ਕੁਰਾਲੀ (ਬਠਲਾ) : ਪ੍ਰੇਮ ਸਬੰਧਾਂ ਦੀ ਰੰਜਿਸ਼ ਨੂੰ ਲੈ ਕੇ ਇਕ ਨੌਜਵਾਨ ਵੱਲੋਂ ਆਪਣੀ ਭੈਣ ਦੇ ਪ੍ਰੇਮੀ ਦੇ ਪਰਿਵਾਰ ’ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਸ਼ਹਿਰ ਦੇ ਰੂਪਨਗਰ ਰੋਡ ’ਤੇ ਵਾਪਰੀ ਇਸ ਵਾਰਦਾਤ ਦੌਰਾਨ ਤੇਜ਼ਧਾਰ ਹਥਿਆਰ ਨਾਲ ਕੀਤੇ ਹਮਲੇ ’ਚ ਇਕ ਔਰਤ ਦੀ ਮੌਤ ਹੋ ਗਈ, ਜਦੋਂ ਕਿ ਉਸ ਦਾ ਪਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਥਾਣਾ ਸਿਟੀ ਪੁਲਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਦੁਪਹਿਰ ਰੂਪਨਗਰ ਰੋਡ ’ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਸੋਨੂੰ ਨਾਂ ਦਾ ਨੌਜਵਾਨ ਤੇਜ਼ਧਾਰ ਹਥਿਆਰ ਲੈ ਕੇ ਓਮ ਨਾਥ ਦੇ ਘਰ ਪਹੁੰਚਿਆ ਅਤੇ ਉੱਥੇ ਮੌਜੂਦ ਪਰਿਵਾਰਕ ਮੈਂਬਰਾਂ ’ਤੇ ਹਮਲਾ ਕਰ ਦਿੱਤਾ। ਪੁਲਸ ਅਨੁਸਾਰ ਓਮ ਨਾਥ ਦਾ ਪੁੱਤਰ ਬਿੱਟੂ ਅਤੇ ਸੋਨੂੰ ਦੀ ਭੈਣ ਨੀਰਜ ਆਪਸ ’ਚ ਦੋਸਤ ਹਨ ਅਤੇ ਨੀਰਜ ਘਟਨਾ ਸਮੇਂ ਓਮ ਨਾਥ ਦੇ ਘਰ ਆਈ ਹੋਈ ਸੀ। ਜਦ ਸੋਨੂੰ ਨੂੰ ਆਪਣੀ ਭੈਣ ਦੇ ਉੱਥੇ ਹੋਣ ਬਾਰੇ ਪਤਾ ਲੱਗਾ ਤਾਂ ਉਹ ਗੁੱਸੇ ’ਚ ਓਮ ਨਾਥ ਦੇ ਘਰ ਪਹੁੰਚ ਗਿਆ। ਦੱਸਿਆ ਜਾ ਰਿਹਾ ਹੈ ਕਿ ਘਰ ਪਹੁੰਚਦਿਆਂ ਹੀ ਮੁਲਜ਼ਮ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।
ਪੁਲਸ ਮੁਤਾਬਕ ਸੋਨੂੰ ਨੇ ਸਭ ਤੋਂ ਪਹਿਲਾਂ ਬਿੱਟੂ ਦੀ ਮਾਂ ਸਰੋਜ ਰਾਣੀ ਦੀ ਵੱਖੀ ’ਚ ਚਾਕੂ ਮਾਰਿਆ, ਜਿਸ ਕਾਰਨ ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ। ਆਪਣੀ ਪਤਨੀ ਨੂੰ ਬਚਾਉਣ ਲਈ ਜਦੋਂ ਓਮ ਨਾਥ ਅੱਗੇ ਆਇਆ ਤਾਂ ਮੁਲਜ਼ਮ ਨੇ ਉਸ ’ਤੇ ਵੀ ਹਮਲਾ ਕਰ ਦਿੱਤਾ ਅਤੇ ਉਸ ਨੂੰ ਚਾਕੂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਵਾਰਦਾਤ ਤੋਂ ਬਾਅਦ ਮੁਲਜ਼ਮ ਸੋਨੂੰ ਮੌਕੇ ਤੋਂ ਫ਼ਰਾਰ ਹੋ ਗਿਆ। ਪਰਿਵਾਰਕ ਮੈਂਬਰਾਂ ਤੇ ਹੋਰ ਲੋਕਾਂ ਵੱਲੋਂ ਦੋਵੇਂ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਹਾਲਾਂਕਿ ਸਰੋਜ ਰਾਣੀ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਹ ਜ਼ਖ਼ਮਾਂ ਦੀ ਤਾਬ ਨਾ ਸਹਾਰ ਸਕੀ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉੱਥੇ ਹੀ ਓਮ ਨਾਥ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਮੁੱਢਲੇ ਇਲਾਜ ਤੋਂ ਬਾਅਦ ਮੋਹਾਲੀ ਦੇ ਫੇਜ਼-6 ਸਥਿਤ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਪੁਲਸ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਪੁਲਸ ਵੱਲੋਂ ਵਾਰਦਾਤ ਨਾਲ ਜੁੜੇ ਤੱਥਾਂ ਅਤੇ ਘਟਨਾ ਦੇ ਕਾਰਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਪੁਲਸ ਨੇ ਆਸ-ਪਾਸ ਦੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਹੈ ਤੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਸੰਭਾਵਿਤ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਥਾਣਾ ਸਿਟੀ ਦੇ ਐੱਸ. ਐੱਚ. ਓ. ਹਰਸ਼ ਮੋਹਨ ਗੌਤਮ ਨੇ ਦੱਸਿਆ ਕਿ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਮੁਲਜ਼ਮ ਸੋਨੂੰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਆਪਣੀ ਭੈਣ ਤੇ ਓਮ ਨਾਥ ਦੇ ਪੁੱਤਰ ਵਿਚਕਾਰ ਪ੍ਰੇਮ ਸਬੰਧਾਂ ਦੇ ਸ਼ੱਕ/ਰੰਜਿਸ਼ ਨੂੰ ਲੈ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਐੱਸ. ਐੱਚ. ਓ. ਨੇ ਸਰੋਜ ਰਾਣੀ ਦੀ ਮੌਤ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮੁਲਜ਼ਮ ਦੀ ਭਾਲ ਜਾਰੀ ਹੈ ਅਤੇ ਉਸ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਪੁਲਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਜਾਂਚ ਦੌਰਾਨ ਘਟਨਾ ਨਾਲ ਸਬੰਧਿਤ ਹਰ ਪਹਿਲੂ ਨੂੰ ਖੰਗਾਲਿਆ ਜਾ ਰਿਹਾ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਹਮਲੇ ਦੇ ਪੂਰੇ ਕਾਰਨਾਂ ਅਤੇ ਘਟਨਾ ਦੇ ਕ੍ਰਮ ਬਾਰੇ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।
ਲੱਕੜ ਦੇ ਕੰਮ ਲਈ ਆਏ ਨੌਜਵਾਨ ’ਤੇ 5 ਲੱਖ ਚੋਰੀ ਦਾ ਦੋਸ਼, ਮਾਮਲਾ ਦਰਜ
NEXT STORY