ਅੰਮ੍ਰਿਤਸਰ (ਰਮਨਦੀਪ) : ਦੁਬਈ 'ਚ ਆਪਣੀ ਜਾਨ ਗਵਾ ਚੁੱਕੀ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਪਿੰਡ ਨਰਾਇਣਗੜ੍ਹ ਦੀ 25 ਸਾਲਾ ਮਨਪ੍ਰੀਤ ਕੌਰ ਪੁਤਰੀ ਕਿੱਕਰ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉਘੇ ਸਮਾਜ ਸੇਵਕ ਡਾ. ਐੱਸ.ਪੀ. ਸਿੰਘ ਓਬਰਾਏ ਦੇ ਅਣਥੱਕ ਯਤਨਾਂ ਸਦਕਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ। ਜਾਣਕਾਰੀ ਮੁਤਾਬਕ ਮ੍ਰਿਤਕਾ ਮਨਪ੍ਰੀਤ ਕੌਰ ਜਿਸਨੇ ਐੱਮ.ਐੱਸ.ਸੀ. (ਗਣਿਤ) ਦੀ ਉੱਚ ਡਿਗਰੀ ਹਾਸਲ ਕੀਤੀ ਹੋਈ ਸੀ ਤੇ ਉਹ ਬੀਤੀ 6 ਫਰਵਰੀ 2019 ਨੂੰ ਹੀ ਆਪਣੇ ਗਰੀਬ ਪਿਤਾ ਦੀ ਮਜ਼ਦੂਰੀ ਨਾਲ ਕੀਤੀ ਪੜ੍ਹਾਈ ਦਾ ਮੁੱਲ ਪੂਰਾ ਕਰਨ ਬਦਲੇ ਤੇ ਆਪਣੇ ਪੂਰੇ ਪਰਿਵਾਰ ਨੂੰ ਆਰਥਿਕ ਮੰਦਹਾਲੀ ਦੇ ਬੋਝ ਤੋਂ ਮੁਕਤ ਕਰਾਉਣ ਦੇ ਸੁਪਨੇ ਦਿਲ 'ਚ ਸਮੋਈ ਦੁਬਈ ਗਈ ਸੀ। ਦੁਬਈ ਜਾਣ ਤੋਂ ਕੇਵਲ 10 ਦਿਨ ਬਾਅਦ ਹੀ ਅਚਾਨਕ ਉਸ ਦੇ ਦਿਲ ਦੀ ਧੜਕਨ ਬੰਦ ਹੋਣ ਨਾਲ ਮੌਤ ਹੋ ਗਈ। ਇਸ ਸਬੰਧੀ ਜਦ ਭਾਰਤ ਰਹਿੰਦੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ 'ਤੇ ਟੁੱਟੇ ਇਸ ਕਹਿਰ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਆਪਣੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਜ਼ਿਲੇ ਅੰਦਰ ਕੰਮ ਕਰਦੀ ਸਰਬੱਤ ਦਾ ਭਲਾ ਟਰੱਸਟ ਦੀ ਟੀਮ ਰਾਹੀਂ ਟਰੱਸਟ ਦੇ ਸਰਪ੍ਰਸਤ ਡਾ. ਓਬਰਾਏ ਨਾਲ ਸੰਪਰਕ ਕਰਕੇ ਮਨਪ੍ਰੀਤ ਕੌਰ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੀ ਅਰਜੋਈ ਕੀਤੀ ਸੀ। ਇਸ 'ਤੇ ਕਾਰਵਾਈ ਕਰਦਿਆਂ ਡਾ. ਓਬਰਾਏ ਤੇ ਉਨ੍ਹਾਂ ਦੀ ਟੀਮ ਨੇ ਦੁਬਈ ਅੰਦਰ ਸਾਰੀ ਜ਼ਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਉਸ ਦੀ ਮ੍ਰਿਤਕ ਦੇਹ ਨੂੰ ਵਤਨ ਭੇਜਿਆ ਹੈ।
ਹਵਾਈ ਅੱਡੇ ਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਪ੍ਰਗਟ ਕਰਨ ਪੁੱਜੇ ਟਰੱਸਟ ਦੇ ਮਾਝਾ ਜੋਨ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਸੁਖਦੀਪ ਸਿੰਘ ਸਿੱਧੂ, ਮਨਪ੍ਰੀਤ ਸਿੰਘ ਸੰਧੂ, ਸਿਸ਼ਪਾਲ ਸਿੰਘ ਲਾਡੀ, ਮੰਗਦੇਵ ਸਿੰਘ ਛੀਨਾ, ਪਰਮਿੰਦਰ ਸਿੰਘ ਕੜਿਆਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਮ੍ਰਿਤਕ ਲੜਕੀ ਸਮੇਤ ਸਰਬੱਤ ਦਾ ਭਲਾ ਟਰੱਸਟ ਵਲੋਂ ਹੁਣ ਤੱਕ ਵੱਖ-ਵੱਖ ਧਰਮਾਂ ਦੇ 92 ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਹੁਣ ਤੱਕ ਲਿਆਂਦੀਆਂ ਗਈਆਂ ਬਦਨਸੀਬ ਲੋਕਾਂ ਦੀਆਂ ਮ੍ਰਿਤਕ ਦੇਹਾਂ 'ਚ ਪਹਿਲੀ ਵਾਰ ਕਿਸੇ ਨੌਜਵਾਨ ਲੜਕੀ ਦੀ ਮ੍ਰਿਤਕ ਦੇਹ ਟਰੱਸਟ ਰਾਹੀਂ ਵਤਨ ਪੁੱਜੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮਨਪ੍ਰੀਤ ਕੌਰ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਣ 'ਚ ਭਾਰਤੀ ਦੂਤਾਵਾਸ ਤੋਂ ਇਲਾਵਾ ਸ. ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਨੇ ਵੀ ਜ਼ਿਕਰਯੋਗ ਭੂਮਿਕਾ ਨਿਭਾਈ ਹੈ।
ਇਸੇ ਦੌਰਾਨ ਦੁਬਈ ਤੋਂ ਮ੍ਰਿਤਕ ਦੇਹ ਨਾਲ ਆਏ ਬਲਜੀਤ ਸਿੰਘ ਮਾਨ ਤੋਂ ਇਲਾਵਾ ਮ੍ਰਿਤਕ ਦੇਹ ਲੈਣ ਪੁੱਜੇ ਮ੍ਰਿਤਕਾ ਦੇ ਪਿਤਾ ਕਿੱਕਰ ਸਿੰਘ, ਮਾਤਾ ਹਰਜੀਤ ਕੌਰ, ਨਾਨਾ ਗੁਰਮੇਲ ਸਿੰਘ, ਮਾਮਾ ਗੁਰਮੀਤ ਸਿੰਘ, ਭਰਾ ਗੁਰਦੀਪ ਸਿੰਘ, ਨੰਬਰਦਾਰ ਗੁਰਪ੍ਰੀਤ ਸਿੰਘ ਆਦਿ ਨੇ ਸ. ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਪਹਿਲੀ ਵਾਰ ਅਜਿਹਾ ਇਨਸਾਨ ਦੇਖਿਆ ਹੈ ਜੋ ਬਿਨ੍ਹਾਂ ਕਿਸੇ ਸਵਾਰਥ ਦੇ ਲੋੜਵੰਦਾਂ ਦੀ ਵੱਡੀ ਤੋਂ ਵੱਡੀ ਮਦਦ ਕਰਨ ਲਈ ਹਮੇਸ਼ਾਂ ਤਿਆਰ ਰਹਿੰਦੇ ਹਨ। ਉਨ੍ਹਾਂ ਨਮ ਅੱਖਾਂ ਨਾਲ ਦੱਸਿਆ ਕਿ ਸ. ਓਬਰਾਏ ਤਾਂ ਉਨ੍ਹਾਂ ਲਈ ਰੱਬ ਬਣਕੇ ਬਹੁੜੇ ਹਨ ਅਤੇ ਜੇਕਰ ਉਹ ਉਨ੍ਹਾਂ ਦੀ ਮਦਦ ਨਾ ਕਰਦੇ ਤਾਂ ਉਹ ਕਦੇ ਵੀ ਮਨਪ੍ਰੀਤ ਕੌਰ ਦੇ ਅੰਤਿਮ ਦਰਸ਼ਨ ਨਹੀਂ ਸੀ ਕਰ ਸਕਦੇ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਡਾ. ਓਬਰਾਏ ਦੇ ਇਸ ਪਰਉਪਕਾਰ ਲਈ ਸਾਰੀ ਜ਼ਿੰਦਗੀ ਰਿਣੀ ਰਹੇਗਾ।
ਸ਼ਹੀਦਾਂ ਦੇ ਨਾਂ 'ਤੇ ਭਾਜਪਾ ਤੇ ਕਾਂਗਰਸ ਗੰਧਲੀ ਸਿਆਸਤ ਨਾ ਖੇਡੇ : ਖਹਿਰਾ
NEXT STORY