ਤਰਨਤਾਰਨ, (ਰਮਨ, ਆਹਲੂਵਾਲੀਆ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਅੱਜ ਸੈਂਕੜਿਆਂ ਦੀ ਗਿਣਤੀ 'ਚ ਇਕੱਤਰ ਹੋਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਕਾਂਗਰਸੀ ਵਿਧਾਇਕ ਧਰਮਬੀਰ ਅਗਨੀਹੋਤਰੀ ਦੇ ਘਰ ਮੂਹਰੇ ਭੁੱਖ ਹੜਤਾਲ ਰੱਖੀ ਅਤੇ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਗਿਆ ਕਿ ਨਾ ਤਾਂ ਉਨ੍ਹਾਂ ਦੀ ਗੱਲ ਮੁੱਖ ਮੰਤਰੀ ਸੁਣ ਰਿਹਾ ਹੈ, ਨਾ ਕਾਂਗਰਸੀ ਮੰਤਰੀ ਅਤੇ ਨਾ ਹੀ ਕੋਈ ਵਿਧਾਇਕ। ਇਸ ਕਰ ਕੇ ਜਥੇਬੰਦੀ ਵੱਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜੀ ਜਾ ਰਹੀ ਹੈ।
ਇਸ ਦੌਰਾਨ ਆਗੂਆਂ ਗੁਰਮੀਤ ਕੌਰ, ਮਨਜੀਤ ਕੌਰ, ਗੁਰਪ੍ਰੀਤ ਕੌਰ, ਰਣਜੀਤ ਕੌਰ ਤੇ ਰਜਵੰਤ ਕੌਰ ਨੇ ਦੋਸ਼ ਲਾਇਆ ਕਿ ਦਿੱਲੀ, ਹਰਿਆਣਾ, ਰਾਜਸਥਾਨ ਤੇ ਮੱਧ ਪ੍ਰਦੇਸ਼ ਦੀਆਂ ਸਰਕਾਰਾਂ ਨੇ ਵਰਕਰਾਂ ਤੇ ਹੈਲਪਰਾਂ ਦੇ ਮਾਣਭੱਤੇ 'ਚ ਵਾਧਾ ਕਰ ਦਿੱਤਾ ਹੈ ਤੇ 10 ਹਜ਼ਾਰ ਰੁਪਏ ਮਿਲ ਰਹੇ ਹਨ ਪਰ ਪੰਜਾਬ 'ਚ ਵਰਕਰ ਨੂੰ 5600 ਰੁਪਏ ਤੇ ਹੈਲਪਰ ਨੂੰ 2800 ਰੁਪਏ ਹੀ ਦਿੱਤੇ ਜਾ ਰਹੇ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ 'ਤੇ ਮਾਣਭੱਤਾ ਦਿੱਤਾ ਜਾਵੇ ਅਤੇ ਆਂਗਣਵਾੜੀ ਸੈਂਟਰਾਂ ਦੇ ਖੋਹੇ ਬੱਚੇ ਵਾਪਸ ਕੀਤੇ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਸ਼ਾਹਕੋਟ ਦੀ ਜ਼ਿਮਨੀ ਚੋਣ ਦੌਰਾਨ ਵਰਕਰਾਂ ਤੇ ਹੈਲਪਰਾਂ ਵੱਲੋਂ ਕਾਂਗਰਸੀ ਪਾਰਟੀ ਦਾ ਭਾਰੀ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਨਾਂ ਵਿਧਾਇਕ ਦੇ ਰਾਹੀਂ ਮੰਗ ਪੱਤਰ ਦਿੱਤਾ ਗਿਆ।
ਪੱਟੀ, (ਸੌਰਭ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਆਂਗਣਵਾੜੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਆਗੂਆਂ ਸਰਕਲ ਪ੍ਰਧਾਨ ਰਣਜੀਤ ਕੌਰ ਸੇਰੋਂ, ਚੇਅਰਪਰਸਨ ਕੰਵਲਜੀਤ ਕੌਰ ਢੋਟੀਆਂ ਤੇ ਮੀਤ ਪ੍ਰਧਾਨ ਰਾਜਵਿੰਦਰ ਕੌਰ ਮੁਗਲਚੱਕ ਦੀ ਅਗਵਾਈ ਹੇਠ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੇ ਘਰ ਮੂਹਰੇ ਭੁੱਖ ਹੜਤਾਲ ਰੱਖੀ ਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਮੰਨੇ ਜਾਣ ਦੇ ਰੋਸ ਵਜੋਂ ਉਹ ਅਜਿਹਾ ਕਰ ਰਹੀਆਂ ਹਨ।
ਜਥੇਬੰਦੀ ਵੱਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕੇਂਦਰ ਤੇ ਸੂਬਾ ਸਰਕਾਰ ਕੋਲੋਂ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣਭੱਤੇ 'ਚ ਦਿੱਲੀ, ਹਰਿਆਣਾ, ਰਾਜਸਥਾਨ, ਮੱਧ ਪ੍ਰਧੇਸ਼ ਦੀਆਂ ਸਰਕਾਰਾਂ ਵਾਂਗ ਵਾਧਾ ਕੀਤਾ ਜਾਵੇ, ਉਨ੍ਹਾਂ ਨੂੰ ਪੰਜਾਬ 'ਚ 10-10 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣਭੱਤਾ ਦਿੱਤਾ ਜਾਵੇ, ਆਂਗਣਵਾੜੀ ਸੈਂਟਰਾਂ ਦੇ ਬੱਚੇ ਵਾਪਸ ਉਨ੍ਹਾਂ ਨੂੰ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਉਹ ਸ਼ਾਹਕੋਟ ਦੀ ਜ਼ਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ ਦਾ ਵਿਰੋਧ ਕਰਨਗੇ।
ਇਸ ਮੌਕੇ ਮੰਗ ਪੱਤਰ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ 'ਤੇ ਦਿੱਤਾ ਗਿਆ, ਜਿਨ੍ਹਾਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਦਿੱਤਾ ਗਿਆ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਜਲਦ ਹੀ ਦੇ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਇਸ ਮੌਕੇ ਮਨਜੀਤ ਜੱਟਾ, ਗੁਰਿੰਦਰ ਢੋਟੀਆਂ, ਹਰਜਿੰਦਰ ਕੌਰ, ਰਛਪਾਲ ਕੌਰ, ਕਸ਼ਮੀਰ ਕੌਰ, ਸਰਬਜੀਤ ਕੌਰ, ਰੁਪਿੰਦਰ ਕੌਰ ਤੇ ਰਣਜੀਤ ਲਾਲਪੁਰ ਆਦਿ ਹਾਜ਼ਰ ਸਨ।
95 ਕਿੱਲੋ ਭੁੱਕੀ ਸਣੇ ਦੋ ਸਕੇ ਭਰਾਵਾਂ ਸਮੇਤ ਚਾਰ ਕਾਬੂ
NEXT STORY