ਕੋਟਕਪੂਰਾ (ਨਰਿੰਦਰ) : ਬਦੀ ’ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਮੰਨੇ ਜਾਂਦੇ ਦੁਸਹਿਰੇ ਦੇ ਤਿਉਹਾਰ ਮੌਕੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਨਿਵੇਕਲੀ ਪਹਿਲ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸ਼ਹਿਰ ਦੇ ਸਮੂਹ ਸਫਾਈ ਸੇਵਕਾਂ ਨੂੰ ਆਪਣੀ ਰਿਹਾਇਸ਼ ’ਤੇ ਮਿਲੇ ਅਤੇ ਸ਼ਹਿਰ ਨੂੰ ਸਾਫ-ਸੁਥਰਾ ਤੇ ਸੁੰਦਰ ਬਣਾਉਣ ਲਈ ਵਿਚਾਰ-ਚਰਚਾ ਕੀਤੀ। ਇਸ ਮੌਕੇ ਸ਼ਹਿਰ ਦੀ ਸਫਾਈ ਨੂੰ ਮੁੱਖ ਰੱਖਦਿਆਂ ਸਪੀਕਰ ਸੰਧਵਾਂ ਨੇ ਅਹਿਮ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜਿਸ ਵੀ ਵਾਰਡ ’ਚ ਸਭ ਤੋਂ ਵੱਧ ਸਫਾਈ ਹੋਵੇਗੀ, ਉਸ ਵਾਰਡ ਦੇ ਸਫਾਈ ਕਰਮਚਾਰੀਆਂ ਨੂੰ ਦੀਵਾਲੀ ਵਾਲੇ ਦਿਨ ਆਪਣੇ ਕੋਲੋਂ 50 ਹਜ਼ਾਰ ਰੁਪਏ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਸਪੀਕਰ ਸੰਧਵਾਂ ਨੇ ‘ਜਿੱਥੇ ਸਫਾਈ-ਉੱਥੇ ਖੁਦਾਈ’ ਵਰਗੀਆਂ ਅਨੇਕਾਂ ਉਦਾਹਰਨਾਂ ਦੇ ਕੇ ਉਨ੍ਹਾਂ ਦਾ ਵਖਿਆਣ ਕਰਦਿਆਂ ਆਖਿਆ ਕਿ ਹਰ ਸਾਲ ਸਰਕਾਰੀ ਜਾਂ ਗੈਰ ਸਰਕਾਰੀ ਪੱਧਰ ’ਤੇ ਸਫਾਈ ਮੁਹਿੰਮ ਦੌਰਾਨ ਦੇਸ਼ ਭਰ ਦੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਸ਼ਹਿਰਾਂ ਦੀ ਚੋਣ ਕੀਤੀ ਜਾਂਦੀ ਹੈ ਅਤੇ ਉਕਤ ਚਰਚਾ ਦੁਨੀਆ ਦੇ ਕੋਨੇ-ਕੋਨੇ 'ਚ ਬੈਠੇ ਭਾਰਤ ਦੇਸ਼ ਦੇ ਵਸਨੀਕਾਂ ਤੋਂ ਇਲਾਵਾ ਉਨ੍ਹਾਂ ਨਾਲ ਤਾਲਮੇਲ ਰੱਖਣ ਵਾਲੇ ਪਰਿਵਾਰਾਂ ’ਚ ਵੀ ਛਿੜਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਫਾਈ ਸਬੰਧੀ ਅਸੀਂ ਸਾਰੇ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਈਏ ਤਾਂ ਅਸੀਂ ਰਲ-ਮਿਲ ਕੇ ਕੋਟਕਪੂਰੇ ਸ਼ਹਿਰ ਨੂੰ ਵੀ ਸਾਫ-ਸੁਥਰਾ ਅਤੇ ਸੁੰਦਰ ਬਣਾ ਸਕਦੇ ਹਾਂ।
ਇਹ ਵੀ ਪੜ੍ਹੋ: ਵਿਧਾਇਕ ਦਹੀਆ ਨੇ ਦਫਤਰ ਦੀ ਅਚਾਨਕ ਕੀਤੀ ਚੈਕਿੰਗ, BDPO ਮਿਲੇ ਗੈਰ-ਹਾਜ਼ਰ
ਸਫਾਈ ਸੇਵਕਾਂ ਵਲੋਂ ਕੀਤੇ ਸਵਾਲ ਦੇ ਜਵਾਬ ਵਿਚ ਸਪੀਕਰ ਸੰਧਵਾਂ ਨੇ ਆਖਿਆ ਕਿ ਹੋਰ ਸਫਾਈ ਸੇਵਕਾਂ ਦੀ ਭਰਤੀ ਜਾਰੀ ਹੈ ਅਤੇ ਇਸ ਸਬੰਧੀ ਸਾਰੀ ਪ੍ਰਕਿਰਿਆ ਲਗਭਗ ਮੁਕੰਮਲ ਹੋ ਚੁੱਕੀ ਹੈ। ਸਪੀਕਰ ਸੰਧਵਾਂ ਨੇ ਦੱਸਿਆ ਕਿ ਭਾਵੇਂ ਹੁਣ ਸਫਾਈ ਪ੍ਰਬੰਧਾਂ ਸਬੰਧੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਵਲੋਂ ਵੀ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਪਰ ਸਾਨੂੰ ਸਫਾਈ ਪ੍ਰਬੰਧਾਂ ਲਈ ਸ਼ੁਰੂ ਕੀਤੀ ਉਕਤ ਮੁਹਿੰਮ ਵਿਚ ਵੀ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।
ਸਪੀਕਰ ਸੰਧਵਾਂ ਨੂੰ ਸਫਾਈ ਕਰਮਚਾਰੀਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਅਤੇ ਸੁੰਦਰ ਬਣਾਉਣ ਦੀ ਭਰਪੂਰ ਕੋਸ਼ਿਸ਼ ਕਰਨਗੇ। ਇਸ ਮੌਕੇ ਮਨਪ੍ਰੀਤ ਸਿੰਘ ਮਨੀ ਧਾਲੀਵਾਲ ਪੀ.ਆਰ.ਓ., ਗੁਰਚਰਨ ਸਿੰਘ ਬਰਾੜ ਨਾਇਬ ਤਹਿਸੀਲਦਾਰ, ਅਮਨਦੀਪ ਸਿੰਘ ਸੰਧੂ ਪੀ.ਏ., ਮਨਦੀਪ ਸਿੰਘ ਮੌਂਗਾ ਸੈਕਟਰੀ ਰੈੱਡ ਕਰਾਸ ਸੋਸਾਇਟੀ ਸਮੇਤ ਭਾਰੀ ਗਿਣਤੀ ਵਿਚ ਪਾਰਟੀ ਆਗੂ ਤੇ ਮੈਂਬਰ ਹਾਜ਼ਰ ਸਨ।
ਇਹ ਵੀ ਪੜ੍ਹੋ: ਸੂਬੇ ਲਈ ਰਾਹਤ ਦੀ ਖ਼ਬਰ, ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ 'ਚ ਆਈ ਗਿਰਾਵਟ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਆਹੁਤਾ ਨੂੰ ਘੱਟ ਦਾਜ ਲਿਆਉਣ ’ਤੇ ਕੁੱਟਮਾਰ ਕਰਨ ਦੇ ਦੋਸ਼ ’ਚ 3 ਖ਼ਿਲਾਫ਼ ਮਾਮਲਾ ਦਰਜ
NEXT STORY