ਤਲਵੰਡੀ ਸਾਬੋ(ਮੁਨੀਸ਼)-ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲਹਿਰੀ ਨੇੜੇ ਤਿੰਨ ਲੋਕਾਂ ਵੱਲੋਂ ਮੋਟਰਸਾਈਕਲ ਸਵਾਰ ਇਕ ਵਿਅਕਤੀ ਤੋਂ ਲੁੱਟ-ਖੋਹ ਕਰਨ ਦੇ ਮਾਮਲੇ 'ਚ ਸੀਗੋ ਚੌਕੀ ਪੁਲਸ ਨੇ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ ਜਦੋਂ ਕਿ ਇਕ ਅਜੇ ਵੀ ਪੁਲਸ ਦੀ ਗ੍ਰਿਫਤ ਵਿਚੋਂ ਬਾਹਰ ਹੈ। ਜਾਣਕਾਰੀ ਅਨੁਸਾਰ ਅਤੇ ਦਰਜ ਮਾਮਲੇ ਅਨੁਸਾਰ ਗੁਰਭੇਜ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਫਤਿਆਬਾਦ ਨੇ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਦੋਸ਼ ਲਾਏ ਸਨ ਕਿ 9 ਫਰਵਰੀ ਦੀ ਸ਼ਾਮ ਨੂੰ ਉਹ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ ਕਿ ਪਿੰਡ ਲਹਿਰੀ ਨੇੜੇ ਇਕ ਸਪਲੈਂਡਰ ਮੋਟਰਸਾਈਕਲ ਨੰ. ਪੀ ਬੀ 03 ਏ ਆਰ 5143 'ਤੇ ਸਵਾਰ ਗੁਰਬਿੰਦਰ ਸਿੰਘ, ਸੰਦੀਪ ਸਿੰਘ ਵਾਸੀ ਸੀਗੋ ਅਤੇ ਗਗਨਦੀਪ ਸਿੰਘ ਵਾਸੀ ਸਰਦੂਲਗੜ੍ਹ ਨੇ ਉਸ ਦੇ ਨਾਲ ਮੋਟਰਸਾਈਕਲ ਲਾ ਕੇ ਪਿਸਤੌਲ ਦੀ ਨੋਕ 'ਤੇ ਉਸ ਕੋਲੋਂ 4800 ਰੁਪਏ ਖੋਹ ਲਏ ਅਤੇ ਫਰਾਰ ਹੋ ਗਏ । ਇਸ 'ਤੇ ਸੀਗੋ ਚੌਕੀ ਦੀ ਪੁਲਸ ਨੇ ਗੁਰਭੇਜ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਗੁਰਬਿੰਦਰ ਸਿੰਘ, ਸੰਦੀਪ ਸਿੰਘ ਵਾਸੀ ਸੀਗੋ ਅਤੇ ਗਗਨਦੀਪ ਸਿੰਘ ਵਾਸੀ ਸਰਦੂਲਗੜ੍ਹ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਅੱਜ ਸੀਗੋ ਪੁਲਸ ਨੇ ਨਾਕਾਬੰਦੀ ਦੌਰਾਨ ਬਹਿਮਣ ਰੋਡ 'ਤੇ ਦੋ ਵਿਅਕਤੀਆਂ ਨੂੰ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ । ਫੜੇ ਗਏ ਕਥਿਤ ਦੋਸ਼ੀਆਂ ਤੋਂ ਪੁਲਸ ਨੇ ਇਕ ਪਿਸਤੌਲ, ਦੋ ਕਾਰਤੂਸ ਅਤੇ ਦੋ ਹਜ਼ਾਰ ਰੁਪਏ ਬਰਾਮਦ ਕਰ ਲਏ ਹਨ । ਜਾਂਚ ਅਧਿਕਾਰੀ ਸੀਗੋ ਚੌਕੀ ਇੰਚਾਰਜ ਭੁਪਿੰਦਰਜੀਤ ਸਿੰਘ ਨੇ ਦੱਸਿਆ ਕਿ ਤੀਜੇ ਦੋਸ਼ੀ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਅਧਿਆਪਕਾਂ ਨੇ ਲਾਏ ਤਰੱਕੀਆਂ 'ਚ ਗੜਬੜੀਆਂ ਦੇ ਦੋਸ਼
NEXT STORY