ਅੰਮ੍ਰਿਤਸਰ (ਸੁਮਿਤ ਖੰਨਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਤੋਂ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੋਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਭਾਜਪਾ ਨੇ ਗੱਠਜੋੜ ਦੀ ਮਰਿਆਦਾ ਨਹੀਂ ਨਿਭਾਈ ਹੈ, ਜਦਕਿ ਅਕਾਲੀ ਦਲ ਨੇ ਹਮੇਸ਼ਾ ਗੱਠਜੋੜ ਦੀ ਭਾਈਵਾਲ ਭਾਜਪਾ ਦਾ ਸਾਥ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਨੇ ਹਰਿਆਣਾ ਤੋਂ ਅਕਾਲੀ ਦਲ ਦੇ ਇਕੋ-ਇਕ ਵਿਧਾਇਕ ਬਲਕਾਰ ਸਿੰਘ ਕਾਲਿਆਵਾਲੀ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕਰਕੇ ਨਾ ਸਿਰਫ ਅਕਾਲੀ ਦਲ ਨਾਲ ਵਿਸ਼ਵਾਸਘਾਤ ਕੀਤਾ ਹੈ, ਸਗੋਂ ਹਰਿਆਣਾ ਵਿਧਾਨ ਸਭਾ ਚੋਣਾਂ ਸਬੰਧੀ ਅਕਾਲੀ ਦਲ ਨਾਲ ਕੀਤੇ ਵਾਅਦੇ ਤੋਂ ਵੀ ਮੁੱਕਰ ਗਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਾ ਭਾਜਪਾ ਨਾਲ ਲੰਮੇ ਸਮੇਂ ਤੋਂ ਚੱਲ ਰਿਹਾ ਪੁਰਾਣਾ ਰਿਸ਼ਤਾ ਹੈ, ਜਿਸ ਤਹਿਤ ਉਨ੍ਹਾਂ ਨੇ ਕਈ ਚੋਣਾਂ ਭਾਜਪਾ ਨਾਲ ਰਲ ਕੇ ਲੜੀਆਂ ਹਨ। ਹਾਲ ਹੀ ਵਿਚ ਹੋਈਆਂ ਸੰਸਦੀ ਚੋਣਾਂ ਵਿਚ ਭਾਜਪਾ ਨੂੰ ਬਿਨਾਂ ਸ਼ਰਤ ਸਮਰਥਨ ਦਿੱਤਾ ਹੈ ਪਰ ਹਰਿਆਣਾ ਵਿਧਾਨ ਸਭਾ ਚੋਣਾਂ ਸਮੇਂ ਭਾਜਪਾ ਨੇ ਅਕਾਲੀ ਦਲ ਦੀ ਚਟਾਨ ਵਰਗੀ ਹਮਾਇਤ ਨੂੰ ਨਜ਼ਰ ਅੰਦਾਜ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਰਿਆਣਾ ਦੀਆਂ ਚੋਣਾਂ ਸ਼੍ਰੋਮਣੀ ਅਕਾਲੀ ਦਲ ਨਾਲ ਰਲ ਕੇ ਇਕੱਠੇ ਲੜਨ ਦਾ ਵਾਅਦਾ ਕੀਤਾ ਸੀ ਪਰ ਹੁਣ ਭਾਜਪਾ ਇਸ ਤੋਂ ਪਿੱਛੇ ਹੱਟ ਗਈ ਹੈ, ਜਿਸ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਹੁਣ ਇਕੱਲਿਆਂ ਆਪਣੇ ਦਮ ਲੜਨ ਦਾ ਫੈਸਲਾ ਕੀਤਾ ਹੈ। ਉਥੇ ਹੀ ਉਨ੍ਹਾਂ ਸਪਸ਼ਟ ਕੀਤਾ ਕਿ ਉਹ ਹਰਿਆਣਾ 'ਚ ਭਾਜਪਾ ਨਾਲ ਗੱਠਜੋੜ ਨਹੀਂ ਰੱਖਣਗੇ ਬਾਕੀ ਦਿੱਲੀ ਅਤੇ ਪੰਜਾਬ ਵਿਚ ਉਨ੍ਹਾਂ ਦਾ ਗਠਜੋੜ ਉਸੇ ਤਰ੍ਹਾਂ ਕਾਇਮ ਰਹੇਗਾ।
ਸਕਾਲਰਸ਼ਿਪ ਲਈ ਇੰਝ ਅਪਲਾਈ ਕਰਨ ਹੋਣਹਾਰ ਵਿਦਿਆਰਥੀ
NEXT STORY