ਅੰਮ੍ਰਿਤਸਰ : ਅੰਮ੍ਰਿਤਸਰ ਦੇ ਥਾਣਾ ਸਦਰ ਅਧੀਨ ਪੈਂਦੇ ਬਾਬਾ ਦੀਪ ਸਿੰਘ ਕਲੋਨੀ (ਫਤਿਹਗੜ੍ਹ ਚੂੜੀਆਂ ਬਾਈਪਾਸ) ਇਲਾਕੇ ਤੋਂ ਲਾਪਤਾ ਹੋਈਆਂ ਦੋ ਸਗੀਆਂ ਭੈਣਾਂ ਨੂੰ ਪੰਜਾਬ ਪੁਲਸ ਨੇ ਮਹਿਜ਼ 18 ਘੰਟਿਆਂ ਦੇ ਅੰਦਰ ਸਹੀ-ਸਲਾਮਤ ਬਰਾਮਦ ਕਰਕੇ ਉਨ੍ਹਾਂ ਦੇ ਮਾਪਿਆਂ ਦੇ ਹਵਾਲੇ ਕਰ ਦਿੱਤਾ। ਪੁਲਸ ਦੀ ਇਸ ਤੁਰੰਤ ਕਾਰਵਾਈ ਤੋਂ ਖੁਸ਼ ਹੋ ਕੇ ਪਰਿਵਾਰ ਵੱਲੋਂ ਥਾਣੇ ਪਹੁੰਚ ਕੇ ਐਸ.ਐਚ.ਓ. ਅਤੇ ਪੁਲਸ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐਸ.ਐਚ.ਓ. ਇੰਸਪੈਕਟਰ ਕਿਰਨਦੀਪ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਦੋ ਭੈਣਾਂ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ ਤਾਂ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ। ਤਕਨੀਕੀ ਮਾਹਿਰਾਂ ਦੀ ਮਦਦ ਨਾਲ ਕਾਲ ਡਿਟੇਲਾਂ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਗਈ।
ਜਾਂਚ ਦੌਰਾਨ ਸਾਹਮਣੇ ਆਇਆ ਕਿ ਦੋਵੇਂ ਭੈਣਾਂ ਆਪਣੇ ਮਾਪਿਆਂ ਨਾਲ ਮਾਮੂਲੀ ਨਾਰਾਜ਼ਗੀ ਕਾਰਨ ਲੁਧਿਆਣਾ ਚਲੀਆਂ ਗਈਆਂ ਸਨ, ਜਿੱਥੇ ਉਨ੍ਹਾਂ ਨੇ ਇੱਕ ਰਾਤ ਗੁਰਦੁਆਰਾ ਸਾਹਿਬ ਵਿਖੇ ਗੁਜ਼ਾਰੀ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵੇਂ ਲੜਕੀਆਂ ਨੂੰ ਲੁਧਿਆਣਾ ਤੋਂ ਸਹੀ-ਸਲਾਮਤ ਬਰਾਮਦ ਕਰਕੇ ਪਰਿਵਾਰ ਦੇ ਹਵਾਲੇ ਕਰ ਦਿੱਤਾ। ਪੁਲਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਘਟਨਾ ਨਹੀਂ ਵਾਪਰੀ।
ਉੱਥੇ ਹੀ ਲੜਕੀਆਂ ਦੇ ਪਿਤਾ ਪਿੰਟੂ ਕੁਮਾਰ ਨੇ ਪੰਜਾਬ ਪੁਲਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਸ ਨੇ ਦਿਨ-ਰਾਤ ਇੱਕ ਕਰਕੇ ਬਹੁਤ ਘੱਟ ਸਮੇਂ ਵਿੱਚ ਉਨ੍ਹਾਂ ਦੀਆਂ ਧੀਆਂ ਨੂੰ ਲੱਭ ਲਿਆ। ਉਨ੍ਹਾਂ ਕਿਹਾ ਕਿ ਅਕਸਰ ਲੋਕ ਪੰਜਾਬ ਪੁਲਸ 'ਤੇ ਸਵਾਲ ਚੁੱਕਦੇ ਹਨ, ਪਰ ਉਨ੍ਹਾਂ ਦੇ ਪਰਿਵਾਰ ਨੂੰ ਪੁਲਸ ਵੱਲੋਂ ਮਿਲਿਆ ਸਹਿਯੋਗ ਬੇਹੱਦ ਸ਼ਲਾਘਾਯੋਗ ਹੈ।
ਪਰਿਵਾਰ ਵੱਲੋਂ ਥਾਣਾ ਸਦਰ ਪਹੁੰਚ ਕੇ ਐਸ.ਐਚ.ਓ. ਕਿਰਨਦੀਪ ਸਿੰਘ ਅਤੇ ਸਮੂਹ ਸਟਾਫ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਮੂੰਹ ਮਿੱਠਾ ਕਰਵਾ ਕੇ ਆਪਣੀ ਖੁਸ਼ੀ ਸਾਂਝੀ ਕੀਤੀ ਗਈ। ਪ੍ਰਵਾਸੀ ਪਰਿਵਾਰ ਨੇ ਕਿਹਾ ਕਿ ਪੰਜਾਬ ਵਿੱਚ ਉਹ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਦੇ ਹਨ ਕਿਉਂਕਿ ਪੰਜਾਬ ਪੁਲਸ ਹਰ ਵੇਲੇ ਲੋਕਾਂ ਦੀ ਮਦਦ ਲਈ ਤਤਪਰ ਰਹਿੰਦੀ ਹੈ।
2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਲਿਆਂ ਲੜੇਗੀ ਭਾਜਪਾ : RP Singh
NEXT STORY