ਅੰਮ੍ਰਿਤਸਰ (ਦੀਪਕ/ ਸੁਮਿਤ) : ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਬੰਦੀਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉੜੀ ਤੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਦਿੱਤਾ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਤੇ ਪ੍ਰਸਿੱਧ ਕਥਾਵਾਚਕ ਭਾਈ ਰਣਜੀਤ ਸਿੰਘ ਗੌਹਰ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਬੰਦੀਛੋੜ ਦਿਵਸ ਦੀ ਮੁਬਾਰਕਬਾਦ ਦਿੱਤੀ।
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਦਿੰਦਿਆਂ ਕਿਹਾ ਕਿ ਗੁਰਬਾਣੀ ਦੇ ਇਲਾਹੀ ਗਿਆਨ ਨਾਲ ਆਪਣੇ ਅੰਦਰ ਤੇ ਦੁਨੀਆ 'ਚ ਫੈਲੇ ਹੋਏ ਅੰਧਕਾਰ ਨੂੰ ਖ਼ਤਮ ਕਰਨਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਇਲਾਹੀ ਸੱਚ ਦੀ ਤਾਕਤ ਨਾਲ 'ਨਿਰਭਉ ਨਿਰਵੈਰੁ' ਵਿਚਾਰਧਾਰਾ ਤੋਂ ਪ੍ਰੇਰਣਾ ਲੈ ਕੇ ਸਰਬੱਤ ਦੇ ਭਲੇ ਲਈ ਮਜ਼ਲੂਮ, ਲੋੜਵੰਦ ਤੇ ਗਰੀਬ ਦੀ ਆਸ ਬਣਦਿਆਂ ਹਰ ਇਕ ਲਈ ਇਨਸਾਫ਼, ਬਰਾਬਰੀ ਤੇ ਆਜ਼ਾਦੀ ਦੀ ਆਵਾਜ਼ ਬੁਲੰਦ ਕਰਨ ਦੀ ਜ਼ਿੰਮੇਵਾਰੀ ਨਿਭਾਉਣ ਲਈ ਕਿਹਾ। ਸਿੰਘ ਸਾਹਿਬ ਨੇ ਜੂਨ ਤੇ ਨਵੰਬਰ 1984 ਵਿਚ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਸਿੱਖਾਂ ਦੀ ਨਸਲਕੁਸ਼ੀ ਨੂੰ ਕਦੇ ਨਾ ਭੁੱਲਣ ਵਾਲਾ ਨਾਸੂਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਲਗਾਤਾਰ ਹੋ ਰਹੀਆਂ ਘਟਨਾਵਾਂ, ਜੇਲਾਂ 'ਚ ਬੰਦ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਨਾ ਹੋਣਾ ਤੇ ਦੇਸ਼ 'ਚ ਸਿੱਖਾਂ ਨੂੰ ਨਿਸ਼ਾਨਾ ਬਣਾ ਕੇ ਕਤਲ ਕਰਨ ਵਰਗੇ ਅਪਰਾਧਾਂ ਨੇ ਬੇਗਾਨਗੀ ਦਾ ਅਹਿਸਾਸ ਕਰਵਾਇਆ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੋਸ਼ਲ ਮੀਡੀਆ 'ਤੇ ਸਿੱਖਾਂ ਵੱਲੋਂ ਆਪਣੇ ਵਿਚਾਰ ਰੱਖਦਿਆਂ ਇਕ-ਦੂਸਰੇ ਪ੍ਰਤੀ ਨੀਵੇਂ ਪੱਧਰ 'ਤੇ ਵਰਤੀ ਜਾ ਰਹੀ ਸ਼ਬਦਾਵਲੀ ਨੂੰ ਸਿੱਖ ਨੈਤਿਕਤਾ ਦਾ ਘਾਣ ਕਿਹਾ ਤੇ ਸੋਸ਼ਲ ਮੀਡੀਆ ਨੂੰ ਭਰਾ-ਮਾਰੂ ਜੰਗ ਕਰਵਾਉਣ ਲਈ ਆਧਾਰ ਸਰੋਤ ਵਜੋਂ ਵਰਤਣਾ ਸਿੱਖ ਵਿਰੋਧੀ ਲੋਕਾਂ ਦੀ ਡੂੰਘੀ ਸਾਜ਼ਿਸ਼ ਦਾ ਹਿੱਸਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਵਰਤਾਰੇ ਤੋਂ ਬਚਣ ਅਤੇ ਸਾਵਧਾਨ ਹੋਣ ਦੀ ਵੱਡੀ ਲੋੜ ਹੈ ਤੇ ਸਿੱਖ ਪੰਥ ਸੰਜਮ 'ਚ ਰਹਿ ਕੇ ਉਸਾਰੂ ਰੂਪ ਵਿਚ ਹੀ ਇਸ ਦੀ ਵਰਤੋਂ ਕਰੇ।
ਗਿਆਨੀ ਜਗਤਾਰ ਸਿੰਘ ਨੇ ਬਾਣੀ ਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ
ਇਸ ਮੌਕੇ ਸੱੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਿੱਖ ਧਰਮ 'ਚ ਬੰਦੀਛੋੜ ਦਿਵਸ ਦੇ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕਰਦਿਆਂ ਬਾਣੀ ਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਬੇਹੱਦ ਗੌਰਵਮਈ ਅਤੇ ਸ਼ਾਨਾਮੱਤਾ ਹੈ, ਜਿਸ ਤੋਂ ਸੇਧ ਪ੍ਰਾਪਤ ਕਰ ਕੇ ਗੁਰਮਤਿ ਜੁਗਤ ਅਨੁਸਾਰ ਜੀਵਨ ਬਤੀਤ ਕਰਨਾ ਚਾਹੀਦਾ ਹੈ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੰਦੀਛੋੜ ਦਿਵਸ ਦੀ ਸਮੁੱਚੇ ਸਿੱਖ ਜਗਤ ਅਤੇ ਗੁਰੂ ਨਾਨਕ ਨਾਮਲੇਵਾ ਸੰਗਤਾਂ ਨੂੰ ਵਧਾਈ ਦਿੱਤੀ ਤੇ ਕੌਮੀ ਇਕਜੁੱਟਤਾ ਦੀ ਅਪੀਲ ਕੀਤੀ। ਇਸ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਬੰਦੀਛੋੜ ਦਿਵਸ ਸਿੱਖ ਕੌਮ ਦਾ ਸ਼ਾਨਾਮੱਤਾ ਇਤਿਹਾਸਕ ਦਿਹਾੜਾ ਹੈ, ਜਿਸ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਬਹੁਤ ਸਾਰੀਆਂ ਪੰਥ ਵਿਰੋਧੀ ਸ਼ਕਤੀਆਂ ਪੰਥਕ ਸ਼ਕਤੀ ਨੂੰ ਖੇਰੂੰ-ਖੇਰੂੰ ਕਰਨ ਲਈ ਯਤਨਸ਼ੀਲ ਹਨ, ਜਿਸ ਤੋਂ ਸਿੱਖ ਕੌਮ ਨੂੰ ਸੁਚੇਤ ਰਹਿਣਾ ਪਵੇਗਾ। ਉਨ੍ਹਾਂ ਵਰਤਮਾਨ ਸਮੇਂ 'ਚ ਗੁਰੂ ਸਾਹਿਬਾਨ ਤੇ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨਾਲ ਕੀਤੀ ਜਾ ਰਹੀ ਛੇੜਛਾੜ ਨੂੰ ਵੀ ਮੰਦਭਾਗਾ ਕਰਾਰ ਦਿੱਤਾ ਅਤੇ ਪੰਥ ਵਿਰੋਧੀਆਂ ਦੇ ਅਜਿਹੇ ਕਾਰਨਾਮਿਆਂ ਦਾ ਮਿਲ ਕੇ ਮੁਕਾਬਲਾ ਕਰਨ ਲਈ ਕਿਹਾ। ਇਸ ਤੋਂ ਇਲਾਵਾ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੇ ਵੀ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ। ਬੁਲਾਰਿਆਂ ਨੂੰ ਸਮਾਂ ਦੇਣ ਦੀ ਸੇਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਨਿਭਾਈ।
ਪੰਥ ਵਿਰੋਧੀਆਂ ਵਲੋਂ ਗੁਰ-ਇਤਿਹਾਸ ਨੂੰ ਵਿਗਾੜਨ ਦੀਆਂ ਚਾਲਾਂ ਤੋਂ ਸੁਚੇਤ ਰਹਿਣ ਸੰਗਤਾਂ : ਭਾਈ ਲੌਂਗੋਵਾਲ
ਇਸ ਤੋਂ ਪਹਿਲਾਂ ਪ੍ਰਧਾਨ ਭਾਈ ਲੌਂਗੋਵਾਲ ਨੇ ਸੰਗਤਾਂ ਨੂੰ ਬੰਦੀਛੋੜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਵੱਲੋਂ ਗਵਾਲੀਅਰ ਦੀ ਕੈਦ 'ਚੋਂ ਛੁਡਾਏ 52 ਰਾਜਿਆਂ ਦਾ ਇਤਿਹਾਸ ਸੰਭਾਲੀ ਬੈਠਾ ਇਹ ਦਿਹਾੜਾ ਸਾਨੂੰ ਸੱਚ ਦੀ ਆਵਾਜ਼ ਬਣਨ ਅਤੇ ਜ਼ੁਲਮ ਦੇ ਸਤਾਏ ਹੋਏ ਲੋਕਾਂ ਦੇ ਹੱਕ 'ਚ ਅੱਗੇ ਆਉਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਭਾਰਤ ਦੀ ਬੋਲੀ, ਸੱਭਿਆਚਾਰ ਅਤੇ ਰੀਤੀ-ਰਿਵਾਜ ਬਚਾਉਣ ਲਈ ਜੋ ਮਿਸ਼ਨ ਆਰੰਭਿਆ, ਉਸ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਹੋਰ ਅੱਗੇ ਵਧਾਉਂਦਿਆਂ ਜ਼ੁਲਮ ਤੇ ਅਨਿਆਂ ਵਿਰੁੱਧ ਆਵਾਜ਼ ਬੁਲੰਦ ਕੀਤੀ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਲੋਕਾਈ ਨੂੰ ਇਕ ਨਵੀਂ ਰੌਸ਼ਨੀ, ਨਵੇਂ ਜਜ਼ਬੇ ਤੇ ਨਵੇਂ ਜੋਸ਼ ਦੇ ਰੂ-ਬ-ਰੂ ਕੀਤਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਧਾਰਮਕ, ਸਮਾਜਕ, ਰਾਜਨੀਤਕ ਤੇ ਆਰਥਕ ਕ੍ਰਾਂਤੀ ਦਾ ਮੁੱਢ ਬੰਨ੍ਹਣ ਵਾਲੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਹੋਏ ਮਾਰਗ ਨੂੰ ਅਪਣਾਉਣ। ਉਨ੍ਹਾਂ ਕਿਹਾ ਕਿ ਅੱਜ ਕੁਝ ਪੰਥ ਵਿਰੋਧੀ ਸ਼ਕਤੀਆਂ ਗੁਰ-ਇਤਿਹਾਸ ਤੇ ਸਿੱਖ-ਇਤਿਹਾਸ ਨੂੰ ਵਿਗਾੜਨ ਲਈ ਚਾਲਾਂ ਚੱਲ ਰਹੀਆਂ ਹਨ, ਜਿਨ੍ਹਾਂ ਤੋਂ ਸੁਚੇਤ ਹੋਣ ਦੀ ਲੋੜ ਹੈ।
ਐੱਨ. ਆਰ. ਆਈਜ਼ ਦਾ ਸਮਰਥਨ ਮਿਲਣ ਤੋਂ ਬਾਅਦ ਜਾਣੋ ਕੀ ਬੋਲੇ ਸੁਖਪਾਲ ਖਹਿਰਾ
NEXT STORY