ਅੰਮ੍ਰਿਤਸਰ (ਦੀਪਕ ਸ਼ਰਮਾ) : ਖਾਲਸਾ ਪੰਥ ਦੇ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ 'ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਾਧਾ ਕਰ ਦਿੱਤਾ ਗਿਆ ਹੈ। ਹੁਣ ਸਿੱਖ ਸ਼ਰਧਾਲੂ 20 ਜਨਵਰੀ 2020 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ। ਇਸ ਤੋਂ ਪਹਿਲਾਂ 30 ਦਸੰਬਰ 2019 ਤੱਕ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਕ ਮਿਥੀ ਗਈ ਸੀ। ਦੱਸਣਯੋਗ ਹੈ ਕਿ ਹਰ ਸਾਲ ਅਪ੍ਰੈਲ ਮਹੀਨੇ ਵਿਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਿਰਜਣਾ ਦਿਹਾੜਾ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ। ਇਹ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਇਲਾਵਾ ਉਥੋਂ ਦੇ ਹੋਰ ਗੁਰਧਾਮਾਂ ਦੇ ਵੀ ਦਰਸ਼ਨ ਕਰਦਾ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਪਾਸੋਂ ਸ਼੍ਰੋਮਣੀ ਕਮੇਟੀ ਵਲੋਂ ਹੁਣ 20 ਜਨਵਰੀ ਤੱਕ ਪਾਸਪੋਰਟ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਤਸਦੀਕ ਕਰਵਾ ਕੇ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਪਾਸਪੋਰਟ ਦੇ ਨਾਲ ਸ਼ਰਧਾਲੂ ਆਪਣੇ ਸ਼ਨਾਖਤੀ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਣ ਕਾਰਡ ਦੀਆਂ ਫੋਟੋ ਕਾਪੀਆਂ ਵੀ ਭੇਜਣ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਨਿਰਧਾਰਤ ਸਮੇਂ ਅੰਦਰ ਆਪਣੇ ਪਾਸਪੋਰਟ ਅਤੇ ਲੋੜੀਂਦੇ ਦਸਤਾਵੇਜ਼ ਦੀਆਂ ਕਾਪੀਆਂ ਭੇਜਣ, ਤਾਂ ਜੋ ਵੱਧ ਤੋਂ ਵੱਧ ਵੀਜ਼ੇ ਲਗਵਾਏ ਜਾ ਸਕਣ।
ਸੁਖਬੀਰ ਬਾਦਲ ਵਲੋਂ ਪਰਮਿੰਦਰ ਢੀਂਡਸਾ ਦਾ ਅਸਤੀਫਾ ਮਨਜ਼ੂਰ
NEXT STORY