ਬਟਾਲਾ (ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਜਿੰਨਾ ਚਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਾਲੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਹਕੀਕਤ ’ਚ ਨਹੀਂ ਬਦਲ ਜਾਂਦਾ, ਓਨਾਂ ਚਿਰ ਪੰਜਾਬੀਆਂ ਅਤੇ ਖਾਸ ਕਰਕੇ ਕਿਸਾਨਾਂ ਨੂੰ ਚੌਕਸ ਰਹਿਣ ਦੀ ਲੋੜ ਹੈ। ਬਟਾਲਾ ਸ਼ੂਗਰ ਮਿੱਲ ’ਚ ਮਿੱਲ ਦੀ ਸਮਰੱਥਾ ਵਧਾਉਣ ਦਾ ਨੀਂਹ ਪੱਥਰ ਰੱਖਣ ਉਪਰੰਤ ਇਕ ਸਮਾਗਮ ’ਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਖੇਤੀ ਸਬੰਧੀ ਕਾਲੇ ਕਾਨੂੰਨ ਲਾਗੂ ਕਰਨਾ ਇਕ ਗਹਿਰੀ ਸਾਜ਼ਿਸ਼ ਸੀ ਅਤੇ ਇਸ ਨੇ ਕਿਸਾਨੀ ਨੂੰ ਢਾਹ ਲਾਉਣ ਦੇ ਨਾਲ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਵੀ ਢਾਹ ਲਗਾਈ ਹੈ। ਚੰਨੀ ਨੇ ਕਿਹਾ ਕਿ ਓਨਾ ਚਿਰ ਖੇਤੀ ਕਾਨੂੰਨ ਰੱਦ ਕਰਨ ਦਾ ਕੋਈ ਫਾਇਦਾ ਨਹੀਂ, ਜਿੰਨਾ ਚਿਰ ਤੱਕ ਕੇਂਦਰ ਸਰਕਾਰ ਫਸਲਾਂ ਦੀ ਖਰੀਦ ਲਈ ਐੱਮ. ਐੱਸ. ਪੀ. ਦੀ ਗਾਰੰਟੀ ਨਹੀਂ ਦਿੰਦੀ। ਜਿਹੜੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰ ਰਹੇ ਹਨ, ਉਨ੍ਹਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬੀ ਕਿਸ ਗੱਲ ਲਈ ਕੇਂਦਰ ਸਰਕਾਰ ਦਾ ਧੰਨਵਾਦ ਕਰਨ ਕਿਉਂਕਿ ਇਹ ਕਾਲੇ ਕਾਨੂੰਨ ਵੀ ਤਾਂ ਉਨ੍ਹਾਂ ਨੇ ਜਾਣਬੁੱਝ ਕੇ ਕਿਸਾਨੀ ਨੂੰ ਮਾਰਨ ਲਈ ਲਾਗੂ ਕੀਤੇ ਸਨ। ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ 700 ਤੋਂ ਵੱਧ ਕਿਸਾਨਾਂ ਨੂੰ ਆਪਣੀਆਂ ਜਾਨਾਂ ਦੇਣੀਆਂ ਪਈਆਂ ਅਤੇ ਸੂਬੇ ਦੀ ਆਰਥਿਕਤਾ ਅਤੇ ਖੁਸ਼ਹਾਲੀ ਨੂੰ ਵੱਡੀ ਢਾਹ ਲੱਗੀ। ਉਨ੍ਹਾਂ ਕਿਹਾ ਕਿ ਭਾਜਪਾ ਦਾ ਗੁਣਗਾਨ ਕਰਨ ਵਾਲੇ ਆਗੂ ਪਹਿਲਾਂ ਕਿਸਾਨਾਂ ਦੀਆਂ ਸ਼ਹਾਦਤਾਂ ਅਤੇ ਔਖੇ ਕੱਟੇ ਦਿਨਾਂ ਨੂੰ ਜ਼ਰੂਰ ਯਾਦ ਕਰ ਲੈਣ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨੀ ਸੰਘਰਸ਼ ’ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੀ ਯਾਦ ਵਿਚ ਇੱਕ ਯਾਦਗਾਰ ਕਾਇਮ ਕੀਤੀ ਜਾਵੇਗੀ ਤਾਂ ਜੋ ਸਦੀਆਂ ਤੱਕ ਕਿਸਾਨੀ ਸੰਘਰਸ਼ ਦੀ ਯਾਦ ਤਾਜ਼ਾ ਰਹੇ। ਸ਼੍ਰੋਮਣੀ ਅਕਾਲੀ ਦਲ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਬਣਾਉਣ ਅਤੇ ਲਾਗੂ ਕਰਵਾਉਣ ’ਚ ਅਕਾਲੀ ਦਲ ਸਭ ਤੋਂ ਵੱਡਾ ਦੋਸ਼ੀ ਹੈ ਅਤੇ ਉਨ੍ਹਾਂ ਨੇ ਭਾਜਪਾ ਦਾ ਪੂਰਾ ਸਾਥ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਆਪਣੀ ਕੁਰਸੀ ਖਾਤਰ ਪੰਜਾਬ ਦੇ ਹਿੱਤਾਂ ਨੂੰ ਕੇਂਦਰ ਅੱਗੇ ਵੇਚ ਦਿੱਤਾ ਅਤੇ ਜਦੋਂ ਪੰਜਾਬੀਆਂ ਨੇ ਇਨ੍ਹਾਂ ਦਾ ਡਟ ਕੇ ਵਿਰੋਧ ਕੀਤਾ ਤਾਂ ਅਸਤੀਫੇ ਵਾਲਾ ਡਰਾਮਾ ਰਚਿਆ।
ਇਹ ਵੀ ਪੜ੍ਹੋ : ਪਾਕਿਸਤਾਨ ਲਈ ਕਾਂਗਰਸ ਦਾ ਏਜੰਟ ਹੈ ਨਵਜੋਤ ਸਿੱਧੂ : ਤਰੁਣ ਚੁੱਘ
ਆਮ ਆਦਮੀ ਪਾਰਟੀ ਦੀ ਗੱਲ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੋਹਰੇ ਮਾਪਦੰਡ ਅਪਣਾ ਕੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਨਾਕਾਮ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਪੰਜਾਬ ਦੇ ਕਿਸਾਨਾਂ ਨੇ ਧਰਨੇ ਲਗਾਏ ਹੋਏ ਹਨ, ਓਹੀ ਕਾਲੇ ਕਾਨੂੰਨ ਕੇਜਰੀਵਾਲ ਨੇ ਦਿੱਲੀ ਵਿੱਚ ਲਾਗੂ ਕੀਤੇ ਹੋਏ ਹਨ। ਚੰਨੀ ਨੇ ਪੰਜਾਬ ਦੇ ਲੋਕਾਂ ਨੂੰ ਅਕਾਲੀ ਦਲ, ਆਮ ਆਦਮੀ ਪਾਰਟੀ, ਭਾਜਪਾ ਅਤੇ ਉਨ੍ਹਾਂ ਵਰਗੇ ਹੋਰ ਆਗੂਆਂ, ਜਿਹੜੇ ਮੋਦੀ ਦੀਆਂ ਸਿਫ਼ਤਾਂ ਕਰ ਰਹੇ ਹਨ, ਉਨ੍ਹਾਂ ਤੋਂ ਸਾਵਧਾਨ ਕਰਦਿਆਂ ਕਿਹਾ ਕਿ ਅਜਿਹੇ ਲੋਕ ਦੋ-ਮੂੰਹੇ ਸੱਪ ਦੀ ਤਰ੍ਹਾਂ ਹਨ ਅਤੇ ਇਨ੍ਹਾਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ’ਚੋਂ ਟਰਾਂਸਪੋਰਟ ਮਾਫ਼ੀਆ ਨੂੰ ਖਤਮ ਕਰਨ ਲਈ ਵੱਡੀ ਕਾਰਵਾਈ ਕੀਤੀ ਹੈ ਅਤੇ ਬਾਦਲਾਂ ਦੀਆਂ ਨਾਜਾਇਜ਼ ਚਲੱਦੀਆਂ ਬੱਸਾਂ ਨੂੰ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਓਹੀ ਪਰਮਿਟ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਟ੍ਰਾਂਸਪੋਰਟ ਮਾਫ਼ੀਆ ਤੋਂ ਬਾਅਦ ਹੁਣ ਕੇਬਲ ਮਾਫ਼ੀਆ ਖਿਲਾਫ ਵੀ ਵੱਡੀ ਕਾਰਵਾਈ ਕੀਤੀ ਜਾਵੇਗੀ। ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਖਜ਼ਾਨੇ ਦਾ ਮੂੰਹ ਸੂਬਾ ਵਾਸੀਆਂ ਦੀ ਬਿਹਤਰੀ ਲਈ ਖੋਲ੍ਹ ਦਿੱਤਾ ਹੈ ਅਤੇ ਰਾਜ ਸਰਕਾਰ ਨੇ 1500 ਕਰੋੜ ਰੁਪਏ ਦੇ ਬਕਾਇਆ ਬਿਜਲੀ ਬਿੱਲ ਮੁਆਫ ਕਰਕੇ ਗਰੀਬ ਅਤੇ ਮੱਧਵਰਗ ਤਬਕੇ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਬਿਜਲੀ ਦੇ ਯੂਨਿਟ ’ਚ 3 ਰੁਪਏ ਦੀ ਕਟੌਤੀ ਕਰਕੇ ਇੱਕ ਹੋਰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰੇਤ ਦਾ ਰੇਟ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਨਿਰਧਾਰਤ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦਿੰਦਿਆਂ ਗੰਨੇ ਦੇ ਰੇਟ ’ਚ 50 ਰੁਪਏ ਦਾ ਵਾਧਾ ਕੀਤਾ ਹੈ, ਜਿਸ ’ਚੋਂ 35 ਰੁਪਏ ਵਾਧਾ ਪੰਜਾਬ ਸਰਕਾਰ ਸਹਿਣ ਕਰੇਗੀ ਅਤੇ ਸਿਰਫ 15 ਰੁਪਏ ਵਾਧਾ ਨਿੱਜੀ ਖੰਡ ਮਿੱਲਾਂ ਨੂੰ ਦੇਣਾ ਪਵੇਗਾ।
ਇਹ ਵੀ ਪੜ੍ਹੋ : ਕਿਸਾਨੀ ਸੰਘਰਸ਼ ਦੀ ਜਿੱਤ ’ਤੇ ’ਆਪ’ ਨੇ ਸੂਬੇ ਭਰ ’ਚ ਸ਼ੁਕਰਾਨੇ ਵਜੋਂ ‘ਸ੍ਰੀ ਸੁਖਮਨੀ ਸਾਹਿਬ’ ਦੇ ਕਰਵਾਏ ਪਾਠ
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬਟਾਲਾ ਇਲਾਕੇ ਦੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੰਦਿਆਂ ਸਹਿਕਾਰੀ ਖੰਡ ਮਿੱਲ ਬਟਾਲਾ ਦੀ ਸਮਰੱਥਾ 1500 ਟੀ. ਸੀ. ਡੀ. ਤੋਂ 3500 ਟੀ. ਸੀ. ਡੀ. ਵਧਾਉਣ ਅਤੇ 14 ਮੈਗਾਵਾਟ ਕੋ-ਜਨਰੇਸ਼ਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਪੰਜਾਬ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 296.14 ਕਰੋੜ ਰੁਪਏ ਦੀ ਲਾਗਤ ਨਾਲ ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਨਵੀਂ ਖੰਡ ਮਿੱਲ, ਜਿਸ ਦੀ ਸਮਰੱਥਾ 3500 ਟੀ. ਸੀ. ਡੀ. (ਜਿਸ ’ਚ 5000 ਟੀ. ਸੀ. ਡੀ. ਤੱਕ ਵਾਧਾ ਕੀਤਾ ਜਾ ਸਕਦਾ ਹੈ) ਸਮੇਤ 14 ਮੈਗਾਵਾਟ ਕੋ-ਜਨਰੇਸ਼ਨ ਪ੍ਰੋਜੈਕਟ ਦੀ ਸਥਾਪਨਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਿੱਲ ’ਚ ਬਿਜਲੀ ਦੀ ਪੈਦਾਵਾਰ ਤੋਂ ਇਲਾਵਾ ਫਾਰਮਾਸਿਊਟੀਕਲ ਸ਼ੂਗਰ ਅਤੇ ਰਿਫਾਇੰਡ ਸ਼ੂਗਰ ਦੀ ਪੈਦਾਵਾਰ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਵੀਂ ਖੰਡ ਮਿੱਲ ਦੀ ਸਥਾਪਨਾ ਉਪਰੰਤ ਰੋਜ਼ਾਨਾ 35000-40000 ਕਵਿੰਟਲ ਗੰਨਾ ਪੀੜਿਆ ਜਾਵੇਗਾ ਅਤੇ ਲੱਗਭਗ 8.5 ਮੈਗਾਵਾਟ ਬਿਜਲੀ ਸਟੇਟ ਗਰਿੱਡ ਨੂੰ ਸਪਲਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ 15 ਮਹੀਨਿਆਂ ’ਚ ਮੁਕੰਮਲ ਕਰ ਲਿਆ ਜਾਵੇਗਾ। ਮੁੱਖ ਮੰਤਰੀ ਨੇ ਬਟਾਲਾ ਇਲਾਕੇ ਨੂੰ 10 ਕਰੋੜ ਰੁਪਏ ਸੜਕਾਂ ਦੇ ਨਿਰਮਾਣ ਅਤੇ 5 ਕਰੋੜ ਰੁਪਏ ਪੁਲ ਬਣਾਉਣ ਲਈ ਦੇਣ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ 1 ਕਰੋੜ ਰੁਪਏ ਰੈਸਟ ਹਾਊਸ ਬਣਾਉਣ ਅਤੇ 50 ਲੱਖ ਰੁਪਏ ਗੰਨਾ ਰਿਸਰਚ ਕੇਂਦਰ ਕਲਾਨੌਰ ਲਈ ਵੀ ਐਲਾਨੇ।
ਇਸ ਮੌਕੇ ਉੱਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜਿਨਾਂ ਕੋਲ ਲੰਮਾ ਸਮਾਂ ਸਹਿਕਾਰਤਾ ਵਿਭਾਗ ਦਾ ਚਾਰਜ ਰਿਹਾ ਪਰ ਉਨਾਂ ਨੇ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਲਈ ਕੁਝ ਨਹੀਂ ਕੀਤਾ। ਉਨਾਂ ਕਿਹਾ ਕਿ ਬਾਦਲਾਂ ਨੇ ਗੰਨੇ ਦੀਆਂ ਕਿਸਮਾਂ ਉੱਪਰ ਖੋਜ਼ ਨੂੰ ਬੰਦ ਕਰ ਦਿੱਤਾ ਅਤੇ ਇਹੀ ਕਾਰਨ ਹੈ ਕਿ ਪੰਜਾਬ ਕੋਲ ਗੰਨੇ ਦੀਆਂ ਵਧੀਆ ਤੇ ਵੱਧ ਝਾੜ ਵਾਲੀਆਂ ਕਿਸਮਾਂ ਦੀ ਘਾਟ ਹੋ ਗਈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਲਾਨੌਰ ਵਿਖੇ ਗੰਨਾ ਰਿਸਰਚ ਕੇਂਦਰ ਸਥਾਪਤ ਕੀਤਾ ਜਾ ਰਿਹਾ ਹੈ ਜਿਸ ਰਾਹੀਂ ਹੁਣ ਨਵੀਆਂ ਗੰਨੇ ਦੀਆਂ ਕਿਸਮਾਂ ਕਿਸਾਨਾਂ ਨੂੰ ਮਿਲਣਗੀਆਂ। ਉਨਾਂ ਮੁੱਖ ਮੰਤਰੀ ਸ. ਚੰਨੀ ਦਾ ਬਟਾਲਾ ਮਿੱਲ ਦੀ ਸਮਰੱਥਾ ਵਧਾਉਣ ’ਤੇ ਧੰਨਵਾਦ ਕੀਤਾ। ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਵੱਲੋਂ ਬਟਾਲਾ ਖੰਡ ਮਿੱਲ ਦੀ ਸਮਰੱਥਾ ਵਧਾ ਕੇ ਜੋ ਤੋਹਫਾ ਕਿਸਾਨਾਂ ਨੂੰ ਦਿੱਤਾ ਗਿਆ ਹੈ, ਇਸ ਲਈ ਕਿਸਾਨ ਹਮੇਸ਼ਾ ਉਨ੍ਹਾਂ ਨੂੰ ਯਾਦ ਰੱਖਣਗੇ। ਉਨ੍ਹਾਂ ਕਿਹਾ ਕਿ ਚੰਨੀ ਨੇ ਥੋੜ੍ਹੇ ਜਿਹੇ ਅਰਸੇ ’ਚ ਜਿਸ ਤਰ੍ਹਾਂ ਪੰਜਾਬ ਦੀ ਬਿਹਤਰੀ ਵਾਲੇ ਅਤੇ ਲੋਕ-ਪੱਖੀ ਫੈਸਲੇ ਲਏ ਹਨ, ਉਸ ਤੋਂ ਸੂਬੇ ਦੇ ਲੋਕ ਕਹਿਣ ਲੱਗ ਪਏ ਹਨ ਕਿ ‘ਚੰਨੀ ਸਰਕਾਰ, ਚੰਗੀ ਸਰਕਾਰ’। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਚੰਨੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਤੇ ਖੁਸ਼ ਹਨ। ਇਸ ਮੌਕੇ ਉਨ੍ਹਾਂ ਨਾਲ ਉੱਪ ਮੁੱਖ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸ਼ੂਗਰਫੈੱਡ ਪੰਜਾਬ ਦੇ ਚੇਅਰਮੈਨ ਅਮਰੀਕ ਸਿੰਘ ਆਲੀਵਾਲ, ਸਾਬਕਾ ਰਾਜ ਸਭਾ ਮੈਂਬਰ ਭੁਪਿੰਦਰ ਸਿੰਘ ਮਾਨ, ਚੇਅਰਮੈਨ ਅਸ਼ਵਨੀ ਸੇਖੜੀ, ਏ. ਸੀ. ਐੱਸ. ਅਨੁਰਾਗ ਅਗਰਵਾਲ, ਰਜਿਸਟਰਾਰ ਸਹਿਕਾਰੀ ਸਭਾਵਾਂ ਅਰੁਣ ਸੇਖੜੀ, ਐੱਮ. ਡੀ. ਸ਼ੂਗਰਫੈੱਡ ਰਾਜੀਵ ਗੁਪਤਾ, ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ, ਐੱਸ. ਐੱਸ. ਪੀ. ਬਟਾਲਾ ਮੁਖਵਿੰਦਰ ਸਿੰਘ ਭੁੱਲਰ, ਸਹਿਕਾਰੀ ਖੰਡ ਮਿੱਲ ਬਟਾਲਾ ਦੇ ਚੇਅਰਮੈਨ ਸੁਖਵਿੰਦਰ ਸਿੰਘ ਕਾਹਲੋਂ ਤੋਂ ਇਲਾਵਾ ਇਲਾਕੇ ਦੀਆਂ ਪ੍ਰਮੁੱਖ ਹਸਤੀਆਂ ਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
ਕਈ ਸੌ ਕਰੋੜ ਰੁਪਏ ਦੀ ਬੋਗਸ ਬਿਲਿੰਗ ਕਰਨ ਦੇ ਦੋਸ਼ ’ਚ 6 ਖ਼ਿਲਾਫ ਮਾਮਲਾ ਦਰਜ
NEXT STORY