ਪਟਿਆਲਾ/ਚੰਡੀਗੜ੍ਹ (ਬਲਜਿੰਦਰ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪੁਲਸ ਚੌਕੀ ਰਾਮਨਗਰ, ਥਾਣਾ ਸਦਰ ਪਟਿਆਲਾ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪਲਵਿੰਦਰ ਸਿੰਘ ਅਤੇ ਪੰਜਾਬ ਹੋਮ ਗਾਰਡ ਦੇ ਵਲੰਟੀਅਰ ਸੱਤਿਆਭਾਨ ਨੂੰ 10,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਸ ਮੁਲਾਜ਼ਮਾਂ ਨੂੰ ਰਣਧੀਰ ਸਿੰਘ ਵਾਸੀ ਚੀਕਾ, ਹਰਿਆਣਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਪੁਲਸ ਮੁਲਾਜ਼ਮਾਂ ਨੇ ਉਸ ਦੇ ਤਿੰਨ ਟਰੱਕਾਂ ਨੂੰ ਬੇਰੋਕ-ਟੋਕ ਪੰਜਾਬ ਵਿਚ ਦਾਖਲ ਹੋਣ ਦੇਣ ਲਈ ਹਰੇਕ ਮਹੀਨੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਵਾਂ ਪੁਲਸ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਪੰਜਾਬ ਸਰਕਾਰ ਮਾਲੇਰਕੋਟਲਾ 'ਚ ਵਿਕਾਸ ਕਾਰਜਾਂ ‘ਤੇ 7.80 ਕਰੋੜ ਕਰੇਗੀ ਖ਼ਰਚ
NEXT STORY