ਚੰਡੀਗੜ੍ਹ : ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਪੁਲਸ ਦੇ ਇੰਸਪੈਕਟਰ ਗੁਰਿੰਦਰ ਸਿੰਘ, ਇੰਚਾਰਜ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐੱਨ.ਟੀ.ਐੱਫ.) ਜ਼ਿਲ੍ਹਾ ਪਟਿਆਲਾ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਸ ਮੁਲਾਜ਼ਮ ਨੂੰ ਪੂਜਾ ਵਾਸੀ ਪਿੰਡ ਰੋਹਟੀ ਪੁੱਲ, ਤਹਿਸੀਲ ਨਾਭਾ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਇੰਸਪੈਕਟਰ ਉਸਦੇ ਪਿਤਾ ਨੂੰ ਤਿੰਨ ਲੱਖ ਰੁਪਏ ਦੀ ਰਿਸ਼ਵਤ ਨਾ ਦੇਣ ਦੀ ਸੂਰਤ ਵਿਚ ਝੂਠੇ ਐੱਨ.ਡੀ.ਪੀ.ਐੱਸ. ਕੇਸ ਵਿਚ ਫਸਾਉਣ ਦੀਆਂ ਧਮਕੀਆਂ ਦੇ ਰਿਹਾ ਸੀ ਪਰ ਸੌਦਾ 1.50 ਲੱਖ ਰੁਪਏ ਵਿਚ ਤਹਿ ਹੋ ਗਿਆ। ਉੱਕਤ ਪੁਲਸ ਮੁਲਾਜ਼ਮ ਨੇ ਐਤਵਾਰ ਨੂੰ 50 ਹਜ਼ਾਰ ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਲਏ ਸਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪੁਲਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ ਇਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਾਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲ ਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
ਕੇਂਦਰੀ ਜੇਲ੍ਹ ’ਚੋਂ ਮਿਲੇ 12 ਮੋਬਾਇਲ
NEXT STORY