜੀਤ ਸਿੰਘ, ਭਾਈ ਜਸਵਿੰਦਰ ਸਿੰਘ ਸ਼ਹੂਰ, ਨਿਰਮਲ ਸਿੰਘ, ਕੇਵਲ ਸਿੰਘ, ਪਲਵਿੰਦਰ ਸਿੰਘ, ਬੀਬੀ ਇੰਦਰਜੀਤ ਕੌਰ, ਬੀਬੀ ਜਸਪ੍ਰੀਤ ਕੌਰ, ਸ. ਈਸ਼ਵਰ ਸਿੰਘ, ਇੰਦਰਜੀਤ ਸਿੰਘ, ਸੁਖਬੀਰ ਸਿੰਘ, ਮਹੰਤ ਜਗਨਨਾਥ ਜੀ ਆਦਿ ਮੌਜੂਦ ਸਨ।
ਆੜ੍ਹਤੀ ਤੇ ਸ਼ੈਲਰ ਮਾਲਕਾਂ ਵਲੋਂ 5 ਅਕਤੂਬਰ ਤੱਕ ਹੜਤਾਲ ਦਾ ਐਲਾਨ
NEXT STORY