ਚੰਡੀਗੜ੍ਹ : ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਮੰਦਭਾਗਾ ਦੱਸਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮਹਿਕਮੇ ਦੀ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਪੰਜਾਬ ਪੁਲਸ ਇਸ ਸਮੁੱਚੇ ਕੇਸ ਨੂੰ ਹੱਲ ਕਰਨ 'ਚ ਸਮਰੱਥ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਮਾਮਲੇ ਦੀ ਜਾਂਚ ਕਰਨ ਤੇ ਮੁਲਜ਼ਮਾਂ ਨੂੰ ਕਾਨੂੰਨ ਦੇ ਘੇਰੇ 'ਚ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਆਬਕਾਰੀ ਮਹਿਕਮੇ ਤੇ ਪੁਲਸ ਦੇ 13 ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
ਅਰੁਣਾ ਚੌਧਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੁਲਸ ਨੂੰ ਨਿਰਦੇਸ਼ ਦਿੱਤੇ ਹਨ ਕਿ ਸੂਬੇ 'ਚ ਜੇ ਕਿਤੇ ਨਕਲੀ ਸ਼ਰਾਬ ਬਣਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇ ਅਤੇ ਹੁਣ ਤੱਕ ਸੂਬੇ ਭਰ 'ਚ 100 ਤੋਂ ਵੱਧ ਥਾਵਾਂ 'ਤੇ ਛਾਪੇ ਮਾਰੇ ਗਏ ਹਨ। ਦਿੱਲੀ ਦੇ ਮੁੱਖ ਮੰਤਰੀ ਵੱਲੋਂ ਇਸ ਮਾਮਲੇ ਦੀ ਸੀ. ਬੀ. ਆਈ. ਜਾਂਚ ਦੀ ਮੰਗ ਬਾਰੇ ਉਨ੍ਹਾਂ ਕਿਹਾ ਕਿ ਇਹ ਮੰਗ ਸਿਰਫ਼ ਸਿਆਸੀ ਢਕਵੰਜ ਹੈ, ਜਦੋਂ ਕਿ ਪੰਜਾਬ ਪੁਲਸ ਇਸ ਤਰ੍ਹਾਂ ਦੇ ਵੱਡੀ ਗਿਣਤੀ ਕੇਸ ਹੱਲ ਕਰਨ ਦਾ ਤਜ਼ਰਬਾ ਰੱਖਦੀ ਹੈ।
ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਸੂਬੇ 'ਚ ਅਜਿਹੇ ਮਾਫ਼ੀਆ ਨੂੰ ਨੱਥ ਪਾਉਣ ਲਈ ਲੋੜੀਂਦੇ ਕਦਮ ਚੁੱਕੇ ਹਨ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਸ ਮਾਮਲੇ ਦੇ ਹਰੇਕ ਮ੍ਰਿਤਕ ਦੇ ਪਰਿਵਾਰ ਲਈ 2-2 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਸ਼ਰਾਬ ਕੱਢਣ ਤੇ ਤਸਕਰੀ ਕਰਨ ਵਾਲੇ ਸਾਰੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਪੁਲਸ ਤੇ ਆਬਕਾਰੀ ਮਹਿਕਮੇ ਦੇ 13 ਅਧਿਕਾਰੀਆਂ ਨੂੰ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਗਿਆ ਹੈ। ਸਰਕਾਰ ਨੇ ਮੈਜਿਸਟਰੇਟੀ ਜਾਂਚ ਲਈ ਕਮਿਸ਼ਨ ਬਣਾ ਕੇ ਇਕ ਮਹੀਨੇ ਅੰਦਰ ਰਿਪੋਰਟ ਦੇਣ ਲਈ ਕਿਹਾ ਹੈ। ਕੈਬਨਿਟ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਘਟਨਾ ਦੇ ਜ਼ਿੰਮੇਵਾਰ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਵੱਡੇ-ਵੱਡੇ ਭਲਵਾਨਾਂ ਨੂੰ ਮਾਤ ਪਾ ਰਿਹੈ 75 ਸਾਲਾ 'ਨਿਹੰਗ ਸਿੰਘ', ਕਾਰਨਾਮੇ ਕਰ ਦੇਣਗੇ ਹੈਰਾਨ
NEXT STORY