ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਮੁਹਾਲੀ ਦੇ ਫੇਜ਼ 6 ਸਥਿਤ ਜ਼ਿਲ੍ਹਾ ਹਸਪਤਾਲ ਦਾ ਅਚਨਚੇਤੀ ਦੌਰਾ ਕੀਤਾ। ਨਿਰੀਖਣ ਉਪਰੰਤ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮੰਤਵ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਹਸਪਤਾਲਾਂ ’ਚ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੀ ਲੋਕ ਪੱਖੀ ਸਹੂਲਤ ਮੁਹੱਈਆ ਕਰਵਾਉਣ ਦੇ ਫ਼ੈਸਲੇ ਨੂੰ ਯਕੀਨੀ ਬਣਾਉਣਾ ਸੀ। ਵਰਮਾ ਨੇ ਸਿਵਲ ਹਸਪਤਾਲ ’ਚੋਂ ਬਾਹਰ ਆ ਰਹੇ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਪੁੱਛਿਆ ਕਿ ਕੀ ਉਨ੍ਹਾਂ ਨੂੰ ਡਾਕਟਰਾਂ ਵੱਲੋਂ ਲਿਖੀਆਂ ਸਾਰੀਆਂ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ ਹਨ। ਸਾਰੇ ਮਰੀਜ਼ਾਂ ਨੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਮਿਲਣ ਦੀ ਪੁਸ਼ਟੀ ਕੀਤੀ ਅਤੇ ਸਰਕਾਰ ਦੇ ਇਸ ਲੋਕ ਭਲਾਈ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਵਰਮਾ ਨੇ ਦੱਸਿਆ ਕਿ ਡਾਕਟਰਾਂ ਦੀ ਸਲਾਹ ਨਾਲ ਸਿਹਤ ਵਿਭਾਗ ਵੱਲੋਂ 276 ਜ਼ਰੂਰੀ ਦਵਾਈਆਂ ਦੀ ਸੂਚੀ (ਈ. ਡੀ. ਐੱਲ.) ਤਿਆਰ ਕੀਤੀ ਗਈ ਹੈ। ਇਨ੍ਹਾਂ ’ਚੋਂ 90 ਫ਼ੀਸਦ ਦਵਾਈਆਂ ਦੇ ਰੇਟ ਸਬੰਧੀ ਕੰਟਰੈਕਟ ਕੀਤੇ ਗਏ ਹਨ।
ਬਾਕੀ ਬਚੀਆਂ ਦਵਾਈਆਂ ਅਤੇ ਸਰਕਾਰੀ ਡਾਕਟਰ ਵਲੋਂ ਲਿਖੀਆਂ ਦਵਾਈਆਂ ਲਈ ਸੀਨੀਅਰ ਮੈਡੀਕਲ ਅਫ਼ਸਰ (ਐੱਸ. ਐੱਮ. ਓ.) ਬਾਜ਼ਾਰ ’ਚੋਂ ਦਵਾਈਆਂ ਖ਼ਰੀਦ ਕੇ ਮਰੀਜ਼ਾਂ ਨੂੰ ਮੁਹੱਈਆ ਕਰਵਾਉਣਗੇ ਤਾਂ ਜੋ ਮਰੀਜ਼ਾਂ ਨੂੰ ਡਾਕਟਰ ਵਲੋਂ ਲਿਖੀਆਂ ਦਵਾਈਆਂ ਦੀ ਖਰੀਦ ਲਈ ਆਪਣੀ ਜੇਬ ’ਚੋਂ ਕੋਈ ਪੈਸਾ ਨਾ ਦੇਣਾ ਪਵੇ।
ਇਹ ਵੀ ਪੜ੍ਹੋ : ਸਾਬਕਾ ਫ਼ੌਜੀ ਦੇ ਘਰ ਮਚੇ ਅੱਗ ਦੇ ਭਾਂਬੜ, ਲੱਖਾਂ ਰੁਪਏ ਦਾ ਨੁਕਸਾਨ
ਇਸ ਮੰਤਵ ਲਈ ਮੁੱਖ ਮੰਤਰੀ ਵੱਲੋਂ 25 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਐੱਸ. ਐੱਮ. ਓਜ਼. ਦੀਆਂ ਵਿੱਤੀ ਸ਼ਕਤੀਆਂ ਨੂੰ 25,000 ਰੁਪਏ ਤੋਂ ਵਧਾ ਕੇ ਢਾਈ ਲੱਖ ਰੁਪਏ ਕਰ ਦਿੱਤਾ ਗਿਆ ਹੈ ਤਾਂ ਜੋ ਉਹ ਇਹ ਦਵਾਈਆਂ ਖਰੀਦ ਸਕਣ। ਮੁੱਖ ਸਕੱਤਰ ਨੇ ਦੱਸਿਆ ਕਿ ਸੂਬੇ ’ਚ 23 ਜ਼ਿਲ੍ਹਾ ਹਸਪਤਾਲ, 41 ਸਬ ਡਿਵੀਜ਼ਨ ਹਸਪਤਾਲ ਅਤੇ 161 ਕਮਿਊਨਿਟੀ ਹੈਲਥ ਸੈਂਟਰ ਹਨ। ਇਨ੍ਹਾਂ ਸਾਰੇ ਹਸਪਤਾਲਾਂ ’ਚ ਉਕਤ ਪ੍ਰਣਾਲੀ ਲਾਗੂ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਵੱਲੋਂ ਉਕਤ ਫੈਸਲੇ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੇ ਸਬੰਧਤ ਜ਼ਿਲ੍ਹਾ ਹਸਪਤਾਲਾਂ ਦਾ ਨਿਰੀਖਣ ਕੀਤਾ ਗਿਆ। ਇਸ ਤੋਂ ਇਲਾਵਾ ਸਾਰੇ ਡਿਪਟੀ ਕਮਿਸ਼ਨਰਾਂ ਨੇ ਇਸ ਸਬੰਧੀ ਸਿਵਲ ਸਰਜਨਾਂ ਅਤੇ ਐੱਸ. ਐਮ. ਓਜ਼. ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ। ਵਰਮਾ ਨੇ ਅੱਗੇ ਕਿਹਾ ਕਿ ਜੇਕਰ ਉਕਤ ਸਰਕਾਰੀ ਹਸਪਤਾਲਾਂ ’ਚ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਸਰਕਾਰੀ ਡਾਕਟਰ ਵੱਲੋਂ ਲਿਖੀ ਦਵਾਈ ਨਹੀਂ ਮਿਲਦੀ ਤਾਂ ਉਹ ਤੁਰੰਤ ਸਬੰਧਤ ਐੱਸ. ਐੱਮ. ਓ. ਜਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਾਲ ਸੰਪਰਕ ਕਰਨ। ਇਸ ਤੋਂ ਇਲਾਵਾ ਇਸ ਮਾਮਲੇ ਦੀ ਸੂਚਨਾ ਹੈਲਪਲਾਈਨ ਨੰਬਰ 1100 ’ਤੇ ਵੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸਰਕਾਰ ਦੇ ਇਸ ਲੋਕ ਭਲਾਈ ਫੈਸਲੇ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਅਜੋਏ ਸ਼ਰਮਾ ਅਤੇ ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਦੇ ਐੱਮ. ਡੀ. ਵਰਿੰਦਰ ਕੁਮਾਰ ਸ਼ਰਮਾ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ‘ਪੰਜਾਬ ਬਚਾਓ ਯਾਤਰਾ’ ਦਾ ਨਾਂ ਬਦਲ ਕੇ ‘ਅਕਾਲੀ ਦਲ ਬਚਾਓ ਯਾਤਰਾ’ ਰੱਖਿਆ ਜਾਵੇ : ਰਾਜਾ ਵੜਿੰਗ
‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਕੇਵਲ ਢਿੱਲੋਂ ਤੋਂ ਸੁਣੋ ਕਿਵੇਂ ਪੰਜਾਬ ’ਚ ਆਈ ਪੈਪਸੀਕੋ ਕੰਪਨੀ ਤੇ ਮਿਲਿਆ 40 ਹਜ਼ਾਰ ਲੋਕਾਂ ਨੂੰ ਰੁਜ਼ਗਾਰ
NEXT STORY