ਮੋਗਾ (ਕਸ਼ਿਸ਼ ਸਿੰਗਲਾ) : ਮੋਗਾ ਜ਼ਿਲ੍ਹਾ ਦੇ ਭਾਜਪਾ ਦਫ਼ਤਰ 'ਚ ਅੱਜ ਇੱਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਭਾਜਪਾ ਦੇ ਜਨਰਲ ਸਕੱਤਰ ਪੰਜਾਬ ਅਨਿਲ ਸਰੀਨ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਮੀਡੀਆ ਨਾਲ ਗੱਲਬਾਤ ਕੀਤੀ। ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਤਰਨਤਾਰਨ ਦੇ ਡੀ. ਐੱਮ. ਗਗਨਦੀਪ ਸਿੰਘ ਰੰਧਾਵਾ ਦੇ ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਅਨਿਲ ਸਰੀਨ ਨੇ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਨੇ ਪੂਰੇ ਪ੍ਰਸ਼ਾਸਨਿਕ ਤੰਤਰ ਅਤੇ ਲੋਕਾਂ 'ਚ ਚਿੰਤਾ ਪੈਦਾ ਕੀਤੀ ਹੈ ਅਤੇ ਸਰਕਾਰ ਨੂੰ ਇਸ ਮਾਮਲੇ 'ਚ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ। ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਭਾਜਪਾ ਆਗੂ ਅਨਿਲ ਸਰੀਨ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ 'ਚ ਕਾਨੂੰਨ-ਵਿਵਸਥਾ ਦੀ ਸਥਿਤੀ ਬਹੁਤ ਹੀ ਚਿੰਤਾਜਨਕ ਬਣ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਅਸੀਂ ਦੇਖਦੇ ਆ ਰਹੇ ਸੀ ਕਿ ਗੈਂਗਸਟਰ ਲੋਕਾਂ ‘ਤੇ ਗੋਲੀਆਂ ਚਲਾ ਰਹੇ ਹਨ ਪਰ ਹੁਣ ਸਰਕਾਰ ਦੇ ਮੰਤਰੀ ਹੀ ਅਫ਼ਸਰਾਂ ‘ਤੇ ਦਬਾਅ ਬਣਾ ਕੇ ਨਵੇਂ ਤਰੀਕੇ ਦੇ ਰੈਕਟ ਚਲਾ ਰਹੇ ਹਨ।
ਇਹ ਵੀ ਪੜ੍ਹੋ : 28 ਮਾਰਚ ਤੱਕ ਲੱਗ ਗਈ ਸਖ਼ਤ ਪਾਬੰਦੀ! ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਵੱਡੀ ਚਿਤਾਵਨੀ
ਉਨ੍ਹਾਂ ਦੱਸਿਆ ਕਿ ਤਰਨਤਾਰਨ ਦੇ ਵੇਅਰ ਹਾਊਸ ਦੇ ਡੀ. ਐੱਮ. ਗਗਨਦੀਪ ਰੰਧਾਵਾ ਦੇ ਮਾਮਲੇ ਵਿੱਚ ਮੰਤਰੀ ਲਾਲਜੀਤ ਸਿੰਘ ਭੁੱਲਰ ‘ਤੇ ਗੰਭੀਰ ਦੋਸ਼ ਲੱਗੇ ਹਨ। ਸਰੀਨ ਦੇ ਮੁਤਾਬਕ ਪਰਿਵਾਰ ਵੱਲੋਂ ਦੱਸਿਆ ਗਿਆ ਹੈ ਕਿ ਮੰਤਰੀ ਵੱਲੋਂ ਗਗਨਦੀਪ ਰੰਧਾਵਾ ਨੂੰ ਘਰ ਬੁਲਾ ਕੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਪਿਸਤੌਲ ਦੀ ਨੋਕ ‘ਤੇ ਉਨ੍ਹਾਂ ਤੋਂ ਜ਼ਬਰਦਸਤੀ ਇਕ ਵੀਡੀਓ ਬਣਵਾਈ ਗਈ, ਜਿਸ ਵਿੱਚ ਉਨ੍ਹਾਂ ਤੋਂ 10 ਲੱਖ ਰੁਪਏ ਲੈਣ ਦੀ ਗੱਲ ਮਨਵਾਈ ਗਈ। ਇਸ ਘਟਨਾ ਤੋਂ ਬਾਅਦ ਗਗਨਦੀਪ ਰੰਧਾਵਾ ਨੇ ਖ਼ੁਦਕੁਸ਼ੀ ਕਰ ਲਈ। ਅਨਿਲ ਸਰੀਨ ਨੇ ਦੋਸ਼ ਲਗਾਇਆ ਕਿ ਮੰਤਰੀ ਦੇ ਪਿਤਾ ਨੂੰ ਟੈਂਡਰ ਨਾ ਦੇਣ ਕਾਰਨ ਇਹ ਸਾਰਾ ਮਾਮਲਾ ਖੜ੍ਹਾ ਹੋਇਆ। ਉਨ੍ਹਾਂ ਕਿਹਾ ਕਿ ਇਹ ਸੱਤਾ ਦੇ ਦੁਰਪਯੋਗ ਦਾ ਸਾਫ਼ ਉਦਾਹਰਨ ਹੈ, ਜਿਸ 'ਚ ਅਫ਼ਸਰਾਂ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸਵਾਲ ਚੁੱਕਿਆ ਕਿ 13 ਤਾਰੀਖ਼ ਨੂੰ ਘਟਨਾ ਹੋਣ ਦੇ ਬਾਵਜੂਦ ਇੱਕ ਹਫ਼ਤਾ ਤੱਕ ਸਰਕਾਰ ਨੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਦੀ ਨਵੀਂ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦੌਰਾਨ ਕਿਹੋ ਜਿਹਾ ਰਹੇਗਾ
ਉਨ੍ਹਾਂ ਕਿਹਾ ਕਿ ਜਦੋਂ ਇਹ ਮਾਮਲਾ ਡਿਪਟੀ ਕਮਿਸ਼ਨਰ, ਚੀਫ ਸਕੱਤਰ ਅਤੇ ਡੀ. ਜੀ. ਪੀ. ਤੱਕ ਪਹੁੰਚ ਗਿਆ ਸੀ ਤਾਂ ਵੀ ਪੰਜਾਬ ਸਰਕਾਰ ਵੱਲੋਂ ਕਾਰਵਾਈ ਨਹੀਂ ਕੀਤੀ ਗਈ। ਭਾਜਪਾ ਆਗੂ ਨੇ ਕਿਹਾ ਕਿ ਗਗਨਦੀਪ ਰੰਧਾਵਾ ਦੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪੀ ਜਾਵੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਸਰੀਨ ਨੇ ਕਿਹਾ ਕਿ ਭਾਜਪਾ ਇਸ ਮਾਮਲੇ ‘ਚ ਪੂਰੀ ਤਰ੍ਹਾਂ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ। ਉਨ੍ਹਾਂ ਦੱਸਿਆ ਕਿ ਭਾਜਪਾ ਵੱਲੋਂ ਪੰਜਾਬ ਭਰ ਦੇ ਜ਼ਿਲ੍ਹਿਆਂ 'ਚ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਦਾ ਇਸ ਸਰਕਾਰ ‘ਤੇ ਭਰੋਸਾ ਨਹੀਂ ਰਹਿ ਗਿਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮਾਮਲੇ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣਾ ਚਾਹੀਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕ ਸਭਾ 'ਚ ਉੱਠਿਆ DM ਰੰਧਾਵਾ ਖੁਦਕੁਸ਼ੀ ਮਾਮਲਾ, ਅਮਿਤ ਸ਼ਾਹ ਬੋਲੇ- ਤਾਂ ਤੁਰੰਤ ਕਰਾਵਾਂਗੇ CBI ਜਾਂਚ
NEXT STORY