ਮਾਛੀਵਾੜਾ ਸਾਹਿਬ (ਟੱਕਰ) : ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫ਼ਦ ਜੋ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕੈਨੇਡਾ ਵੱਸਦੇ ਪੰਜਾਬੀਆਂ ਨੂੰ ਲਾਮਬੰਦ ਕਰਨ ਲਈ ਪੁੱਜਾ ਹੈ, ਅੱਜ ਉਸਨੇ ਬਰੈਂਪਟਨ ਸ਼ਹਿਰ ਵਿਚ ਇਕ ਪ੍ਰੈੱਸ ਕਾਨਫਰੰਸ ਕੀਤੀ। ਪ੍ਰੈੱਸ ਕਾਨਫਰੰਸ ਦੌਰਾਨ ਵਫ਼ਦ ਦੇ ਮੁੱਖ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਨੇਡਾ ਦੀ ਧਰਤੀ ’ਤੇ ਮੀਟਿੰਗਾਂ ਦੌਰਾਨ ਇੱਥੇ ਵੱਸਦੇ ਪੰਜਾਬੀ ਭਾਈਚਾਰੇ ਦਾ ਭਰਵਾਂ ਸਮਰਥਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਵਿਚ ਵੱਸਦੇ ਪੰਜਾਬੀ ਜਿਨ੍ਹਾਂ ਨੇ 2022 ਦੀਆਂ ਚੋਣਾਂ ਵਿਚ ‘ਆਪ’ ਸਰਕਾਰ ਬਣਾ ਕੇ ਗਲਤੀ ਕੀਤੀ ਸੀ ਹੁਣ ਉਸ ਨੂੰ ਸੁਧਾਰਨ ਲਈ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਤਤਪਰ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇੱਥੇ ਵੱਸਦੇ ਪੰਜਾਬੀ ਭਾਈਚਾਰੇ ਨੇ ਉਨ੍ਹਾਂ ਅੱਗੇ ਜੋ ਮੰਗਾਂ ਰੱਖੀਆਂ ਹਨ ਉਸ ਵਿਚ ਪੰਜਾਬ ਅੰਦਰ ਰਹੇ ਭ੍ਰਿਸ਼ਟਾਚਾਰ ਦੀ ਗੂੰਜ ਇੱਥੇ ਵੀ ਸੁਣਾਈ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਕੈਨੇਡਾ ਵਿਚ ਵੱਸਦੇ ਪੰਜਾਬੀ ਭਾਈਚਾਰਾ ਹੈਰਾਨ ਹੈ ਕਿ ਪੰਜਾਬ ਵਿਚ ਭ੍ਰਿਸ਼ਟਾਚਾਰ ਮੁਕਤ ਹੋਣ ਦਾ ਸੰਦੇਸ਼ ਦੇਣ ਵਾਲੀ ਸਰਕਾਰ ਵਿਚ ਭ੍ਰਿਸ਼ਟਾਚਾਰ ਇੱਥੋਂ ਤੱਕ ਵਧ ਚੁੱਕਾ ਹੈ ਕਿ ਇਸ ਦੇ ਮੰਤਰੀ ਤੇ ਵਿਧਾਇਕ ਵੀ ਗ੍ਰਿਫ਼ਤਾਰ ਹੋ ਚੁੱਕੇ ਹਨ ਅਤੇ ਜਦੋਂ ਉਹ ਪੰਜਾਬ ਜਾਂਦੇ ਹਨ ਤਾਂ ਉੱਥੇ ਦਫ਼ਤਰਾਂ ਵਿਚ ਬੈਠੀ ਅਫ਼ਸਰਸ਼ਾਹੀ ਬਿਨ੍ਹਾਂ ਪੈਸਿਆਂ ਤੋਂ ਕੰਮ ਨਹੀਂ ਕਰਦੀ। ਮਿੱਡੂਖੇੜਾ ਨੇ ਕਿਹਾ ਕਿ ਜਦੋਂ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣੇਗੀ ਤਾਂ ਸਭ ਤੋਂ ਪਹਿਲਾਂ ਭ੍ਰਿਸ਼ਟਾਚਾਰ ਖਤਮ ਹੋਵੇਗਾ ਅਤੇ ਨਾਲ ਹੀ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਦੇ ਕੰਮ ਦਫ਼ਤਰਾਂ ਵਿਚ ਪਹਿਲ ਦੇ ਅਧਾਰ ’ਤੇ ਹੋਣਗੇ। ਮਿੱਡੂਖੇੜਾ ਨੇ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਜਾਇਦਾਦਾਂ ਨੂੰ ‘ਆਪ’ ਸਰਕਾਰ ਨੇ ਸੁਰੱਖਿਅਤ ਤਾਂ ਕੀ ਕਰਨਾ ਸੀ ਬਲਕਿ ਇਨ੍ਹਾਂ ਦੇ ਵਿਧਾਇਕ ਹੀ ਕਬਜੇ ਕਰਨ ਲੱਗ ਪਏ ਹਨ ਜਿਸ ਕਾਰਨ ਇੱਥੇ ਵੱਸਦੇ ਪੰਜਾਬੀਆਂ ਵਿਚ ਸਰਕਾਰ ਪ੍ਰਤੀ ਭਾਰੀ ਨਿਰਾਸ਼ਾ ਦੇਖਣ ਨੂੰ ਮਿਲੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੇ 10 ਸਾਲਾਂ ਰਾਜ ਦੌਰਾਨ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਦੀਆਂ ਜਾਇਦਾਦਾਂ ਨੂੰ ਸੁਰੱਖਿਅਤ ਰੱਖਣ ਲਈ ਕਾਨੂੰਨ ਬਣਾਏ ਗਏ ਅਤੇ ਹੁਣ ਵੀ ਸਰਕਾਰ ਬਣਨ ’ਤੇ ਜੇਕਰ ਕੋਈ ਜਾਇਦਾਦ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰੇਗੀ ਤਾਂ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਮਿੱਡੂਖੇੜਾ ਨੇ ਕਿਹਾ ਕਿ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਭਾਈਚਾਰੇ ਵਿਚ ਪੰਜਾਬ ਪ੍ਰਤੀ ਦਰਦ ਹੈ, ਇਸ ਲਈ ਉਨ੍ਹਾਂ ਨੇ ਵਾਅਦਾ ਕੀਤਾ ਹੈ ਕਿ ਉਹ 2027 ਵਿਚ ਅਕਾਲੀ ਸਰਕਾਰ ਬਣਾਉਣਗੇ। ਇਸ ਮੌਕੇ ਗੁਰਪ੍ਰੀਤ ਸਿੰਘ ਝੱਬਰ, ਸਤਿੰਦਰਪਾਲ ਸਿੰਘ ਢੱਤ, ਹਰਜਾਪ ਸਿੰਘ ਸੰਘਾ, ਜਸਪ੍ਰੀਤ ਸਿੰਘ ਮਾਹਲਾ, ਐਡਵੋਕੇਟ ਰਾਜਕੰਵਲ ਸਿੰਘ, ਸਾਬਕਾ ਮੇਅਰ ਬੀਬੀ ਹਰਜਿੰਦਰ ਕੌਰ ਵੀ ਮੌਜੂਦ ਸਨ।
ਅੱਗ ਵਰ੍ਹਾਊ ਗਰਮੀ ਵਿਚਾਲੇ ਪੰਜਾਬੀਆਂ ਲਈ ਰਾਹਤ ਭਰੀ ਖ਼ਬਰ, ਲਹਿਰਾ ਥਰਮਲ ਪਲਾਂਟ ਦਾ ਇਕ ਯੂਨਿਟ ਚਾਲੂ
NEXT STORY