ਅੰਮ੍ਰਿਤਸਰ (ਗੁਰਪ੍ਰੀਤ ਸਿੰਘ): ਅੰਮ੍ਰਿਤਸਰ ਦੇ ਪਿੰਡ ਮਾਨਾਵਾਲਾ ਵਿਚ ਸਥਿਤ ਜੀਵਨ ਜਾਗ੍ਰਤੀ ਨਸ਼ਾ ਛੁਡਾਓ ਕੇਂਦਰ ਵਿਚ ਇਕ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ, ਜਿਸ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਘਟਨਾ ਤੋਂ ਬਾਅਦ ਪੀੜਿਤ ਪਰਿਵਾਰ ਵੱਲੋਂ ਪੁਲਸ ਪ੍ਰਸ਼ਾਸਨ ਕੋਲ ਇਨਸਾਫ ਦੀ ਗੁਹਾਰ ਲਗਾਈ ਗਈ ਹੈ। ਦੂਜੇ ਪਾਸੇ, ਪੁਲਸ ਟੀਮ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਚੁੱਕੀ ਹੈ ਅਤੇ ਨਸ਼ਾ ਛੁਡਾਓ ਕੇਂਦਰ ਦੇ ਮਾਲਕ ਨੂੰ ਹਿਰਾਸਤ ਵਿਚ ਲਿਆ ਗਿਆ ਹੈ।
ਪੀੜਤ ਪਰਿਵਾਰ ਦੀ ਮੈਂਬਰ ਰੀਤੂ ਨੇ ਦੱਸਿਆ ਕਿ ਉਸ ਦਾ ਭਰਾ ਸੰਨੀ ਸ਼ਰਮਾ, ਜਿਸ ਦੀ ਉਮਰ ਕਰੀਬ 35-36 ਸਾਲ ਸੀ, ਕੁਝ ਸਮੇਂ ਤੋਂ ਡਿਪ੍ਰੈਸ਼ਨ ਨਾਲ ਜੂਝ ਰਿਹਾ ਸੀ ਅਤੇ ਉਸ ਦੀ ਦੇਖਭਾਲ ਲਈ ਉਸ ਨੂੰ ਇਸ ਕੇਂਦਰ ਵਿਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਮੁਤਾਬਕ ਉਹ ਨਸ਼ਾ ਨਹੀਂ ਕਰਦਾ ਸੀ, ਸਿਰਫ ਮਾਨਸਿਕ ਤਣਾਅ ਕਾਰਨ ਇੱਥੇ ਰੱਖਿਆ ਗਿਆ ਸੀ। ਪਰਿਵਾਰ ਦਾ ਕਹਿਣਾ ਹੈ ਕਿ ਰਾਤ ਨੂੰ ਕੇਂਦਰ ਵੱਲੋਂ ਫੋਨ ਕਰਕੇ ਦੱਸਿਆ ਗਿਆ ਕਿ ਸੰਨੀ ਦੀ ਮੌਤ ਹੋ ਗਈ ਹੈ।
ਪਰਿਵਾਰ ਨੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਜਦੋਂ ਉਨ੍ਹਾਂ ਨੇ ਕੇਂਦਰ ਤੋਂ CCTV ਫੁਟੇਜ ਮੰਗੀ ਤਾਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਕੈਮਰੇ ਬੰਦ ਸਨ, ਜਿਸ ਨਾਲ ਸ਼ੱਕ ਹੋਰ ਵੱਧ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਕ ਕਮਰੇ ਵਿਚ 15-20 ਲੋਕ ਰੱਖੇ ਜਾਂਦੇ ਹਨ, ਜਿਸ ਨਾਲ ਸੁਰੱਖਿਆ ‘ਤੇ ਸਵਾਲ ਖੜੇ ਹੁੰਦੇ ਹਨ। ਪਰਿਵਾਰ ਦਾ ਦਾਅਵਾ ਹੈ ਕਿ ਇਹ ਸਿਰਫ ਖੁਦਕੁਸ਼ੀ ਨਹੀਂ ਹੋ ਸਕਦੀ, ਸਗੋਂ ਇਸ ਦੇ ਪਿੱਛੇ ਕੋਈ ਸਾਜ਼ਿਸ਼ ਵੀ ਹੋ ਸਕਦੀ ਹੈ।
ਮੌਕੇ ‘ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੇ ਗਲ ‘ਤੇ ਰੱਸੀ ਦੇ ਨਿਸ਼ਾਨ ਮਿਲੇ ਹਨ ਅਤੇ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਕੇਂਦਰ ਦੇ ਮਾਲਕ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉੱਥੇ ਮੌਜੂਦ ਹੋਰ ਲੋਕਾਂ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਪਛਾਣ ਸੁਨੀਲ ਸ਼ਰਮਾ ਵਜੋਂ ਹੋਈ ਹੈ ਜੋ ਅਜਨਾਲੇ ਦਾ ਰਹਿਣ ਵਾਲਾ ਹੈ ਜਿਸ ਦੀ ਉਮਰ 36 ਸਾਲ ਦੱਸੀ ਜਾ ਰਹੀ ਹੈ।
ਪੁਲਸ ਨੇ ਕਿਹਾ ਕਿ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਦੇ ਨਤੀਜਿਆਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੀੜਤ ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਅਸਲੀ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ, ਤਾਂ ਜੋ ਉਨ੍ਹਾਂ ਨੂੰ ਇਨਸਾਫ ਮਿਲ ਸਕੇ।
ਜ਼ਿਲ੍ਹੇ ਨੂੰ ਤੋੜਨ ਦੀ ਉੱਠੀ ਮੰਗ ਵਿਰੁੱਧ ਮੁੜ ਭੜਕੇ ਗੁਰਦਾਸਪੁਰ ਦੇ ਵਕੀਲ, ਦਿੱਤੀ ਚੇਤਾਵਨੀ
NEXT STORY